ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 28 ਅਕਤੂਬਰ
ਪੰਜਾਬ ਦੇ ਹਿੱਤ ਕਾਂਗਰਸ ਦੇ ਹੱਥਾਂ ’ਚ ਹੀ ਸੁਰੱਖਿਅਤ ਹਨ,ਕਾਂਗਰਸ ਹੀ ਇੱਕ ਅਜਿਹੀ ਪਾਰਟੀ ਹੈ, ਜੋ ਹਰ ਵਰਗ ਦੇ ਹਿੱਤਾਂ ਦੀ ਪਹਿਰੇਦਾਰੀ ਕਰਦੀ ਹੈ। ਇਹ ਗੱਲ ਬੀਤੀ ਰਾਤ ਸਥਾਨਕ ਸਰਹਿੰਦੀ ਦਰਵਾਜ਼ੇ ਦੇ ਬਾਹਰ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪ੍ਰਮੁੱਖ ਸਿਆਲੀ ਸਲਾਹਕਾਰ, ਸਥਾਨਕ ਵਿਧਾਇਕਾ ਰਜ਼ੀਆ ਸੁਲਤਾਨਾ ਦੇ ਪਤੀ ਅਤੇ ਸਾਬਕਾ ਡੀਜੀਪੀ ਜਨਾਬ ਮੁਹੰਮਦ ਮੁਸਤਫਾ ਨੇ ਕਹੀ । ਉਨ੍ਹਾਂ ਦਾਅਵਾ ਕੀਤਾ ਕਿ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਸੌ ਸੀਟਾਂ ’ਤੇ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕਾ ਰਜ਼ੀਆ ਸੁਲਤਾਨਾ ਨੇ ਹਲਕੇ ਦੇ ਲੋਕਾਂ ਨਾਲ ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ , ਮੈਡੀਕਲ ਕਾਲਜ ਬਣਾਉਣ ਆਦਿ ਦੇ ਸਾਰੇ ਵਾਅਦੇ ਪੂਰੇ ਕੀਤੇ ਹਨ। ਮੁਹੰਮਦ ਮੁਸਤਫਾ ਨੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਕਾਰਜ ਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਨੂੰ ਮਾਲੇਰਕੋਟਲਾ ਦੇ ਇਤਿਹਾਸ ਦਾ ਸੁਨਹਿਰੀ ਪੰਨਾ ਕਿਹਾ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਜ਼ਿਲ੍ਹਾ ਪੰਜਾਬ ਦੀ ਮੁਸਲਿਮ ਘੱਟ ਗਿਣਤੀ ਵਾਲਾ ਜ਼ਿਲ੍ਹਾ ਹੈ ਤੇ ਮਾਲੇਰਕੋਟਲਾ, ਪੰਜਾਬ ਦਾ ਇੱਕੋ ਇੱਕ ਮੁਸਲਿਮ ਬਹੁ ਵਸੋਂ ਵਾਲਾ ਸ਼ਹਿਰ ਹੈ। ਇਸ ਲਈ ਮਾਲੇਰਕੋਟਲਾ ਸ਼ਹਿਰ ਨਾਲ ਸਬੰਧਤ ਚੇਅਰਮੈਨੀਆਂ ਅਤੇ ਪ੍ਰਧਾਨਗੀਆਂ ਦੀਆਂ ਜ਼ਿੰਮੇਵਾਰੀਆਂ ਮੁਸਲਮਾਨ ਭਾਈਚਾਰੇ ਦੇ ਆਗੂਆਂ ਦੇ ਹਵਾਲੇ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ਤੋਂ ਪੰਜਾਬ ਵਕਫ਼ ਬੋਰਡ ਦੇ ਪੈਨਸ਼ਨ ਧਾਰਕਾਂ ਦੀ ਪੈਨਸ਼ਨ 300 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ’ਚ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ।