ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 2 ਅਗਸਤ
ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ 15 ਅਗਸਤ ਨੂੰ ‘ਗੁਲਾਮੀ ਦਿਵਸ’ ਮਨਾਉਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ 4 ਅਗਸਤ ਨੂੰ ਜ਼ਿਲ੍ਹਾ ਪੱਧਰ ’ਤੇ ਅਤੇ 5 ਅਗਸਤ ਨੂੰ ਤਹਿਸੀਲ ਪੱਧਰ ’ਤੇ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰੇ ਕਰਨ ਅਤੇ 10 ਤੋਂ 14 ਅਗਸਤ ਤੱਕ ਵਿਧਾਇਕਾਂ/ਮੰਤਰੀਆਂ ਨੂੰ ਮੰਗ ਪੱਤਰ ਦੇਣ ਦਾ ਫ਼ੈਸਲਾ ਲਿਆ ਗਿਆ ਹੈ।
ਇਹ ਜਾਣਕਾਰੀ ਸਾਂਝੇ ਫਰੰਟ ਦੇ ਜ਼ਿਲ੍ਹਾ ਕਨਵੀਨਰਾਂ ਪ੍ਰੀਤਮ ਸਿੰਘ, ਵਾਸਵੀਰ ਸਿੰਘ ਭੁੱਲਰ, ਰਾਜ ਕੁਮਾਰ ਅਰੋੜਾ, ਜਗਦੀਸ਼ ਸ਼ਰਮਾ, ਮੇਲਾ ਸਿੰਘ ਪੁੰਨਾਵਾਲ, ਅਵਿਨਾਸ਼ ਸ਼ਰਮਾ ਆਦਿ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਸੀਤਾ ਰਾਮ ਸ਼ਰਮਾ ਅਤੇ ਰਾਜਵੀਰ ਸ਼ਰਮਾ ਬਡਰੁੱਖਾਂ ਨੇ ਦਿੱਤੀ।
ਸਮੂਹ ਕਨਵੀਨਰਾਂ ਨੇ ਦੱਸਿਆ ਕਿ 15 ਅਗਸਤ ਨੂੰ ਸਾਰੇ ਮੁਲਾਜ਼ਮ ਅਤੇ ਪੈਨਸ਼ਨਰ ਆਪੋ ਆਪਣੇ ਘਰਾਂ ਦੀਆਂ ਛੱਤਾਂ ਉਪਰ ਕਾਲੇ ਝੰਡੇ ਲਹਿਰਾ ਕੇ ਸਰਕਾਰੀ ਵਧੀਕੀਆਂ ਵਿਰੁੱਧ ਗੁਲਾਮੀ ਦਿਵਸ ਮਨਾਉਣਗੇ। ਮਨਿਸਟੀਰੀਅਲ ਕਰਮਚਾਰੀ 6 ਅਗਸਤ ਤੋਂ 14 ਅਗਸਤ ਤੱਕ ਮੁਕੰਮਲ ਕਲਮ ਛੋੜ ਹੜਤਾਲ ਕਰਨਗੇ। ਉਨ੍ਹਾਂ ਨੇ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਨਾ ਕਰਨ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।