DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab news: ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰੇ

ਦਲਿਤ ਨੌਜਵਾਨ ਦੇ ਜਬਰੀ ਸਸਕਾਰ ਵਿਰੁੱਧ ਰੋਸ ਪ੍ਰਗਟਾਇਆ; 7 ਅਕਤੂਬਰ ਨੂੰ ਧਰਨੇ ’ਚ ਸ਼ਾਮਲ ਹੋਣ ਦਾ ਸੱਦਾ

  • fb
  • twitter
  • whatsapp
  • whatsapp
featured-img featured-img
ਘਰਾਚੋਂ ਪਿੰਡ ਵਿੱਚ ਪੁਲੀਸ ਤੇ ਸਰਕਾਰ ਦਾ ਪੁਤਲਾ ਫੂਕਦੇ ਹੋਏ ਕਿਸਾਨ। -ਫੋਟੋ: ਮੱਟਰਾਂ
Advertisement

ਪਿੰਡ ਕਨੋਈ ਦੇ ਖ਼ੁਦਕੁਸ਼ੀ ਕਰਨ ਵਾਲੇ ਨੌਜਵਾਨ ਮਜ਼ਦੂਰ ਸਨਮਦੀਪ ਸਿੰਘ ਦੇ ਮਾਪਿਆਂ ਤੇ ਸਕੇ ਸਬੰਧੀਆਂ ਨੂੰ ਗ੍ਰਿਫ਼ਤਾਰ ਕਰ ਕੇ ਲਾਸ਼ ਦਾ ਸਸਕਾਰ ਕਰਨ ’ਤੇ ਵੱਖ-ਵੱਖ ਮਜ਼ਦੂਰ-ਕਿਸਾਨ ਜਥੇਬੰਦੀਆਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਭਗਵੰਤ ਮਾਨ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ। ਉਨ੍ਹਾਂ ਇਸ ਕਾਰਵਾਈ ਖ਼ਿਲਾਫ਼ ਇਨਸਾਫ਼ਪਸੰਦ ਜਥੇਬੰਦੀਆਂ ਅਤੇ ਲੋਕਾਂ ਨੂੰ 7 ਅਕਤੂਬਰ ਨੂੰ ਡੀ ਸੀ ਦਫ਼ਤਰ ਅੱਗੇ ਧਰਨੇ ਵਿੱਚ ਪਹੁੰਚਣ ਦਾ ਸੱਦਾ ਦਿੱਤਾ।

ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਹਰਭਗਵਾਨ ਸਿੰਘ ਮੂਣਕ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੇ ਦੱਸਿਆ ਕਿ ਇਸ ਕਾਰਵਾਈ ਖ਼ਿਲਾਫ਼ ਜ਼ਿਲ੍ਹਾ ਸੰਗਰੂਰ ਦੇ ਕਸਬੇ ਧੂਰੀ, ਚੀਮਾ, ਲਹਿਰਾਗਾਗਾ, ਲੌਂਗੋਵਾਲ, ਘਰਾਚੋਂ, ਗੱਗੜਪੁਰ, ਲੇਹਲ ਕੋਟੜਾ, ਗੋਬਿੰਦਪੁਰਾ ਪਾਪੜਾ, ਛਾਜਲੀ, ਨਮੋਲ ਤੇ ਮੰਡੇਰ ਕਲਾਂ ਸਮੇਤ ਡੇਢ ਦਰਜਨ ਤੋਂ ਵੱਧ ਥਾਵਾਂ ’ਤੇ ਭਗਵੰਤ ਮਾਨ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ। ਬੁਲਾਰਿਆਂ ਨੇ ਪੁਲੀਸ ਦੀ ਕਾਰਵਾਈ ਨੂੰ ਤਾਨਾਸ਼ਾਹ ਕਰਾਰ ਦਿੰਦਿਆਂ ਆਖਿਆ ਕਿ ‘ਆਪ’ ਸਰਕਾਰ ਨੇ ਗਰੀਬ ਪਰਿਵਾਰ ਤੋਂ ਆਪਣੇ ਮ੍ਰਿਤਕ ਪੁੱਤਰ ਦੀਆਂ ਅੰਤਿਮ ਰਸਮਾਂ ਕਰਨ ਦਾ ਹੱਕ ਵੀ ਖੋਹ ਲਿਆ ਹੈ। ਅਰਥੀ ਫੂਕ ਮੁਜ਼ਾਹਰਿਆਂ ਦੌਰਾਨ ਬੀ ਕੇ ਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਲਖਵੀਰ ਸਿੰਘ ਲੌਂਗੋਵਾਲ, ਜਮਹੂਰੀ ਅਧਿਕਾਰ ਸਭਾ ਦੇ ਆਗੂ ਜੂਝਾਰ ਸਿੰਘ ਲੌਂਗੋਵਾਲ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਬਲਜੀਤ ਸਿੰਘ ਨਮੋਲ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਹਰਭਗਵਾਨ ਸਿੰਘ ਮੂਣਕ, ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ ਦੇ ਆਗੂ ਬਲਵੀਰ ਚੰਦ ਲੌਂਗੋਵਾਲ, ਖੇਤ ਮਜ਼ਦੂਰ ਸਭਾ ਵੱਲੋਂ ਨਿਰੰਜਣ ਸਿੰਘ ਚੁਨਾਗਰਾ, ਨਟਵਰ ਬਿੰਨੂ, ਹਰਦੀਪ ਬਿੱਟੂ ਆਦਿ ਆਗੂਆਂ ਨੇ ਸੰਬੋਧਨ ਕੀਤਾ। ਉਨ੍ਹਾਂ ਮੰਗ ਕੀਤੀ ਕਿ ਨੌਜਵਾਨ ਮਜ਼ਦੂਰ ਦਾ ਜਬਰੀ ਸਸਕਾਰ ਕਰਨ ਵਾਲੇ ਪੁਲੀਸ ਅਧਿਕਾਰੀਆਂ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ, ਗ੍ਰਿਫ਼ਤਾਰ ਕੀਤੇ ਪੀੜਤ ਪਰਿਵਾਰ ਦੇ ਰਿਸ਼ਤੇਦਾਰਾਂ ਸਣੇ ਸਾਰਿਆਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ ਅਤੇ ਖ਼ੁਦਕੁਸ਼ੀ ਕੇਸ ਵਿਚ ਐੱਸ ਸੀ/ਐੱਸ ਟੀ ਐਕਟ ਦੀ ਧਾਰਾ ਲਾ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।

Advertisement

ਪੰਜਾਬ ਸਰਕਾਰ ਤੇ ਪੁਲੀਸ ਦੀ ਅਰਥੀ ਸਾੜੀ

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਭਵਾਨੀਗੜ੍ਹ ਵੱਲੋਂ ਪਿੰਡ ਘਰਾਚੋਂ ਵਿੱਚ ਪੰਜਾਬ ਪੁਲੀਸ ਅਤੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ। ਬਲਾਕ ਦੇ ਆਗੂ ਜਸਬੀਰ ਸਿੰਘ ਗੱਗੜਪੁਰ, ਬਲਵਿੰਦਰ ਸਿੰਘ ਘਨੌੜ, ਹਰਜਿੰਦਰ ਸਿੰਘ ਘਰਾਚੋਂ ਅਤੇ ਰਘਵੀਰ ਸਿੰਘ ਘਰਾਚੋਂ ਨੇ ਕਿਹਾ ਕਿ ਪਿੰਡ ਕਨੋਈ ਵਿੱਚ ਪਿੰਡ ਦੇ ਸਰਪੰਚ ਦੀ ਕਥਿਤ ਧੱਕੇਸ਼ਾਹੀ ਦਾ ਸ਼ਿਕਾਰ ਖੁਦਕੁਸ਼ੀ ਕਰ ਗਏ ਨੌਜਵਾਨ ਮਜ਼ਦੂਰ ਦੇ ਮਾਪਿਆਂ ਅਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਸੰਗਰੂਰ ਪੁਲੀਸ ਵੱਲੋਂ ਜ਼ਬਰਦਸਤੀ ਗ੍ਰਿਫ਼ਤਾਰ ਕਰਕੇ ਧੱਕੇ ਨਾਲ ਲਾਸ਼ ਦਾ ਸਸਕਾਰ ਕੀਤਾ ਗਿਆ। ਕਿਸਾਨ ਆਗੂਆਂ ਨੇ ਪੁਲੀਸ ਦੀ ਇਸ ਘਿਣਾਉਣੀ ਕਾਰਵਾਈ ਨੂੰ ਜੰਗਲ਼ ਰਾਜ ਕਰਾਰ ਦਿੰਦਿਆਂ ਦੋਸ਼ੀ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਸਭਨਾਂ ਨਿਯਮਾਂ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਲਗਾਤਾਰ ਦਲਿਤਾਂ ਤੇ ਜ਼ਬਰ ਦਾ ਕੁਹਾੜਾ ਵਾਹ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਨੌਜਵਾਨ ਮਜ਼ਦੂਰ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੀ ਸਰਪੰਚ ਦੀ ਢਾਣੀ ਨੂੰ ਫੌਰੀ ਗ੍ਰਿਫ਼ਤਾਰ ਕੀਤਾ ਜਾਵੇ।

Advertisement

ਪੁਲੀਸ ਜਬਰ ਖ਼ਿਲਾਫ਼ ਮੁਜ਼ਾਹਰੇ

ਲੌਂਗੋਵਾਲ (ਰਘਵੀਰ ਸਿੰਘ ਚੰਗਾਲ): ਕਨੋਈ ਪਿੰਡ ਦੇ ਨੌਜਵਾਨ ਸਨਮਦੀਪ ਸਿੰਘ ਸੰਨੀ ਦਾ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਲਾਵਾਰਸਾਂ ਵਾਂਗ ਸਸਕਾਰ ਕਰ ਕੇ ਮਨੁੱਖੀ ਹੱਕਾਂ ਅਤੇ ਜਮਹੂਰੀ ਕਦਰਾਂ ਕੀਮਤਾਂ ਨੂੰ ਛਿੱਕੇ ਟੰਗਣ ਦੀ ਕਾਰਵਾਈ ਦਾ ਜਮਹੂਰੀ ਜਥੇਬੰਦੀਆਂ ਨੇ ਵਿਰੋਧ ਕੀਤਾ ਹੈ। ਇਸ ਗੈਰ ਮਨੁੱਖੀ, ਗ਼ੈਰ-ਜਮਹੂਰੀ ਕਾਰਵਾਈ ਖ਼ਿਲਾਫ਼ ਅੱਜ ਸਵੇਰੇ ਖੂਹ ਕੋਲ, ਪੱਤੀ ਸੁਨਾਮੀ (ਲੌਂਗੋਵਾਲ) ਵਿੱਚ ਮਜ਼ਦੂਰ, ਕਿਸਾਨ, ਜਨਤਕ ਜਮਹੂਰੀ ਅਤੇ ਇਨਸਾਫ ਪਸੰਦ ਜਥੇਬੰਦੀਆਂ ਵੱਲੋਂ ਸਰਕਾਰ,ਪੁਲੀਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਰਥੀ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਲਖਵੀਰ ਲੋਂਗੋਵਾਲ, ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਦੇ ਸੂਬਾ ਆਗੂ ਬਲਬੀਰ ਲੌਂਗੋਵਾਲ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਰਣਜੀਤ ਸਿੰਘ, ਬੂਟਾ ਸਿੰਘ, ਚਮਕੌਰ ਸਿੰਘ , ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਆਗੂ ਜੁਝਾਰ ਲੌਂਗੋਵਾਲ, ਇਕਾਈ ਮੁਖੀ ਮਾਸਟਰ ਬੀਰਬਲ ਸਿੰਘ, ਦੇਸ਼ ਭਗਤ ਯਾਦਗਾਰ ਹਾਲ ਦੇ ਅਨਿੱਲ ਸ਼ਰਮਾ, ਗੁਰਮੇਲ ਸਿੰਘ, ਭਗਤ ਸਿੰਘ ਰੇਹੜੀ ਯੂਨੀਅਨ ਦੇ ਚਰਨਾ ਸਿੰਘ, ਭਾਗ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਇੱਕ ਨੌਜਵਾਨ ਦੀ ਮੌਤ ਦਾ ਸੱਚ ਸਾਹਮਣੇ ਲਿਆਉਣ ਅਤੇ ਪਰਿਵਾਰ ਨੂੰ ਇਨਸਾਫ ਦੇਣ ਦੀ ਬਜਾਏ ਪ੍ਰਸ਼ਾਸਨ ਨੇ ਲਾਸ਼ ਨੂੰ ਹੀ ਲਾਵਾਰਸ ਬਣਾ ਕੇ ਸਬੂਤ ਮਿਟਾਉਣ ਦੀ ਕੋਸ਼ਿਸ਼ ਕੀਤੀ ਹੈ। ਇਹ ਸਿੱਧਾ ਸਿੱਧਾ ਸੰਵਿਧਾਨ, ਲੋਕਤੰਤਰ ਅਤੇ ਮਨੁੱਖਤਾ ਦਾ ਘਾਣ ਹੈ। ਜਥੇਬੰਦੀਆਂ ਦੇ ਬੁਲਾਰਿਆਂ ਨੇ ਪੁਲੀਸ ਤੇ ਸਿਵਲ ਪ੍ਰਸ਼ਾਸਨ ਦੀ ਜ਼ਾਲਮਾਨਾ ਕਾਰਵਾਈ ਦੀ ਨਿੰਦਾ ਕਰਦਿਆਂ ਸਨਮਦੀਪ ਸੰਨੀ ਦਾ ਜਬਰੀ ਸਸਕਾਰ ਕਰਨ ਲਈ ਜ਼ਿੰਮੇਵਾਰ ਪੁਲੀਸ ਅਤੇ ਸਿਵਲ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਅਤੇ ਪੀੜਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਦੇਣ ਦੀ ਮੰਗ ਰੱਖੀ ਗਈ ਹੈ।

ਪੁਲੀਸ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਰਥੀ ਫੂਕਦੇ ਹੋਏ ਜਮਹੂਰੀ ਜਥੇਬੰਦੀਆਂ ਦੇ ਆਗੂ।
ਲੌਂਗੋਵਾਲ ਵਿੱਚ ਪੁਲੀਸ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਰਥੀ ਫੂਕਦੇ ਹੋਏ ਜਮਹੂਰੀ ਜਥੇਬੰਦੀਆਂ ਦੇ ਆਗੂ।
Advertisement
×