punjab politics: ਹਰਪਾਲ ਕੌਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਮੁੱਖ ਮੰਤਰੀ ਮਾਨ ਦੀ ਮਾਤਾ ਦਾ ਵਿਧਾਇਕ ਰਹਿਮਾਨ ਨੇ ਸਵਾਗਤ ਕੀਤਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਅੱਜ ਮਾਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਦੇ ਦਫ਼ਤਰ ਪੁੱਜੇ। ਉੱਥੇ ਉਨ੍ਹਾਂ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਸੁਝਾਅ ਸੁਣੇ। ਇਸ ਮੌਕੇ ਵਿਧਾਇਕ ਰਹਿਮਾਨ ਦੀ ਪਤਨੀ ਫ਼ਰਿਆਲ ਰਹਿਮਾਨ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਸ੍ਰੀਮਤੀ ਹਰਪਾਲ ਕੌਰ ਨੇ ਕਿਹਾ ਕਿ ਪਾਰਟੀ ਵਰਕਰ ਸੰਗਠਨ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੇ ਸੁਝਾਅ ਸਰਕਾਰ ਦੀਆਂ ਨੀਤੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਲੋਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਲਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਯੋਗ ਔਰਤਾਂ ਦੀ ਰਜਿਸਟ੍ਰੇਸ਼ਨ ਵਿੱਚ ਤੇਜ਼ੀ ਲਿਆਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ।
ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਮਾਤਾ ਹਰਪਾਲ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਹਰ ਵਰਗ ਤੱਕ ਸਰਕਾਰੀ ਨੀਤੀਆਂ ਦਾ ਲਾਭ ਪਹੁੰਚਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਦੀ ਅਗਵਾਈ ਹੇਠ ਸਿੱਖਿਆ, ਸਿਹਤ ਅਤੇ ਸਮਾਜਿਕ ਭਲਾਈ ਦੇ ਖੇਤਰਾਂ ਵਿੱਚ ਇਤਿਹਾਸਕ ਕੰਮ ਹੋ ਰਹੇ ਹਨ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਾਫ਼ਰ ਅਲੀ, ਬਲਾਕ ਸਮਿਤੀ ਚੇਅਰਮੈਨ ਸੰਤੋਖ ਸਿੰਘ, ਬਲਾਕ ਪ੍ਰਧਾਨ ਮੁਹੰਮਦ ਹਲੀਮ ਹਾਜ਼ਰ ਸਨ।

