ਜਨਤਕ ਜਥੇਬੰਦੀਆਂ ਵੱਲੋਂ ਅਰਥੀ ਫੂਕ ਮੁਜ਼ਾਹਰਾ
ਵੱਖ-ਵੱਖ ਜਨਤਕ ਜਥੇਬੰਦੀਆਂ ਨੇ ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ ਵਿੱਚ ਸੀ ਪੀ ਆਈ ਮਾਓਵਾਦੀ ਦੇ ਆਗੂ ਮਾੜਵੀ ਹਿੜਮਾ ਤੇ ਹੋਰਾਂ ਦੇ ਪੁਲੀਸ ਮੁਕਾਬਲਿਆਂ ਖ਼ਿਲਾਫ਼ ਸ਼ਹਿਰ ਵਿੱਚ ਰੋਸ ਮਾਰਚ ਕੀਤਾ। ਪ੍ਰਦਰਸ਼ਨਕਾਰੀਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੁੱਜ ਕੇ ਕੇਂਦਰ ਸਰਕਾਰ ਦੀ ਅਰਥੀ ਫੂਕੀ।
ਜਥੇਬੰਦੀਆਂ ਦੇ ਕਾਰਕੁਨ ਸਥਾਨਕ ਗਦਰ ਮੈਮੋਰੀਅਲ ਭਵਨ ਵਿੱਚ ਇਕੱਠੇ ਹੋਏ, ਜਿੱਥੋਂ ਰੋਸ ਮਾਰਚ ਕਰਦਿਆਂ ਡੀ ਸੀ ਦਫ਼ਤਰ ਅੱਗੇ ਪੁੱਜ ਕੇ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਬਿੱਕਰ ਸਿੰਘ ਹਥੋਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰੀ ਹਕੂਮਤ ਆਦਿਵਾਸੀਆਂ ਦੀਆਂ ਸਮੱਸਿਆਵਾਂ ਨੂੰ ਸਮਝਣ ਤੇ ਹੱਲ ਕਰਨ ਦੀ ਬਜਾਏ ਜਲ, ਜੰਗਲ, ਜ਼ਮੀਨ ਕਾਰਪੋਰੇਟ ਘਰਾਣਿਆਂ ਤੋਂ ਬਚਾਉਣ ਲਈ ਸੰਘਰਸ਼ ਕਰ ਰਹੇ ਇਨਕਲਾਬੀਆਂ ਮਾਓਵਾਦੀਆਂ, ਆਦਿਵਾਸੀਆਂ ਦੀ ਆਵਾਜ਼ ਨੂੰ ਪੁਲੀਸ ਮੁਕਾਬਲਿਆਂ ਰਾਹੀਂ ਕੁਚਲਣਾ ਚਾਹੁੰਦੀ ਹੈ। ਆਗੂਆਂ ਨੇ ਮੰਗ ਕੀਤੀ ਕਿ ਗ੍ਰਿਫ਼ਤਾਰ ਕੀਤੇ ਗਏ ਆਦਿਵਾਸੀਆਂ, ਮਾਓਵਾਦੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ, ਪੁਲੀਸ ਮੁਕਾਬਲਿਆਂ ਦੀ ਨਿਆਂਇਕ ਜਾਂਚ ਕਰਵਾਈ ਜਾਵੇ ਅਤੇ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੀਤਾ ਜਾਵੇ, ਦੇਸੀ ਅਤੇ ਵਿਦੇਸ਼ੀ ਕੰਪਨੀਆਂ ਨਾਲ ਕੀਤੇ ਗੁਪਤ ਸਮਝੌਤੇ ਜਨਤਕ ਕਰਕੇ ਰੱਦ ਕੀਤੇ ਜਾਣ ਅਤੇ ਅਪਰੇਸ਼ਨ ਕਗਾਰ ਬੰਦ ਕੀਤਾ ਜਾਵੇ। ਉਨ੍ਹਾਂ ਕਸ਼ਮੀਰ ਟਾਈਮਜ਼ ਦੇ ਦਫ਼ਤਰ ’ਚ ਮਾਰੇ ਛਾਪਿਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਹੈ।
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਰੁਪਿੰਦਰ ਸਿੰਘ ਚੌਂਦਾ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੁਖਦੀਪ ਸਿੰਘ ਹਥਨ, ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੁਖਵਿੰਦਰ ਗਿਰ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਗੁਰਚਰਨ ਸਿੰਘ ਘਰਾਚੋਂ ਨੇ ਸੰਬੋਧਨ ਕੀਤਾ।
