ਨਿਜੀ ਪੱਤਰ ਪ੍ਰੇਰਕ
ਸੰਗਰੂਰ, 17 ਸਤੰਬਰ
ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ ਤੇ ਦੀ ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਵੱਲੋਂ ਦਰਜਾ-3, ਦਰਜਾ-4, ਠੇਕਾ ਤੇ ਆਊਟ ਸੋਰਸ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦਾ ਨਿਪਟਾਰਾ ਨਾ ਹੋਣ ’ਤੇ 23 ਸਤੰਬਰ ਨੂੰ ਸਿਵਲ ਸਰਜਨ ਦਫ਼ਤਰ ਤੇ ਡੀ.ਸੀ. ਦਫ਼ਤਰ ਅੱਗੇ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੀਤਾ ਰਾਮ ਸਰਮਾ, ਜਨਰਲ ਸਕੱਤਲ ਕੰਵਰਜੀਤ ਸਿੰਘ ਤੇ ਦਰਜਾ ਚਾਰ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮੇਲਾ ਸਿੰਘ ਪੁੰਨਾਂਵਾਲ ਨੇ ਦੱਸਿਆ ਕਿ ਮੁੱਖ ਮੰਗਾਂ ਕਲੈਰੀਕਲ ਦੀਆਂ ਇਧਰੋਂ ਉਧਰੋਂ ਡਿਊਟੀਆਂ, ਠੇਕੇਦਾਰੀ ਸਿਸਟਮ ’ਚ ਸ਼ੋਸ਼ਣ ਤੇ ਕੁਝ ਫੁਟਕਲ ਮੰਗਾਂ ਸਬੰਧੀ ਸਿਵਲ ਸਰਜਨ ਸੰਗਰੂਰ ਵੱਲੋਂ ਆਗੂਆਂ ਨਾਲ ਮੀਟਿੰਗ ਕਰਕੇ ਜਲਦੀ ਮੰਗਾਂ ਦਾ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ ਸੀ ਜਿਸ ਨੂੰ ਮੁੱਖ ਰੱਖਦਿਆਂ ਜਥੇਬੰਦੀ ਵੱਲੋਂ ਕੀਤਾ ਜਾਣ ਵਾਲਾ ਅਗਲਾ ਸੰਘਰਸ਼ ਮੁਲਤਵੀ ਕਰ ਦਿੱਤਾ ਸੀ ਪਰ ਸਿਵਲ ਸਰਜਨ ਵੱਲੋਂ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ ਪੂਰਾ ਨਹੀਂ ਹੋਇਆ ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਜਥੇਬੰਦੀ ਦੇ ਆਗੂਆਂ ਵੱਲੋਂ ਮੀਟਿੰਗ ਵਿੱਚ ਸੰਘਰਸ਼ ਤੇਜ਼ ਕਰਨ ਦਾ ਫੈਸਲਾ ਲਿਆ ਹੈ ਜਿਸ ਤਹਿਤ 23 ਸਤੰਬਰ ਨੂੰ ਜ਼ਿਲ੍ਹਾ ਫੈਡਰੇਸ਼ਨ ਤੇ ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ ਅਤੇ ਜ਼ਿਲ੍ਹੇ ਵਿੱਚ ਤਾਇਨਾਤ ਮੁਲਾਜ਼ਮ ਵਿਰੋਧੀ ਅਧਿਕਾਰੀਆਂ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਜਾਵੇਗਾ।