ਗੁਰਦੀਪ ਸਿੰਘ ਲਾਲੀ
ਸੰਗਰੂਰ, 18 ਅਗਸਤ
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਰਾਜਸਥਾਨ ਵਿੱਚ ਸਕੂਲ ਪ੍ਰਿੰਸੀਪਲ ਵੱਲੋਂ 9 ਸਾਲਾ ਦਲਿਤ ਵਿਦਿਆਰਥੀ ਦੀ ਕੁੱਟ-ਕੁੱਟ ਕੇ ਹੱਤਿਆ ਕਰਨ ਦੀ ਘਟਨਾ ਖ਼ਿਲਾਫ਼ ਮਜ਼ਦੂਰ ਵਰਗ ਵਲੋਂ ਪਿੰਡ ਤੁੰਗਾਂ ਅਤੇ ਰਾਮਨਗਰ ਸਬਿੀਆਂ ਵਿੱਚ ਰੋਸ ਰੈਲੀਆਂ ਕੀਤੀਆਂ ਗਈਆਂ ਅਤੇ ਘਟਨਾ ਦੇ ਦੋਸ਼ੀ ਪ੍ਰਿੰਸੀਪਲ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ। ਰੋਸ ਰੈਲੀਆਂ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਲਖਵੀਰ ਸਿੰਘ ਲੌਂਗੋਵਾਲ, ਗੁਰਲਾਲ ਸਿੰਘ ਅਤੇ ਸਤਿਗੁਰ ਸਿੰਘ ਤੁੰਗਾਂ ਨੇ ਕਿਹਾ ਕਿ ਰਾਜਸਥਾਨ ਦੇ ਪਿੰਡ ਸੁਰਾਣਾ ਵਿਖੇ ਆਰਐੱਸਐੱਸ ਦੇ ਸਰਸਵਤੀ ਵਿਦਿਆ ਮੰਦਰ ਸਕੂਲ ਵਿੱਚ ਤੀਜੀ ਜਮਾਤ ਵਿਚ ਪੜ੍ਹਦੇ 9 ਸਾਲਾ ਦਲਿਤ ਵਿਦਿਆਰਥੀ ਇੰਦਰ ਮੇਘੇਵਾਲ ਨੂੰ ਘੜੇ ਵਿਚੋਂ ਪਾਣੀ ਪੀਣ ਕਾਰਨ ਉਥੋਂ ਦੇ ਪ੍ਰਿੰਸੀਪਲ ਵਲੋਂ ਬਹੁਤ ਹੀ ਬੇਰਹਿਮੀ ਨਾਲ ਕੁੱਟ-ਕੁੱਟ ਕੇ ਜਾਨੋਂ ਮਾਰ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਅੰਦਰ ਆਰਐੱਸਐੱਸ ਆਪਣੇ ਅਸਲੀ ਏਜੰਡੇ ਨੂੰ ਲਾਗੂ ਕਰਨਾ ਚਾਹੁੰਦੀ ਹੈ ਜਿਸ ਅੰਦਰ ਦਲਿਤਾਂ, ਆਦਿਵਾਸੀਆਂ ਅਤੇ ਘੱਟ ਗਿਣਤੀਆਂ ਨੂੰ ਦਬਾ ਕੇ ਰੱਖਣਾ ਚਾਹੁੰਦੀ ਹੈ। ਇਹੋ ਕਾਰਨ ਹੈ ਕਿ ਘੱਟ ਗਿਣਤੀਆਂ, ਦਲਿਤਾਂ ਅਤੇ ਆਦਿਵਾਸੀਆਂ ਉਪਰ ਜਬਰ ਹੋ ਰਿਹਾ ਹੈ। ਇਨ੍ਹਾਂ ਦੇ ਹੱਕ ਵਿਚ ਆਵਾਜ਼ ਉਠਾਉਣ ਵਾਲੇ ਬੁੱਧੀਜੀਵੀਆਂ, ਲੇਖਕਾਂ, ਪੱਤਰਕਾਰਾਂ ਅਤੇ ਜਮਹੂਰੀ ਕਾਰਕੁੰਨਾਂ ਦੀ ਆਵਾਜ਼ ਨੂੰ ਦਬਾਉਣ ਲਈ ਝੂਠੇ ਕੇਸਾਂ ਵਿਚ ਜੇਲ੍ਹ ਡੱਕ ਦਿੱਤਾ ਜਾਂਦਾ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਰਾਜਸਥਾਨ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਸਰਕਾਰ ਪ੍ਰਿੰਸੀਪਲ ਦੇ ਖ਼ਿਲਾਫ਼ ਸਖਤ ਕਾਰਵਾਈ ਕਰਦਿਆਂ ਮਿਸਾਲੀ ਸਜ਼ਾ ਦਿੱਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਅਜਿਹੀ ਘਟਨਾ ਨਾ ਵਾਪਰੇ। ਇਸ ਮੌਕੇ ਸੁਰਿੰਦਰ ਸਿੰਘ ਛਿੰਦਾ, ਗੁਰੀ ਮੰਡੇਰ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।