ਰਮੇਸ਼ ਭਾਰਦਵਾਜ
ਲਹਿਰਾਗਾਗਾ , 6 ਅਪਰੈਲ
ਤਿੰਨ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਪ੍ਰਾਇਮਰੀ ਅਧਿਆਪਕਾਂ ਵਲੋਂ ਅੱਜ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਅਤੇ ਸਹਿਯੋਗੀ ਜਥੇਬੰਦੀਆਂ ਦੇ ਸਹਿਯੋਗ ਨਾਲ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਵਿੱਚ ਰੋਸ ਧਰਨਾ ਦਿੱਤਾ ਗਿਆ।
ਧਰਨੇ ਨੂੰ ਸੰਬੋਧਨ ਕਰਦਿਆਂ ਡੀਟੀਐੱਫ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ ਅਤੇ ਜਰਨਲ ਸਕੱਤਰ ਹਰਭਗਵਾਨ ਗੁਰਨੇ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਅਧਿਆਪਕ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਹਨ, ਜਿਸ ਕਾਰਨ ਉਨ੍ਹਾਂ ਵਿਚ ਭਾਰੀ ਰੋਸ ਹੈ। ਡੀਟੀਐੱਫ ਦੇ ਬਲਾਕ ਪ੍ਰਧਾਨ ਗੁਰਪ੍ਰੀਤ ਪਸ਼ੌਰ ਅਤੇ ਬਲਾਕ ਜਰਨਲ ਸਕੱਤਰ ਗੁਰਮੀਤ ਸੇਖੂਵਾਸ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਹੀ ਅਧਿਆਪਕਾਂ ਦੀਆਂ ਰੁਕੀਆਂ ਤਨਖਾਹਾਂ ਜਾਰੀ ਕੀਤੀਆਂ ਜਾਣ। ਇਸ ਤੋਂ ਇਲਾਵਾ ਅਧਿਆਪਕਾਂ ਦੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ਤੇ ਕੱਚੇ ਅਧਿਆਪਕ ਅਤੇ ਕੱਚੇ ਦਫਤਰੀ ਕਾਮੇ ਰੈਗੂਲਰ ਕੀਤੇ ਜਾਣ।
ਧਰਨੇ ਉਪਰੰਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਜਿੰਦਰ ਕੁਮਾਰ ਵੱਲੋਂ ਅਧਿਆਪਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਤਨਖਾਹ ਦਾ ਬਜਟ ਆ ਚੁੱਕਾ ਹੈ, ਜਿਸ ਕਰਕੇ ਜਲਦੀ ਹੀ ਅਧਿਆਪਕਾਂ ਦੀਆਂ ਰੁਕੀਆਂ ਤਨਖਾਹਾਂ ਜਾਰੀ ਕਰ ਦਿੱਤੀਆਂ ਜਾਣਗੀਆਂ। ਇਸ ਮੌਕੇ ਭਰਾਤਰੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮਾਸਟਰ ਗੁਰਚਰਨ ਖੋਖਰ ਅਤੇ 4500 ਈਟੀਟੀ ਯੂਨੀਅਨ ਵੱਲੋਂ ਹਰਦੀਪ ਕੈਂਪ ਨੇ ਧਰਨੇ ਨੂੰ ਸੰਬੋਧਨ ਕੀਤਾ।
ਤਨਖ਼ਾਹ ਦੀ ਮੰਗ ਸਬੰਧੀ ਕਾਲਜ ਅੱਗੇ ਧਰਨਾ ਜਾਰੀ
ਬਾਬਾ ਹੀਰਾ ਸਿੰਘ ਭੱਠਲ ਕਾਲਜ ਦੇ ਸਟਾਫ ਨੂੰ ਤਿੰਨ ਸਾਲਾਂ ਤੋਂ ਲਗਾਤਾਰ ਤਨਖ਼ਾਹ ਨਾ ਮਿਲਣ ਕਾਰਨ ਗੇਟ ਮੂਹਰੇ ਲਗਾਤਾਰ ਲੱਗਿਆ ਧਰਨਾ 97ਵੇਂ ਦਿਨ ਵਿੱਚ ਪਹੁੰਚ ਗਿਆ ਹੈ। ਕਾਲਜ ਸਟਾਫ ਦੇ ਆਗੂ ਕਮਲ ਗਰਗ, ਰਾਜ ਕੁਮਾਰ ਰਾਣਾ ਨੇ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ 36 ਮਹੀਨਿਆਂ ਤੋਂ ਤਨਖਾਹ ਵਜੋਂ ਕੋਈ ਪੈਸਾ ਨਹੀਂ ਮਿਲਿਆ, ਜਿਸ ਕਾਰਨ ਘਰ ਦੇ ਹਾਲਾਤ ਬਦਤਰ ਹੁੰਦੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਤਨਖ਼ਾਹ ਨਾ ਮਿਲਣ ਕਾਰਨ ਬਣੇ ਹਾਲਾਤ ਮਗਰੋਂ ਪਿਛਲੇ ਦਿਨੀਂ ਦਵਿੰਦਰ ਸਿੰਘ ਨੇ ਦਫ਼ਤਰ ਅੰਦਰ ਹੀ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਆਗੂਆਂ ਨੇ ਕਿਹਾ ਕਿ ਦਵਿੰਦਰ ਸਿੰਘ ਦੀ ਸ਼ਹਾਦਤ ਮਗਰੋਂ ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਪੰਜ ਲੱਖ ਦਾ ਚੈੱਕ ਪੀੜਤ ਪਰਿਵਾਰ ਨੂੰ ਸੌਂਪ ਦਿੱਤਾ ਸੀ, ਪੰਜ ਲੱਖ ਰੁਪਏ ਦਾ ਚੈੱਕ ਭੋਗ ਮੌਕੇ ਅਤੇ ਬਾਕੀ ਦੀਆਂ ਦੀ ਸਟਾਫ ਨੂੰ ਛੇ ਮਹੀਨਿਆਂ ਦੀ ਤਨਖਾਹ ਦੇਣ ਦਾ ਵੀ ਐਲਾਨ ਕੀਤਾ। ਇਸ ਤੋਂ ਇਲਾਵਾ ਪੀੜਤ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਅਤੇ ਹੋਰ ਵਿੱਤੀ ਲਾਭ ਦੇਣ ਦਾ ਭਰੋਸਾ ਦਿੱਤਾ ਸੀ। ਧਰਨਾਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਤਨਖਾਹਾਂ ਰਿਲੀਜ਼ ਨਹੀਂ ਹੁੰਦੀਆਂ ਅਤੇ ਅੱਗੇ ਤੋਂ ਤਨਖਾਹਾਂ ਸਬੰਧੀ ਪੱਕੇ ਪ੍ਰਬੰਧ ਨਹੀਂ ਕੀਤੇ ਜਾਂਦੇ, ਕਾਲਜ ਮੂਹਰੇ ਧਰਨਾ ਜਾਰੀ ਰਹੇਗਾ। ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਕਿਹਾ ਕਿ ਉਨ੍ਹਾਂ ਲਗਾਤਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਰਾਬਤਾ ਕਾਇਮ ਕੀਤਾ ਹੋਇਆ ਹੈ, ਜਿਸ ਦੇ ਜਲਦੀ ਹੀ ਸਾਰਥਕ ਨਤੀਜੇ ਸਾਹਮਣੇ ਆਉਣਗੇ।