ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 14 ਫਰਵਰੀ
ਸਮਾਜਿਕ ਕਾਰਕੁਨ ਨੌਦੀਪ ਕੌਰ ਦੀ ਰਿਹਾਈ ਲਈ ਵੱਖ ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਸੁਨਾਮ ਦੇ ਵੱਖ ਵੱਖ ਪਿੰਡਾਂ ਵਿਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਅੱਜ ਇੱਥੋਂ ਨੇੜਲੇ ਪਿੰਡ ਨਮੋਲ ਵਿੱਚ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ), ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ), ਬੀਕੇਯੂ (ਉਗਰਾਹਾਂ) ਅਤੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਵੱਲੋਂ ਸਾਂਝੇ ਤੌਰ ’ਤੇ ਮੋਦੀ ਹਕੂਮਤ ਖ਼ਿਲਾਫ਼ ਪਿੱਟ ਸਿਆਪਾ ਕਰਦਿਆਂ ਅਰਥੀ ਸਾੜੀ ਗਈ। ਇਸ ਮੌਕੇ ਸੰਜੀਵ ਮਿੰਟੂ, ਜਗਸੀਰ ਨਮੋਲ, ਹੈਪੀ ਸਿੰਘ, ਮਨਜੀਤ ਸਿੰਘ, ਬਿਮਲ ਕੌਰ ਅਤੇ ਮਨਜੀਤ ਕੌਰ ਨੇ ਸੰਬੋਧਨ ਕਰਦਿਆਂ ਨੌਦੀਪ ਕੌਰ ਸਮੇਤ ਗ੍ਰਿਫ਼ਤਾਰ ਕੀਤੇ ਆਗੂਆਂ ਅਤੇ ਵਰਕਰਾਂ ਨੂੰ ਫੌਰੀ ਰਿਹਾਅ ਕਰਨ, ਖੇਤੀ ਵਿਰੋਧੀ ਕਾਨੂੰਨ ਰੱਦ ਕਰਨ ਅਤੇ ਕਿਰਤ ਕਾਨੂੰਨਾਂ ’ਚ ਕੀਤੀਆਂ ਸੋਧਾਂ ਵਾਪਸ ਲਏ ਜਾਣ ਦੀ ਮੰਗ ਕੀਤੀ। ਆਗੂਆਂ ਕਿਹਾ ਕਿ ਮੋਦੀ ਸਰਕਾਰ ਉਦਾਰੀਕਰਨ, ਸੰਸਾਰੀਕਰਨ ਅਤੇ ਨਿੱਜੀਕਰਨ ਦੀਆਂ ਨੀਤੀਆਂ ਉੱਪਰ ਚੱਲਦਿਆਂ ਮਨੁੱਖ ਦੇ ਮੌਲਿਕ ਅਧਿਕਾਰਾਂ ਦਾ ਘਾਣ ਕਰਨ ਲੱਗੀ ਹੋਈ ਹੈ। ਪ੍ਰਧਾਨ ਮੰਤਰੀ ਵੱਲੋਂ ਅੰਦੋਲਨਕਾਰੀਆਂ ਨੂੰ ਅੰਦੋਲਨਜੀਵੀ ਕਹਿਣ ਦੀ ਨਿੰਦਾ ਕਰਦਿਆਂ ਬੁਲਾਰਿਆਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਦਾ ਸੰਵਿਧਾਨਿਕ ਅਧਿਕਾਰ ਹਾਸਲ ਹੈ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਅਜਿਹੇ ਸ਼ਬਦ ਵਰਤਣਾ ਅਤਿ ਸ਼ਰਮਨਾਕ ਗੱਲ ਹੈ।