ਰਾਜਾ ਬੀਰ ਕਲਾਂ ਵੱਲੋਂ ਸਿਆਸੀ ਸਰਗਰਮੀਆਂ ਤੇਜ਼
ਕਾਂਗਰਸੀ ਆਗੂ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਸੁਨਾਮ ਵਿਧਾਨ ਸਭਾ ਹਲਕੇ ਤੋਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸ੍ਰੀ ਰਾਜਾ ਬੀਰ ਕਲਾਂ ਵਲੋਂ ਵੱਖ-ਵੱਖ ਪਿੰਡਾਂ ਵਿਚ ਪਾਰਟੀ ਵਰਕਰਾਂ ਅਤੇ ਆਪਣੇ ਸਮਰਥਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਵਰਕਰਾਂ ਨੂੰ ਪਾਰਟੀ ਦੇ ਹੱਕ ਵਿਚ ਲਾਮਬੰਦ ਕੀਤਾ ਜਾ ਰਿਹਾ ਹੈ। ਪਿੰਡ ਤੁੰਗਾਂ ਵਿੱਚ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਪਾਰਟੀ ਵਰਕਰਾਂ ਤੇ ਸਮਰਥਕਾਂ ਨਾਲ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜਿੰਦਰ ਸਿੰਘ ਰਾਜਾ ਨੇ ਕਿਹਾ ਕਿ ਲੋਕ ਪੰਜਾਬ ਦੀ ਵਾਂਗਡੋਰ ਆਮ ਆਦਮੀ ਪਾਰਟੀ ਦੇ ਹੱਥਾਂ ਵਿਚ ਸੌਂਪ ਕੇ ਪਛਤਾ ਰਹੇ ਹਨ ਕਿਉਂਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ ਪਰ ਵਾਅਦੇ ਪੂਰੇ ਕਰਨ ਦੀ ਬਜਾਏ ਸਰਕਾਰ ਸਿਰਫ਼ ਐਲਾਨਾਂ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ। ‘ਆਪ’ ਨੂੰ ਸੱਤਾ ਵਿਚ ਆਇਆਂ ਕਰੀਬ ਸਾਢੇ ਤਿੰਨ ਸਾਲ ਦਾ ਸਮਾਂ ਬੀਤ ਚੁੱਕਿਆ ਹੈ ਪਰ ਹਾਲੇ ਤੱਕ ਪੰਜਾਬ ਦੀਆਂ ਔਰਤਾਂ ਨੂੰ ਗਿਆਰਾਂ ਗਿਆਰਾਂ ਸੌ ਰੁਪਏ ਦੇਣ ਦਾ ਵਾਅਦਾ ਪੂਰਾ ਨਹੀਂ ਕੀਤਾ ਗਿਆ ਜਦੋਂ ਕਿ ਸਰਕਾਰ ਦਾ ਸਿਰਫ਼ ਡੇਢ ਸਾਲ ਬਾਕੀ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਡਾਂਵਾਂਡੋਲ ਹੋ ਚੁੱਕੀ ਹੈ। ਨਿੱਤ ਦਿਨ ਅਪਰਾਧਿਕ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਹੈ। ਉਨ੍ਹਾਂ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਲਾਮਬੰਦ ਹੋਣ ਦਾ ਸੱਦਾ ਦਿੱਤਾ। ਪਿੰਡ ਦੇ ਪਤਵੰਤੇ ਵਿਅਕਤੀਆਂ ਵਲੋਂ ਰਾਜਾ ਬੀਰ ਕਲਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਦਰਸ਼ਨ ਸਿੰਘ ਪ੍ਰਧਾਨ, ਜਗਪਾਲ ਸਿੰਘ ਸਾਬਕਾ ਸਰਪੰਚ, ਜੱਸੀ ਨੰਬਰਦਾਰ ਤੇ ਅਮਰ ਸਿੰਘ ਆਦਿ ਮੌਜੂਦ ਸਨ।