ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗ ਕਰ ਕੇ ਭਲਕੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਤਿਆਰੀ ਕਰ ਲਈ ਗਈ ਹੈ। ਸਥਾਨਕ ਸੁਤੰਤਰ ਭਵਨ ਵਿੱਚ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਨਸ਼ਿਆਂ ਖਿਲਾਫ਼ ਸੰਘਰਸ਼ ਕਰ ਰਹੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਮਾਨਸਾ ਵਿੱਚ ਹੋਏ ਕਤਲ ਉਪਰ ਦੁੱਖ ਪ੍ਰਗਟਾਇਆ ਗਿਆ ਅਤੇ ਭਲਕੇ 15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਕੀਤੀ ਗਈ। ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਪੰਜਾਬ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ, ਬੀ ਕੇ ਯੂ (ਡਕੌਂਦਾ)-ਬੁਰਜਗਿੱਲ ਦੇ ਜ਼ਿਲ੍ਹਾ ਖ਼ਜ਼ਾਨਚੀ ਸਤਨਾਮ ਸਿੰਘ ਕਿਲਾ ਭਰੀਆਂ, ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ, ਬੀ ਕੇ ਯੂ (ਡਕੌਂਦਾ)-ਧਨੇਰ ਦੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਦੁੱਗਾਂ ਆਦਿ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਣੀ ਐਕਸ਼ਨ ਕਮੇਟੀ ਵੱਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਦੀ ਹਮਾਇਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਭਲਕੇ 15 ਅਕਤੂਬਰ ਨੂੰ ਸਵੇਰੇ 8 ਵਜੇ ਡੀ ਸੀ ਦਫ਼ਤਰ ਸੰਗਰੂਰ ਅੱਗੇ ਇਕੱਠੇ ਹੋ ਕੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ ਅਤੇ ਭਗਵਾਨ ਮਹਾਵੀਰ ਚੌਕ ਵਿੱਚ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੁਰੰਤ ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਦੇਣਾ ਚਾਹੀਦਾ ਹੈ। ਮੀਟਿੰਗ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸਤਵਿੰਦਰ ਸਿੰਘ ਬਹਾਦਰਪੁਰ, ਮਲਕੀਤ ਸਿੰਘ, ਰਣਜੀਤ ਸਿੰਘ ਚੱਠੇ ਸੇਖਵਾਂ, ਬੇਅੰਤ ਸਿੰਘ ਤੇ ਲਖਵਿੰਦਰ ਸਿੰਘ ਸਮੇਤ ਆਗੂ ਹਾਜ਼ਰ ਸਨ।
ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣਾ ਵੀ ਹੁਣ ਜੁਰਮ ਹੋ ਗਿਐ: ਸ਼ੇਖਰ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਸੈਂਟਰ ਆਫ਼ ਇੰਡੀਆ ਟਰੇਡ ਯੂਨੀਅਨ (ਸੀਟੂ) ਨੇ ਮਾਨਸਾ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਬੀਤੇ ਦਿਨ ਹੋਏ ਕਤਲ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਸੂਬਾ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ ਅਤੇ ਭਲਕੇ 15 ਅਕਤੂਬਰ ਦੇ ਪੰਜਾਬ ਬੰਦ ਦੀ ਡਟਵੀਂ ਹਮਾਇਤ ਕੀਤੀ ਹੈ। ਸੀਟੂ ਦੀ ਕੌਮੀ ਸਕੱਤਰ ਊਸ਼ਾ ਰਾਣੀ, ਪੰਜਾਬ ਸੀਟੂ ਦੇ ਪ੍ਰਧਾਨ ਚੰਦਰ ਸ਼ੇਖਰ ਤੇ ਜਨਰਲ ਸਕੱਤਰ ਮਹਾਂ ਸਿੰਘ ਰੌੜੀ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੇ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਫੂਕ ਕੱਢ ਕੇ ਰੱਖ ਦਿੱਤੀ ਹੈ। ਆਗੂਆਂ ਨੇ ਕਿਹਾ ਕਿ ਹੁਣ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣਾ ਵੀ ਜੁਰਮ ਹੋ ਗਿਆ ਹੈ। ਨਸ਼ਾ ਤਸਕਰ ਸ਼ਰ੍ਹੇਆਮ ਗੋਲੀਆਂ ਚਲਾ ਰਹੇ ਹਨ ਤੇ ਆਮ ਲੋਕਾਂ ਨੂੰ ਮਾਰ ਰਹੇ ਹਨ। ਆਗੂਆਂ ਨੇ ਕਿਹਾ ਕਿ ਸੀਟੂ ਪੰਜਾਬ ਜਨਤਕ ਜਥੇਬੰਦੀਆਂ ਵੱਲੋਂ ਦਿੱਤੇ 15 ਅਕਤੂਬਰ ਦੇ ਪੰਜਾਬ ਬੰਦ ਦਾ ਪੂਰਨ ਸਮਰਥਨ ਕਰਦੀ ਹੈ ਅਤੇ ਪਰਵਿੰਦਰ ਸਿੰਘ ਝੋਟੇ ਦੇ ਕਾਤਲਾਂ ਨੂੰ ਬਣਦੀ ਸਜ਼ਾ ਦਿਵਾਉਣ ਲਈ ਚੱਲਣ ਵਾਲੇ ਹਰ ਸ਼ਾਂਤਮਈ ਸੰਘਰਸ਼ ਦਾ ਸਮਰਥਨ ਕਰੇਗੀ। ਆਗੂਆਂ ਨੇ ਦੋਸ਼ ਲਾਇਆ ਕਿ ਪਰਵਿੰਦਰ ਸਿੰਘ ਝੋਟੇ ਦਾ ਕਤਲ ਨਸ਼ਾ ਤਸਕਰਾਂ ਤੇ ਸਰਕਾਰੀ ਮਸ਼ੀਨਰੀ ਦੇ ਨਾਪਾਕ ਗੱਠਜੋੜ ਨੇ ਕੀਤਾ ਹੈ। ਅਖੀਰ ਵਿੱਚ ਆਗੂਆਂ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਪਰਿਵਾਰ ਨੂੰ ਬਣਦਾ ਇਨਸਾਫ਼ ਦਿੱਤਾ ਜਾਵੇ।

