Punjabi University Protest: ਮੁਲਾਜ਼ਮਾਂ ਵੱਲੋਂ ’ਵਰਸਿਟੀ ਦੀ ਪ੍ਰੀਖਿਆ ਸ਼ਾਖਾ ਬੰਦ
ਨਾਨ-ਟੀਚਿੰਗ ਮੁਲਾਜ਼ਮਾਂ ਦਾ ਧਰਨਾ ਜਾਰੀ; ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਮੰਗ; ਪ੍ਰਸ਼ਾਸਨ ’ਤੇ ਸਿੰਡੀਕੇਟ ਦਾ ਲਾਰਾ ਲਾਉਣ ਦੇ ਦੋਸ਼
ਪੰਜਾਬੀ ਯੂਨੀਵਰਸਿਟੀ ਵਿੱਚ ਬੀ ਅਤੇ ਸੀ ਕਲਾਸ ਕਰਮਚਾਰੀ ਐਸੋਸੀਏਸ਼ਨ ਵੱਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਲਾਇਆ ਗਿਆ ਧਰਨਾ ਲਗਾਤਾਰ ਜਾਰੀ ਰਿਹਾ। ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਵਾਉਣ ਲਈ ਕਾਮਿਆਂ ਨੇ ਰੋਸ ਵਜੋਂ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਦਾ ਕੰਮਕਾਜ ਮੁਕੰਮਲ ਬੰਦ ਕਰ ਕੇ ਸ਼ਾਂਤਮਈ ਧਰਨਾ ਦਿੱਤਾ।
ਇਸ ਮੌਕੇ ਨਾਨ-ਟੀਚਿੰਗ ਮੁਲਾਜ਼ਮ ਸੰਘ ਦੇ ਪ੍ਰਧਾਨ ਗੁਰਜੀਤ ਗੋਪਾਲਪੁਰੀ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਕਲਰਕ, ਸੇਵਾਦਾਰ, ਸਕਿਉਰਿਟੀ ਗਾਰਡ, ਸਫ਼ਾਈ ਸੇਵਕ ਅਤੇ ਮਾਲੀ ਨਿਗੂਣੀਆਂ ਤਨਖਾਹਾਂ ਉੱਤੇ ਸੇਵਾਵਾਂ ਨਿਭਾ ਰਹੇ ਹਨ। ਇਨ੍ਹਾਂ ਨੂੰ ਪੱਕਾ ਕਰਵਾਉਣ ਲਈ ਪ੍ਰਸ਼ਾਸਨ ਨਾਲ ਕਈ ਮੀਟਿੰਗਾਂ ਹੋਈਆਂ, ਪਰ ਹਰ ਵਾਰ ਸਿੰਡੀਕੇਟ ਦਾ ਲਾਰਾ ਲਾ ਕੇ ਮਾਮਲਾ ਲਟਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਖੁਦਮੁਖਤਿਆਰ ਸੰਸਥਾ ਹੋਣ ਕਰਕੇ ਕੱਚੇ ਮੁਲਾਜ਼ਮਾਂ ਨੂੰ ਆਪਣੇ ਪੱਧਰ ਉੱਤੇ ਪੱਕਾ ਕਰ ਸਕਦੀ ਹੈ।
ਆਗੂਆਂ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਦੇ ਪੇਅ ਕਮਿਸ਼ਨ ਦਾ ਬਕਾਇਆ ਅਤੇ ਤਰੱਕੀਆਂ ਲਟਕਾਈਆਂ ਜਾ ਰਹੀਆਂ ਹਨ। ਉਸਾਰੀ ਅਤੇ ਬਾਗ਼ਬਾਨੀ ਵਿਭਾਗ ਦੇ ਕਾਮਿਆਂ ਨੂੰ ਵਿਸ਼ੇਸ਼ ਸਕੱਤਰੇਤ ਭੱਤਾ ਵੀ ਨਹੀਂ ਮਿਲ ਰਿਹਾ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਹੁਣ ਮਜਬੂਰਨ ਸੰਘਰਸ਼ ਤਿੱਖਾ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਅਧਿਕਾਰੀਆਂ ਦੀ ਹੋਵੇਗੀ।
ਸਾਬਕਾ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆ ਨੇ ਆਖਿਆ ਕਿ ਨਿਗੂਣੀ ਤਨਖਾਹ ਉੱਤੇ ਇਮਾਨਦਾਰੀ ਨਾਲ ਕੰਮ ਕਰਦੇ ਕੱਚੇ ਕਾਮਿਆਂ ਨੂੰ ਪੱਕਾ ਕਰਨਾ ਲਾਜ਼ਮੀ ਹੈ। ਉਨ੍ਹਾਂ ਮੰਗ ਕੀਤੀ ਕਿ ਆਉਣ ਵਾਲੀ ਸਿੰਡੀਕੇਟ ਵਿੱਚ ਇਨ੍ਹਾਂ ਨੂੰ ਅੱਖੋਂ-ਪਰੋਖੇ ਨਾ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਦੀ ਟੀਮ ਮੁਲਾਜ਼ਮ ਸੰਘ ਦੇ ਹਰ ਸੰਘਰਸ਼ ਵਿੱਚ ਡਟਵਾਂ ਸਾਥ ਦੇਵੇਗੀ।

