ਦੇਸ਼ ਦੇ ਆਜ਼ਾਦੀ ਸੰਘਰਸ਼ ’ਚ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ: ਸੰਜੀਵ ਅਰੋੜਾ
ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਸੰਘਰਸ਼ਾਂ ਸਦਕਾ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਇਥੇ ਪੁਲੀਸ ਲਾਈਨ ਸਟੇਡੀਅਮ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ।
ਸ੍ਰੀ ਅਰੋੜਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਸਕਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਿੱਥੇ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕੀ, ਉੱਥੇ ਹੀ ਇਹ ਫੈਸਲਾ ਕੀਤਾ ਕਿ ਸਰਕਾਰੀ ਦਫਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀਆਂ ਤਸਵੀਰਾਂ ਲਾਈਆਂ ਜਾਣ। ਮੁਹਾਲੀ ਕੌਮਾਂਤਰੀ ਏਅਰਪੋਰਟ ਦਾ ਨਾਮ ਵੀ ਸ਼ਹੀਦ ਭਗਤ ਸਿੰਘ ਦੇ ਨਾਮ ਉੱਤੇ ਰੱਖਿਆ ਗਿਆ ਅਤੇ ਉੱਥੇ ਸ਼ਹੀਦ ਭਗਤ ਸਿੰਘ ਦਾ ਬੁੱਤ ਵੀ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਨਅਤਾਂ ਦੇ ਵਿਕਾਸ ਲਈ ਉਦਯੋਗਪਤੀਆਂ ਦੀਆਂ ਕਮੇਟੀਆਂ ਦਾ ਗਠਨ-ਅਜਿਹੇ ਫੈਸਲੇ ਹਨ, ਜਿਸ ਨਾਲ ਪੰਜਾਬ ਤਰੱਕੀ ਦੀਆਂ ਨਵੀਆਂ ਇਬਾਰਤਾਂ ਲਿਖਣ ਵੱਲ ਕਦਮ ਵਧਾ ਰਿਹਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈਸਾਈਕਲਾਂ ਦੀ ਵੰਡ ਕਰਨ ਦੇ ਨਾਲ ਨਾਲ ਵੱਖ ਵੱਖ ਖੇਤਰਾਂ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਉਚੇਚੇ ਤੌਰ ਉੱਤੇ ਅਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਵਾਰਸਾਂ ਦਾ ਸਨਮਾਨ ਵੀ ਕੀਤਾ ਗਿਆ।
ਇਸ ਦੌਰਾਨ ਪੰਜਾਬ ਪੁਲੀਸ, ਪੰਜਾਬ ਹੋਮ ਗਾਰਡਜ਼ ਅਤੇ ਵੱਖੋ ਵੱਖ ਸਕੂਲਾਂ ਦੇ ਐਨ.ਸੀ.ਸੀ. ਕੈਡਿਟਸ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਨੇ ਲਾਇਨਜ਼ ਕਲੱਬ ਵੱਲੋਂ ਲਗਾਏ ਖੂਨਦਾਨ ਕੈਂਪ ਵਿੱਚ ਵੀ ਸ਼ਿਰਕਤ ਕੀਤੀ ਤੇ ਖ਼ੂਨ ਦਾਨੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।
ਇਸ ਮੌਕੇ ਡੀਜੀਪੀ ਡਾ. ਨਰੇਸ਼ ਕੁਮਾਰ ਅਰੋੜਾ, ਹਲਕਾ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ, ਡਿਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ, ਪੰਜਾਬ ਲਘੂ ਉਦਯੋਗ ਅਤੇ ਐਕਸਪੋਰਟ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ, ਗੁਰਮੇਲ ਸਿੰਘ ਘਰਾਚੋਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ, ਜਸਬੀਰ ਸਿੰਘ ਕੁਦਨੀ ਚੇਅਰਮੈਨ, ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਬੈਂਬੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਸ਼ਹਿਰ ਵਾਸੀ ਹਾਜ਼ਰ ਸਨ।