ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 12 ਦਸੰਬਰ
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਸੁਨਾਮ ਦੇ ਰੇਲਵੇ ਸਟੇਸ਼ਨ ’ਤੇ ਇਕੱਠੇ ਹੋਏ ਖੇਤ ਮਜ਼ਦੂਰ ਮਰਦ ਤੇ ਔਰਤਾਂ ਵੱਲੋਂ ਰੇਲਵੇ ਲਾਈਨਾਂ ’ਤੇ ਧਰਨਾ ਲਾ ਕੇ ਰੇਲ ਆਵਾਜਾਈ ਠੱਪ ਕੀਤੀ ਗਈ। ਧਰਨਾਕਾਰੀਆਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਮਜ਼ਦੂਰਾਂ ਨਾਲ ਕੀਤੇ ਵਾਅਦਿਆਂ ਤੋਂ ਪਿੱਛੇ ਹੱਟ ਰਹੀ ਹੈ।
ਧਰਨੇ ਵਿਚ ਮੌਜੂਦ ਪੰਜਾਬ ਖੇਤ ਮਜ਼ਦੂਰ ਯੂਨੀਅਨ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ), ਦਿਹਾਤੀ ਮਜ਼ਦੂਰ ਸਭਾ, ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਅਤੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂਆਂ ਹਰਭਗਵਾਨ ਸਿੰਘ ਮੂਨਕ, ਸੰਜੀਵ ਮਿੰਟੂ, ਗੋਬਿੰਦ ਸਿੰਘ ਛਾਜਲੀ, ਪਰਗਟ ਸਿੰਘ ਕਾਲਾਝਾੜ ਅਤੇ ਨਿਰਮਲ ਸਿੰਘ ਬਟੜਿਆਣਾ ਨੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਮਜ਼ਦੂਰ ਵਰਗ ਲਈ ਘਾਤਕ ਸਿੱਧ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਨਾਲ ਕੀਤੀ ਵਾਅਦਾ ਖਿਲਾਫੀ ਇਹ ਸਾਬਤ ਕਰਦੀ ਹੈ ਕਿ ਚੰਨੀ ਸਰਕਾਰ ਦਲਿਤਾਂ ਮਜ਼ਦੂਰਾਂ ਦੇ ਹੱਕ ਵਿਚ ਨਹੀਂ ਹੈ। ਬੁਲਾਰਿਆਂ ਨੇ ਕਿਹਾ ਕਿ ਲੰਘੀ 23 ਨਵੰਬਰ ਨੂੰ ਚੰਡੀਗੜ੍ਹ ਵਿਖੇ ਸਾਂਝੇ ਮੋਰਚੇ ਦੇ ਆਗੂਆਂ ਅਤੇ ਸਰਕਾਰ ਦੇ ਪ੍ਰਮੁੱਖ ਅਧਿਕਾਰੀਆਂ ਦਰਮਿਆਨ ਹੋਈ ਮੀਟਿੰਗ ਵਿਚ ਮਜ਼ਦੂਰਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਸਨ ਪਰ ਹਾਲੇ ਤੱਕ ਇਹ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀਆਂ 5-5 ਮਰਲਿਆਂ ਦੇ ਪਲਾਟ, ਸਹਿਕਾਰੀ ਸੁਸਾਇਟੀ ‘ਚ ਚੌਥਾ ਹਿੱਸਾ ਰਾਖਵਾਂਕਰਨ ਕਰ ਕੇ 50000 ਰੁਪਏ ਤੱਕ ਦੇ ਕਰਜ਼ੇ ਦੇਣ, ਪੁੱਟੇ ਗਏ ਬਿਜਲੀ ਮੀਟਰ ਤੁਰੰਤ ਲਾੳਣ, ਰਸੋਈ ‘ਚ ਖਾਣ ਪੀਣ ਵਾਲੀਆਂ ਵਸਤਾਂ ਸਸਤੇ ਭਾਅ ‘ਤੇ ਦੇਣਾ ਯਕੀਨੀ ਬਣਾਉਣ ਵਰਗੀਆਂ ਮੰਨੀਆਂ ਗਈਆਂ ਮੰਗਾਂ ਲਾਗੂ ਨਹੀਂ ਕੀਤੀਆਂ ਗਈਆਂ। ਇਸ ਮੌਕੇ ਮਜ਼ਦੂਰ ਆਗੂਆਂ ਲਖਵੀਰ ਲੌਂਗੋਵਾਲ, ਬਲਵਿੰਦਰ ਜਲੂਰ, ਗੋਪੀ ਗਿਰ ਕੱਲਰਭੈਣੀ, ਰਾਜਵਿੰਦਰ ਝਨੇੜੀ, ਪ੍ਰੇਮ ਸਿੰਘ ਅਤੇ ਸੁਰਿੰਦਰ ਭੈਣੀ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਮਜ਼ਦੂਰ ਵਰਗ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੋਰਚੇ ਵੱਲੋਂ ਹੋਰ ਵੀ ਸਖਤ ਫੈਸਲੇ ਲਏ ਜਾਣਗੇ।