ਰਮੇਸ਼ ਭਾਰਦਵਾਜ
ਲਹਿਰਾਗਾਗਾ , 29 ਅਗਸਤ
ਇਥੇ ਬੱਸ ਸਟੈਂਡ ’ਤੇ ਬੀਐਡ ਟੈੱਟ ਪਾਸ ਅਧਿਆਪਕ ਯੂਨੀਅਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਨ੍ਹਾਂ ਸੂਬਾ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ। ਇਸ ਮੌਕੇ ਬੀਐੱਡ ਅਧਿਆਪਕ ਯੂਨੀਅਨ ਦੇ ਮਨਜੀਤ ਸਿੰਘ, ਜਸਵੀਰ ਕੌਰ ਅਤੇ ਕੁਲਦੀਪ ਸਿੰਘ ਨੇ ਦੱਸਿਆ ਕਿ ਭਵਾਨੀਗੜ੍ਹ ਵਿੱਚ ਸਾਥੀਆਂ ਉੱਤੇ ਕੀਤੇ ਲਾਠੀਚਾਰਜ ਅਤੇ ਝੂਠੇ ਪਰਚੇ ਕਰਨ ਦੇ ਵਿਰੋਧ ਵਿੱਚ ਇਹ ਪੁਤਲੇ ਫੂਕੇ ਜਾ ਰਹੇ ਹਨ। ਸਰਕਾਰ ਗੱਲ ਕਰਨ ਦੀ ਬਜਾਏ ਅਧਿਆਪਕਾਂ ਉੱਤੇ ਲਾਠੀਚਾਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 31 ਦਸੰਬਰ ਤੋਂ ਵਿਜੈਇੰਦਰ ਸਿੰਗਲਾ ਦੀ ਕੋਠੀ ਮੂਹਰੇ ਲਗਾਤਾਰ ਧਰਨੇ ਲੱਗ ਰਹੇ ਹਨ, ਪਰ ਸਰਕਾਰ ਕੋਈ ਸੁਣਵਾਈ ਨਹੀਂ ਕਰ ਰਹੀ। ਉਨ੍ਹਾਂ ਮੰਗ ਕਰਦਿਆਂ ਕਿਹਾ, ਕਿ ਅਧਿਆਪਕਾਂ ਤੇ ਪਾਏ ਝੂਠੇ ਪਰਚੇ ਰੱਦ ਕੀਤੇ ਜਾਣ ਅਤੇ ਅਧਿਆਪਕ ਭਰਤੀ ਦਾ ਇਸ਼ਤਿਹਾਰ ਤੁਰੰਤ ਜਾਰੀ ਕੀਤਾ ਜਾਵੇ।