ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 9 ਅਗਸਤ
ਪੀ.ਡਬਲਿਯੂ.ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਸਥਾਨਕ ਬਰਾਂਚ ਦੀ ਮੀਟਿੰਗ ਬਰਾਂਚ ਪ੍ਰਧਾਨ ਮਾਲਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪੰਜਾਬ ਸਰਕਾਰ ਖ਼ਿਲਾਫ ਰੋਸ ਜਤਾਇਆ ਗਿਆ। ਮੀਟਿੰਗ ’ਚ ਫੈਸਲਾ ਕੀਤਾ ਗਿਆ ਕਿ ਪੀ.ਡਬਲਿਯੂ.ਡੀ. ਤਾਲਮੇਲ ਸੰਘਰਸ਼ ਕਮੇਟੀ ਵੱਲੋਂ 12 ਅਗਸਤ ਨੂੰ ਪਟਿਆਲਾ ਵਿੱਚ ਕੀਤੀ ਜਾਣ ਵਾਲੀ ਰੈਲੀ ਵਿੱਚ ਵੱਡੀ ਤਾਦਾਦ ’ਚ ਸ਼ਮੂਲੀਅਤ ਕੀਤੀ ਜਾਵੇਗੀ।
ਜਨਰਲ ਸਕੱਤਰ ਭੁਪਿੰਦਰ ਸਿੰਘ ਖਿਲਰੀਆਂ ਅਤੇ ਵਿੱਤ ਸਕੱਤਰ ਬਲਦੇਵ ਸਿੰਘ ਬਡਰੁੱਖਾਂ ਨੇ ਕਿਹਾ ਕਿ ਸੰਨ 2011 ਵਿੱਚ ਬਣੀ ਮੰਤਰੀਆਂ ਦੀ ਕਮੇਟੀ ਨੇ ਇਨ੍ਹਾਂ ਵਿਭਾਗਾਂ ਦੇ ਫੀਲਡ ਕਾਮਿਆਂ ਨਾਲ ਬੇਇਨਸਾਫ਼ੀ ਕਰਦਿਆਂ ਤਕਨੀਕੀ ਕਾਮਿਆਂ ਅਤੇ ਵੱਧ ਯੋਗਤਾ ਹੋਣ ਦੇ ਬਾਵਜੂਦ ਬਾਕੀ ਵਿਭਾਗਾਂ ਤੋਂ ਘੱਟ ਤਨਖਾਹ ਸਕੇਲ ਦਿੱਤੇ ਗਏ। ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਖੀ ਵੱਲੋਂ ਸਿਫ਼ਾਰਿਸ਼ ਅਤੇ ਲਗਾਤਾਰ ਸਰਕਾਰ ਦੇ ਨੁਮਾਇੰਦਿਆਂ ਨੂੰ ਮਿਲਣ ਦੇ ਬਾਵਜੂਦ ਫੀਲਡ ਕਾਮਿਆਂ ਨੂੰ ਸਰਕਾਰ ਵੱਲੋਂ ਇਹ ਭਰੋਸਾ ਦਿੱਤਾ ਜਾਂਦਾ ਰਿਹਾ ਕਿ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਵਿੱਚ ਮੁਲਾਜ਼ਮਾਂ ਨਾਲ ਬੇਇਨਸਾਫ਼ੀ ਦੂਰ ਕਰ ਦਿੱਤੀ ਜਾਵੇਗੀ ਪਰ ਹੁਣ ਮੁੜ ਇਨ੍ਹਾਂ ਕਾਮਿਆਂ ਦੀ ਆਵਾਜ਼ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 12 ਅਗਸਤ ਨੂੰ ਪਟਿਆਲਾ ਵਿੱਚ ਹੋਣ ਵਾਲੀ ਰੋਸ ਰੈਲੀ ਵਿਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ’ਚ ਗੁਰਚਰਨ ਸਿੰਘ, ਚਿੱਤਰਾ ਬਹਾਦਰ, ਰਾਮ ਕ੍ਰਿਸ਼ਨ, ਭੁਪਿੰਦਰ ਚੱਠਾ, ਕੀਰਤ ਸਿੰਘ ਅਤੇ ਹਰਵਿੰਦਰ ਸਿੰਘ ਸ਼ਾਮਲ ਸਨ।