ਜਨਤਕ ਜਥੇਬੰਦੀਆਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ
ਜਮਹੂਰੀ ਅਧਿਕਾਰ ਸਭਾ ਦੀ ਜ਼ਿਲ੍ਹਾ ਇਕਾਈ ਦੀ ਅਗਵਾਈ ਹੇਠ ਵੱਖ-ਵੱਖ ਜਨਤਕ, ਜਮਹੂਰੀ, ਮਜ਼ਦੂਰ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ ਦੇਸ਼ ਵਿੱਚ ਲੋਕਤੰਤਰ ਦੇ ਹੋ ਰਹੇ ਘਾਣ ’ਤੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ। ਇਸ ਤੋਂ ਪਹਿਲਾਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦੀ ਅਹਿਮ ਮੀਟਿੰਗ ਸਥਾਨਕ ਕਾਮਰੇਡ ਤੇਜਾ ਸਿੰਘ ਸੁਤੰਤਰ ਭਵਨ ਵਿੱਚ ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਭੂਟਾਲ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਸੂਬਾ ਆਗੂ ਸਵਰਨਜੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਹਕੂਮਤਾਂ ਵੱਲੋਂ ਕੀਤੇ ਜਾ ਰਹੇ ਧੱਕੇ ਅਤੇ ਜਬਰ ਖ਼ਿਲਾਫ਼ ਵਿਚਾਰ-ਚਰਚਾ ਕੀਤੀ ਗਈ। ਇਸ ਮਗਰੋਂ ਦਿੱਲੀ-ਲੁਧਿਆਣਾ ਰਾਜ ਮਾਰਗ-11 ’ਤੇ ਸਥਿਤ ਭਗਵਾਨ ਮਹਾਂਵੀਰ ਚੌਕ ਤੱਕ ਰੋਸ ਮਾਰਚ ਕਰਦਿਆਂ ਕੇਂਦਰ ਤੇ ਰਾਜ ਸਰਕਾਰਾਂ ਖ਼ਿਲਾਫ਼ ਮੁਜ਼ਾਹਰਾ ਕੀਤਾ। ਇਸ ਦੌਰਾਨ ਆਗੂਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਲੱਦਾਖ ਖੇਤਰ ਦੇ ਮੁੱਦਿਆਂ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਸੋਨਮ ਵਾਂਗਚੂਕ ’ਤੇ ਐੱਨ ਐੱਸ ਏ ਲਗਾ ਕੇ ਜੇਲ੍ਹ ਵਿੱਚ ਬੰਦ ਕਰਨਾ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ’ਤੇ ਅਣਐਲਾਨੀ ਬੰਦਿਸ਼ ਲਾਉਣਾ ਤੋਂ ਇਲਾਵਾ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ’ਤੇ ਹੁੰਦੇ ਰੋਜ਼ਾਨਾ ਜਬਰ ਅਤੇ ਲਾਠੀਚਾਰਜ ਨੂੰ ਲੋਕਤੰਤਰ ਦਾ ਘਾਣ ਕਰਾਰ ਦਿੱਤਾ ਗਿਆ। ਉਨ੍ਹਾਂ ਨੇ ਸੋਨਮ ਵਾਂਗਚੁਕ ਨੂੰ ਤੁਰੰਤ ਰਿਹਾਅ ਕਰਨ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ’ਤੇ ਪਾਬੰਦੀ ਹਟਾਉਣ ਅਤੇ ਚੀਫ਼ ਜਸਟਿਸ ਖ਼ਿਲਾਫ਼ ਜੁੱਤੀ ਸੁੱਟਣ ਵਾਲੇ ਵਕੀਲ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਮੀਟਿੰਗ ਵਿੱਚ ਗੁਰੂ ਤੇਗ ਬਹਾਦਰ ਦੀ ਜਮਹੂਰੀਅਤ ਲਈ ਦਿੱਤੀ ਕੁਰਬਾਨੀ ਦੇ 350 ਸਾਲਾ ਅਤੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਸਰਕਾਰੀ ਜਬਰ ਖ਼ਿਲਾਫ਼ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਸਭਾ ਦੇ ਮੀਤ ਪ੍ਰਧਾਨ ਬਸੇਸਰ ਰਾਮ, ਸਕੱਤਰ ਕੁਲਦੀਪ ਸਿੰਘ, ਵਿੱਤ ਸਕੱਤਰ ਮਨਧੀਰ ਸਿੰਘ ਰਾਜੋਮਾਜਰਾ, ਜੁਆਇੰਟ ਸਕੱਤਰ ਕੁਲਵਿੰਦਰ ਬੰਟੀ, ਡੀਟੀਐਫ਼ (ਦਿਗਵਿਜੈ ਸਬੰਧਤ) ਦੇ ਦਾਤਾ ਸਿੰਘ ਨਮੋਲ, ਡੀਟੀਐਫ਼ ਦੇ ਸੁਖਵਿੰਦਰ ਗਿਰ, ਦੇਸ਼ ਭਗਤ ਯਾਦਗਾਰ ਦੇ ਬਲਬੀਰ ਲੌਂਗੋਵਾਲ, ਤਰਕਸ਼ੀਲ ਸੁਸਾਈਟੀ ਦੇ ਜੁਝਾਰ ਲੌਂਗੋਵਾਲ, ਗੁਰਦੀਪ ਸਿੰਘ ,ਕਿਰਤੀ ਕਿਸਾਨ ਯੂਨੀਅਨ ਦੇ ਭਜਨ ਸਿੰਘ ਢੱਡਰੀਆਂ, ਜਰਨੈਲ ਸਿੰਘ ਜਹਾਂਗੀਰ ਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਬਲਜੀਤ ਨਮੋਲ ਆਦਿ ਮੌਜੂਦ ਸਨ।
