DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Punjab Strikes: ਹੜਤਾਲਾਂ ਨਾਲ ਲੋਕਾਂ ਨੂੰ ਖੱਜਲ-ਖ਼ੁਆਰ ਨਾ ਕਰਨ ਮੁਲਾਜ਼ਮ ਯੂਨੀਅਨਾਂ: ਅਮਨ ਅਰੋੜਾ

ਪਾਵਰਕੌਮ ਮੁਲਾਜ਼ਮਾਂ ਦੀ ਹੜਤਾਲ ਨਾਲ ਝੋਨੇ ਦੇ ਸੀਜ਼ਨ ’ਚ ਕਿਸਾਨ ਤੇ 3 ਕਰੋੜ ਆਮ ਲੋਕ ਪ੍ਰਭਾਵਿਤ

  • fb
  • twitter
  • whatsapp
  • whatsapp
featured-img featured-img
'ਆਪ' ਆਗੂ ਅਮਨ ਅਰੋੜਾ ਦੀ ਫਾਈਲ ਫੋਟੋ
Advertisement

ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਐਤਵਾਰ ਨੂੰ ਹੜਤਾਲ ’ਤੇ ਗਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਦੇ ਕਰਮਚਾਰੀਆਂ ਨੂੰ ਆਪਣੀ ਹੜਤਾਲ ਤੁਰੰਤ ਵਾਪਸ ਲੈਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਲੁਆਈ ਦੇ ਇਸ ਅਹਿਮ ਸੀਜ਼ਨ ਦੌਰਾਨ ਹੜਤਾਲ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸੂਬੇ ਦੇ ਲਗਭਗ ਤਿੰਨ ਕਰੋੜ ਲੋਕਾਂ ਲਈ ਜ਼ਰੂਰੀ ਬਿਜਲੀ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ।

ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਹਰ ਮਸਲੇ ਦਾ ਹੱਲ ਗੱਲਬਾਤ ਰਾਹੀਂ ਕੱਢਣ ਲਈ ਹਮੇਸ਼ਾ ਤਿਆਰ ਹੈ। ਮੁਲਾਜ਼ਮ ਯੂਨੀਅਨਾਂ ਦੀ ਮੰਗ ’ਤੇ 25 ਦਿਨ ਪਹਿਲਾਂ ਗਠਿਤ ਕੀਤੀ ਗਈ ਉੱਚ-ਪੱਧਰੀ ਕਮੇਟੀ ਪਹਿਲਾਂ ਹੀ ਉਨ੍ਹਾਂ ਦੀਆਂ ਬਕਾਇਆ ਮੰਗਾਂ ’ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਭਰੋਸਾ ਦਵਾਇਆ ਕਿ ਇਸ ਕਮੇਟੀ ਦੀ ਹਰ ਜਾਇਜ਼ ਸਿਫ਼ਾਰਸ਼ ਨੂੰ ਸਰਕਾਰ ਵੱਲੋਂ ਪ੍ਰਵਾਨ ਕੀਤਾ ਜਾਵੇਗਾ।

Advertisement

ਸੰਗਰੂਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ, “ਆਮ ਜਨਤਾ ਨੂੰ ਖੱਜਲ-ਖ਼ੁਆਰ ਕਰਕੇ ਜਾਂ ਕਿਸਾਨਾਂ ਨੂੰ ਪਰੇਸ਼ਾਨ ਕਰਕੇ ਸਰਕਾਰ ’ਤੇ ਦਬਾਅ ਬਣਾਉਣ ਦੀ ਸੋਚ ਨਾਲ ਹੜਤਾਲ ’ਤੇ ਜਾਣ ਦੀ ਨੀਤੀ ਨੂੰ ਕਿਸੇ ਵੀ ਕੀਮਤ ’ਤੇ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਸਰਕਾਰ ਤੁਹਾਡੀ ਆਪਣੀ ਹੈ ਅਤੇ ਜਿਵੇਂ ਅਸੀਂ ਜਨਤਾ ਦੇ ਸੇਵਕ ਹਾਂ, ਤੁਸੀਂ ਵੀ ਲੋਕਾਂ ਦੇ ਸੇਵਕ ਹੋ। ਇਸ ਲਈ ਮੈਂ ਸਾਰੀਆਂ ਮੁਲਾਜ਼ਮ ਯੂਨੀਅਨਾਂ ਨੂੰ ਹੱਥ ਜੋੜ ਕੇ ਅਪੀਲ ਕਰਦਾ ਹਾਂ ਕਿ ਪੰਜਾਬ ਦੇ ਲੋਕਾਂ, ਖ਼ਾਸ ਕਰਕੇ ਝੋਨੇ ਦੇ ਸੀਜ਼ਨ 'ਚ ਸਾਡੇ ਕਿਸਾਨ ਭਰਾਵਾਂ ਨੂੰ ਪਰੇਸ਼ਾਨ ਨਾ ਕੀਤਾ ਜਾਵੇ।”

Advertisement

ਉਨ੍ਹਾਂ ਦੱਸਿਆ ਕਿ ਪਾਵਰਕੌਮ ਕਰਮਚਾਰੀ 21 ਜੁਲਾਈ ਤੋਂ ਹੜਤਾਲ ’ਤੇ ਹਨ, ਜਿਸ ਨਾਲ ਪੰਜਾਬ ਦੇ ਆਮ ਲੋਕਾਂ ਅਤੇ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਮੁਲਾਜ਼ਮਾਂ ਦੀਆਂ ਕੁਝ ਮੰਗਾਂ ਪਹਿਲਾਂ ਹੀ ਮੰਨ ਲਈਆਂ ਗਈਆਂ ਹਨ ਅਤੇ ਬਾਕੀ ਮੰਗਾਂ ਲਈ ਯੂਨੀਅਨਾਂ ਦੀ ਬੇਨਤੀ ’ਤੇ ਹੀ ਸਰਕਾਰ ਅਤੇ ਯੂਨੀਅਨ ਪ੍ਰਤੀਨਿਧੀਆਂ ਦੀ ਸ਼ਮੂਲੀਅਤ ਵਾਲੀ ਵਿਸ਼ੇਸ਼ ਕਮੇਟੀ ਬਣਾਈ ਗਈ ਸੀ।

ਅਮਨ ਅਰੋੜਾ ਨੇ ਕਿਹਾ, “ਮੈਂ ਮੁਲਾਜ਼ਮ ਯੂਨੀਅਨਾਂ ਨੂੰ ਯਕੀਨ ਦਿਵਾਉਂਦਾ ਹਾਂ ਕਿ ਕਮੇਟੀ ਦੁਆਰਾ ਸਿਫ਼ਾਰਸ਼ ਕੀਤੀ ਗਈ ਹਰ ਜਾਇਜ਼ ਮੰਗ ਨੂੰ ਸਰਕਾਰ ਮੰਨੇਗੀ। ਜੇਕਰ ਕੋਈ ਮਸਲੇ ਹਨ ਤਾਂ ਉਹ ਸਰਕਾਰ ਨਾਲ ਹਨ ਅਤੇ ਸਰਕਾਰ ਉਨ੍ਹਾਂ ’ਤੇ ਹਮਦਰਦੀ ਨਾਲ ਵਿਚਾਰ ਕਰ ਰਹੀ ਹੈ, ਪਰ ਇਸ ਲਈ ਨਿਰਦੋਸ਼ ਨਾਗਰਿਕਾਂ ਨੂੰ ਪਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ।”

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਇਸ ਪੂਰੇ ਮਾਮਲੇ ’ਤੇ ਨਜ਼ਰ ਰੱਖ ਰਹੇ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਲਗਾਤਾਰ ਮੁਲਾਜ਼ਮ ਯੂਨੀਅਨਾਂ ਦੇ ਸੰਪਰਕ ਵਿੱਚ ਹਨ ਅਤੇ ਗੱਲਬਾਤ ਰਾਹੀਂ ਮਸਲੇ ਨੂੰ ਸੁਲਝਾਉਣ ਦੇ ਯਤਨ ਕਰ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦਾ ਰੁੱਖ ਬਿਲਕੁਲ ਸਾਫ਼ ਹੈ। ਅਸੀਂ ਹਰੇਕ ਮੁਲਾਜ਼ਮ ਜਾਂ ਯੂਨੀਅਨ ਦੀ ਜਾਇਜ਼ ਸਮੱਸਿਆ ਸੁਣਨ ਅਤੇ ਉਸ ਦਾ ਯੋਗ ਹੱਲ ਕੱਢਣ ਲਈ ਵਚਨਬੱਧ ਹਾਂ। ਮੁਲਾਜ਼ਮ ਜਦੋਂ ਚਾਹੁਣ ਮੁੱਖ ਮੰਤਰੀ ਜਾਂ ਕਿਸੇ ਵੀ ਮੰਤਰੀ ਨੂੰ ਮਿਲ ਕੇ ਆਪਣਾ ਪੱਖ ਰੱਖ ਸਕਦੇ ਹਨ।

ਅੰਤ ਵਿੱਚ ਅਮਨ ਅਰੋੜਾ ਨੇ ਪਾਵਰਕੌਮ ਦੇ ਮੁਲਾਜ਼ਮਾਂ ਨੂੰ ਅਪੀਲ ਕਰਦਿਆਂ ਕਿਹਾ, “ਲਗਭਗ 90 ਫ਼ੀਸਦੀ ਅਮਲਾ, ਯਾਨੀ 18,500 ਦੇ ਕਰੀਬ ਕਰਮਚਾਰੀ ਹੜਤਾਲ ’ਤੇ ਹਨ, ਜਿਸ ਕਾਰਨ ਪੰਜਾਬ ਦੇ 3 ਕਰੋੜ ਲੋਕ ਪ੍ਰਭਾਵਿਤ ਹੋ ਰਹੇ ਹਨ। ਜ਼ਰੂਰੀ ਸੇਵਾਵਾਂ ਠੱਪ ਕਰਕੇ ਸਰਕਾਰ ’ਤੇ ਦਬਾਅ ਪਾਉਣ ਦੀ ਕੋਸ਼ਿਸ਼ ਨੂੰ ਨਾ ਤਾਂ ਸਰਕਾਰ ਪ੍ਰਵਾਨ ਕਰ ਸਕਦੀ ਹੈ ਅਤੇ ਨਾ ਹੀ ਜਨਤਾ। ਤੁਸੀਂ ਆਪਣੀਆਂ ਮੰਗਾਂ ਬਿਨਾਂ ਕਿਸੇ ਝਿਜਕ ਦੇ ਸਰਕਾਰ ਅੱਗੇ ਰੱਖੋ ਅਤੇ ਹੜਤਾਲ ਵਾਪਸ ਲੈ ਕੇ ਬਿਜਲੀ ਸੇਵਾਵਾਂ ਤੁਰੰਤ ਬਹਾਲ ਕਰੋ।”

Advertisement
×