ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਕੇਂਦਰ ਖ਼ਿਲਾਫ਼ ਰੋਸ ਮਾਰਚ

ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਕੇਂਦਰ ਖ਼ਿਲਾਫ਼ ਰੋਸ ਮਾਰਚ

ਸੰਗਰੂਰ ’ਚ ਜਮਹੂਰੀ ਅਧਿਕਾਰ ਸਭਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕਰਦੇ ਹੋਏ ਜਥੇਬੰਦੀਆਂ ਦੇ ਕਾਰਕੁਨ।

ਗੁਰਦੀਪ ਸਿੰਘ ਲਾਲੀ
ਸੰਗਰੂਰ, 22 ਸਤੰਬਰ

ਭਾਰਤ ਵਿੱਚ ਜਮਹੂਰੀ ਅਧਿਕਾਰਾਂ ਦੀਆਂ ਜਥੇਬੰਦੀਆਂ ਦੇ ਤਾਲਮੇਲ ਕੇਂਦਰ( ਸੀ.ਡੀ.ਆਰ.ਓ) ਦੇ ਸੱਦੇ ’ਤੇ ਜਮਹੂਰੀ ਅਧਿਕਾਰ ਸਭਾ ਦੀ ਅਗਵਾਈ ਵਿੱਚ ਵੱਖ ਵੱਖ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਲੋਕ ਵਿਰੋਧੀ ਫੈਸਲਿਆਂ ਖ਼ਿਲਾਫ਼ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ। ਇਸ ਤੋਂ ਪਹਿਲਾਂ ਬਨਾਸਰ ਬਾਗ ਵਿੱਚ ਰੋਸ ਰੈਲੀ ਦੌਰਾਨ ਬੁਲਾਰਿਆਂ ਵੱਲੋਂ ਘੱਟ ਗਿਣਤੀਆਂ, ਬੁੱਧੀਜੀਵੀਆਂ, ਜਮਹੂਰੀ ਕਾਰਕੁੰਨਾਂ, ਲੇਖਕਾਂ, ਵਕੀਲਾਂ ਅਤੇ ਸਮਾਜਿਕ ਕਾਰਕੁੰਨਾਂ ਦੀ ਆਵਾਜ਼ ਨੂੰ ਦਬਾਉਣ ਲਈ ਕੀਤੇ ਜਾ ਰਹੇ ਜਬਰ ਵਿਰੁੱਧ ਕੇਂਦਰ ਸਰਕਾਰ ਦੀ ਸਖਤ ਅਲੋਚਨ ਕੀਤੀ ਗਈ। ਰੋਸ ਮਾਰਚ ਮਗਰੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਨਾਮਦੇਵ ਸਿੰਘ ਭੂਟਾਲ ਦੀ ਅਗਵਾਈ ਹੇਠ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਆਗੂ ਸਵਰਨਜੀਤ ਸਿੰਘ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਬਲਜੀਤ ਸਿੰਘ ਨਮੋਲ, ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਬਿਕਰ ਸਿੰਘ ਹਥੋਆ ਅਤੇ  ਏ. ਆਈ.ਐਫ.ਡੀ.ਵਾਈ. ਦੇ ਆਗੂ ਕਿਰਨਜੀਤ ਸਿੰਘ ਸੇਖੋਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਭੀਮਾ ਕੋਰੇਗਾਉਂ ਅਤੇ ਦਿੱਲੀ ਹਿੰਸਾ ਦੇ ਮਾਮਲਿਆਂ ਵਿੱਚ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਦੱਬੇ-ਕੁਚਲੇ ਲੋਕਾਂ ਲਈ ਸੰਘਰਸ਼ਸ਼ੀਲ, ਲੇਖਕਾਂ , ਵਕੀਲਾਂ, ਸਮਾਜਿਕ ਕਾਰਕੁੰਨਾਂ ਅਤੇ ਬੁੱਧੀਜੀਵੀਆਂ ਨੂੰ ਗੈਰ- ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਦੀਆਂ ਸੰਗੀਨ ਧਾਰਾਵਾਂ ਤਹਿਤ ਜੇਲ੍ਹਾਂ ਵਿੱਚ ਬੰਦ ਕੀਤਾ ਹੋਇਆ ਹੈ। ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੇ ਲੋਕਾਂ ਦੀ ਸਹਾਇਤਾ ਕਰਨ ਵਾਲੇ ਜਾਮੀਆ ਮਾਲੀਆ ਯੂਨੀਵਰਸਿਟੀ, ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਆਗੂਆਂ, ਪਿੰਜਰਾ ਤੋੜ ਜਥੇਬੰਦੀ ਦੀਆਂ ਨੌਜਵਾਨ ਲੜਕੀਆਂ ਤੇ ਪ੍ਰੋਫੈਸਰਾਂ ਅਤੇ ਸਮਾਜਿਕ ਕਾਰਜਕਰਤਾਵਾਂ ਨੂੰ ਦਿੱਲੀ ਹਿੰਸਾ ਦੇ ਸਾਜਸ਼ਘਾੜੇ ਕਹਿ ਕੇ ਯੂਏਪੀਏ ਅਧੀਨ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਹੈ ਜਾਂ ਚਾਰਜਸ਼ੀਟ ਕਰ ਦਿੱਤਾ ਹੈ। ਜੇਲ੍ਹਾਂ ਵਿੱਚ ਬੰਦ ਬਜ਼ੁਰਗ, ਅੰਗਹੀਣ ਬੁੱਧੀਜੀਵੀਆਂ ਨਾਲ ਅਣਮਨੁੱਖੀ ਵਿਵਹਾਰ ਕੀਤਾ ਜਾ ਰਿਹਾ ਹੈ। ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਰਛਪਿੰਦਰ ਜਿੰਮੀ, ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ, ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ ਦੇ ਆਗੂ ਦਾਤਾ ਸਿੰਘ ਨਮੋਲ, ਤਰਕਸ਼ੀਲ ਸੁਸਾਇਟੀ ਦੇ ਆਗੂ ਜੁਝਾਰ ਸਿੰਘ ਲੌਂਗੋਵਾਲ ਅਤੇ ਮਾਸਟਰ ਪਰਮਵੇਦ, ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂ ਕੁਲਦੀਪ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਦੇਸ਼ ਵਿਚ ਆਰਐਸਐਸ ਦੇ ਏਜੰਡਿਆਂ ਨੂੰ ਲਾਗੂ ਕਰਨ ਲਈ ਐਨਆਰਸੀ ਕਰਵਾਉਣ ਦਾ ਫੈਸਲਾ ਕਰਕੇ ਘੱਟ ਗਿਣਤੀਆਂ, ਦਲਿਤਾਂ, ਔਰਤਾਂ ਅਤੇ ਆਦਿਵਾਸੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਕਿਰਤ ਕਾਨੂੰਨਾਂ ਵਿੱਚ ਸੋਧਾਂ ਕਰਕੇ ਅਤੇ ਕਿਸਾਨਾਂ ਵਿਰੋਧੀ ਕਾਨੂੰਨ ਪਾਸ ਕਰਕੇ, ਕਾਰਪੋਰੇਟ ਘਰਾਣਿਆਂ ਨੂੰ ਜ਼ਮੀਨਾਂ ਹੜੱਪਣ ਅਤੇ ਸ਼ੋਸ਼ਣ ਕਰਨ ਦੀ ਖੁੱਲ੍ਹ ਦਿੱਤੀ ਗਈ ਹੈ। ਰੋਸ ਮਾਰਚ ਵਿੱਚ ਜਮਹੂਰੀ ਕਿਸਾਨ ਸਭਾ ਦੇ ਆਗੂ ਸਰਵਜੀਤ ਸਿੰਘ ਨੌਜਵਾਨ ਭਾਰਤ ਸਭਾ ਦੇ ਆਗੂ ਰੁਪਿੰਦਰ ਚੌਂਦਾ, ਪੀਐਸਯੂ ਦੇ ਆਗੂ ਸੁਖਦੀਪ ਸਿੰਘ ਹਥਨ ਤੋ ਇਲਾਵਾ ਸੁਖਦੇਵ ਸ਼ਰਮਾ, ਮਨਧੀਰ ਸਿੰਘ, ਮੀਤ ਖੱਟੜਾ, ਨੈਬ ਸਿੰਘ ਦੜ੍ਹਿਬਾ, ਜਗਦੀਸ਼ ਪਾਪੜਾ, ਜਗਜੀਤ ਭੁਟਾਲ, ਅਮਰੀਕ ਸਿੰਘ ਖੋਖਰ ਆਦਿ ਸ਼ਾਮਲ ਸਨ।   

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All