Punjab Drug Death: ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਮਜ਼ਦੂਰ ਦੀ ਇਲਾਜ ਦੌਰਾਨ ਮੌਤ
ਪਿੰਡ ਦੀ ਸਰਪੰਚ, ਉਸ ਦੇ ਪਤੀ ਸਮੇਤ ਪੰਜ ਖ਼ਿਲਾਫ਼ ਕੇਸ ਦਰਜ; ਭਾਰੀ ਪੁਲੀਸ ਤਾਇਨਾਤ
ਦਿੜ੍ਹਬਾ ਹਲਕੇ ਦੇ ਪਿੰਡ ਤੂਰਬੰਜ਼ਾਰਾ ਵਿਖੇ ਇੱਕ ਮੰਤਰੀ ਦੇ ਸਮਾਗਮ ਦੌਰਾਨ ਨਸ਼ੇ ਦਾ ਮੁੱਦਾ ਉਠਾਉਣ ਵਾਲੇ ਮਜ਼ਦੂਰ ਗੁਲਜ਼ਾਰ ਸਿੰਘ (ਜਿਸ ਨੇ ਪੰਚਾਇਤ ਦੇ ਨੁਮਾਇੰਦਿਆਂ ਵੱਲੋਂ ਧਮਕਾਉਣ ਮਗਰੋਂ ਸਲਫ਼ਾਸ ਨਿਗਲ ਲਈ ਸੀ) ਦੀ ਡੀਐੱਮਸੀ ਲੁਧਿਆਣਾ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਗੁਲਜ਼ਾਰ ਸਿੰਘ ਦੀ ਦੇਹ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਲਿਆਂਦੀ ਜਾ ਚੁੱਕੀ ਹੈ। ਸਿਵਲ ਹਸਪਤਾਲ ਵਿਖੇ ਭਾਰੀ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਸਿਵਲ ਹਸਪਤਾਲ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਜਥੇਬੰਦੀਆਂ ਦੇ ਆਗੂ ਪੁੱਜਣੇ ਸ਼ੁਰੂ ਹੋ ਗਏ ਹਨ।
ਓਧਰ ਮ੍ਰਿਤਕ ਗੁਲਜ਼ਾਰ ਸਿੰਘ ਦੇ ਪੁੱਤਰ ਲਖਵਿੰਦਰ ਸਿੰਘ ਉਰਫ਼ ਲੱਖਾ ਦੇ ਬਿਆਨਾਂ ’ਤੇ ਪੁਲੀਸ ਨੇ ਥਾਣਾ ਦਿੜ੍ਹਬਾ ਵਿੱਚ ਪਿੰਡ ਤੂਰਬੰਜ਼ਾਰਾ ਦੀ ਸਰਪੰਚ ਬਲਜਿੰਦਰ ਕੌਰ, ਉਸ ਦੇ ਪਤੀ ਬਲਜੀਤ ਸਿੰਘ, ਸੁਖਦੇਵ ਸਿੰਘ ਉਰਫ਼ ਸੁੱਖਾ, ਵਿੱਕੀ ਸਿੰਘ ਪੰਚ ਅਤੇ ਗੋਨਾ ਸਿੰਘ ਵਾਸੀਆਨ ਤੂਰਬੰਜ਼ਾਰਾ ਦੇ ਖ਼ਿਲਾਫ਼ ਜ਼ੇਰ ਧਾਰਾ 108 ਬੀ.ਐੱਨ.ਐੱਸ., ਸੈਕਸ਼ਨ 3(1)(r)(s) ਐੱਸ.ਸੀ./ਐੱਸ.ਟੀ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ 6 ਸਤੰਬਰ ਨੂੰ ਪਿੰਡ ਤੂਰਬੰਜ਼ਾਰਾ ਵਿਖੇ ਇੱਕ ਮੰਤਰੀ ਦੇ ਸਮਾਗਮ ਦੌਰਾਨ ਪਿੰਡ ਦੇ ਦਲਿਤ ਭਾਈਚਾਰੇ ਨਾਲ ਸਬੰਧਤ ਮਜ਼ਦੂਰ ਗੁਲਜ਼ਾਰ ਸਿੰਘ ਨੇ ਮੁੱਦਾ ਉਠਾਇਆ ਸੀ ਕਿ ਉਸ ਦਾ ਲੜਕਾ ਚਿੱਟਾ ਨਸ਼ਾ ਕਰਦਾ ਹੈ, ਜਿਸ ਨੇ ਘਰ ਦਾ ਸਾਰਾ ਸਮਾਨ ਵੇਚ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਦੇ ਕੁੱਝ ਵਿਅਕਤੀਆਂ ਵੱਲੋਂ ਮਜ਼ਦੂਰ ਨੂੰ ਧਮਕਾਇਆ ਗਿਆ।
ਮਰਨ ਤੋਂ ਪਹਿਲਾਂ ਇੱਕ ਵੀਡੀਓ ਬਿਆਨ ਵਿੱਚ ਗੁਲਜ਼ਾਰ ਸਿੰਘ ਨੇ ਦੋਸ਼ ਲਾਇਆ ਸੀ ਕਿ ਉਸ ਨੂੰ ਪੰਚਾਇਤ ਦੇ ਨੁਮਾਇੰਦਿਆਂ ਵੱਲੋਂ ਕਿਹਾ ਗਿਆ ਕਿ ਉਹ ਪੰਚਾਇਤ ਵਿੱਚ ਆ ਕੇ ਮੁਆਫ਼ੀ ਮੰਗੇ। ਉਹ ਪੰਚਾਇਤ ਵਿੱਚ ਨਹੀਂ ਗਿਆ ਸਗੋਂ ਉਸ ਨੇ ਡਰਦਿਆਂ ਸਲਫ਼ਾਸ ਨਿਗਲ ਲਈ। ਪਹਿਲਾਂ ਉਸ ਨੂੰ ਸੰਗਰੂਰ ਹਸਪਤਾਲ ਲਿਆਂਦਾ ਗਿਆ, ਫਿਰ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ। ਇਸ ਮਗਰੋਂ ਫਿਰ ਸੰਗਰੂਰ ਦੇ ਇੱਕ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿੱਥੋਂ ਡੀਐੱਮਸੀ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਬੀਤੀ ਰਾਤ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਬਿੱਕਰ ਸਿੰਘ ਨੇ ਵੀ ਆਪਣੇ ਭਰਾ ਦੇ ਬਿਆਨਾਂ ਦੀ ਪੁਸ਼ਟੀ ਕੀਤੀ ਹੈ। ਅੱਜ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਮਗਰੋਂ ਉਸ ਦੀ ਦੇਹ ਨੂੰ ਪਿੰਡ ਲਿਜਾਇਆ ਜਾਵੇਗਾ।
ਇਸ ਘਟਨਾ ਮਗਰੋਂ ਸੂਬੇ ਦੀ ਸਿਆਸਤ ਵੀ ਗਰਮਾ ਗਈ ਹੈ। ਕਾਂਗਰਸ ਆਗੂ ਚਰਨਜੀਤ ਸਿੰਘ ਚੰਨੀ, ਸੁਖਪਾਲ ਸਿੰਘ ਖਹਿਰਾ ਅਤੇ ਬਿਕਰਮ ਸਿੰਘ ਮਜੀਠੀਆ ਸਮੇਤ ਅਨੇਕਾਂ ਆਗੂਆਂ ਵੱਲੋਂ ਸਰਕਾਰ ਨੂੰ ਘੇਰਿਆ ਗਿਆ ਹੈ। ਇਸ ਮੌਕੇ ਸਿਵਲ ਹਸਪਤਾਲ ਵਿੱਚ ਮੌਜੂਦ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਆਗੂ ਵਿਨਰਜੀਤ ਸਿੰਘ ਗੋਲਡੀ, ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਚਮਨਦੀਪ ਸਿੰਘ ਮਿਲਖੀ, ਭਾਜਪਾ ਆਗੂ ਰਣਦੀਪ ਸਿੰਘ ਦਿਓਲ, ਕਾਂਗਰਸ ਆਗੂ ਜਗਦੇਵ ਗਾਗਾ ਨੇ ਮੰਗ ਕੀਤੀ ਹੈ ਕਿ ਇੱਕ ਮੰਤਰੀ ਨੂੰ ਕੇਸ ਵਿੱਚ ਨਾਮਜ਼ਦ ਕੀਤਾ ਜਾਵੇ ਕਿਉਂਕਿ ਮਜ਼ਦੂਰ ਗੁਲਜ਼ਾਰ ਸਿੰਘ ਨੇ ਮਰਨ ਤੋਂ ਪਹਿਲਾਂ ਵੀਡੀਓ ਬਿਆਨ ਜਾਰੀ ਕਰਕੇ ਚੀਮਾ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਹੈ।

