ਗੁਰਦੀਪ ਸਿੰਘ ਲਾਲੀ
ਸੰਗਰੂਰ, 30 ਸਤੰਬਰ
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਨਿੱਜੀ ਫਾਇਨਾਂਸ ਕੰਪਨੀਆਂ ਦੇ ਕਰਜ਼ਿਆਂ ਵਿਚ ਫਸੀਆਂ ਪੇਂਡੂ ਅਤੇ ਸ਼ਹਿਰੀ ਔਰਤਾਂ ਅਤੇ ਮਜ਼ਦੂਰਾਂ ਸਿਰਫ਼ ਚੜ੍ਹੇ ਕਰਜ਼ੇ ਨੂੰ ਮੁਆਫ਼ ਕਰਾਉਣ ਲਈ ਸਥਾਨਕ ਅਨਾਜ ਮੰਡੀ ਵਿਚ ਰੈਲੀ ਕੀਤੀ ਗਈ। ਰੈਲੀ ਵਿਚ ਮਜ਼ਦੂਰ ਅਤੇ ਪੇਂਡੂ ਔਰਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਮੋਦੀ ਸਰਕਾਰ ਵਲੋਂ ਕਿਰਤ ਕਾਨੂੰਨਾਂ ਵਿਚ ਕੀਤੀਆਂ ਮਜ਼ਦੂਰ ਮਾਰੂ ਸੋਧਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।
ਰੈਲੀ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਓ, ਸੂਬਾ ਸਕੱਤਰ ਕਾਮਰੇਡ ਹਰਵਿੰਦਰ ਸਿੰਘ ਸੇਮਾ ਅਤੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਮਜ਼ਦੂਰ ਵਰਗ ਅਤੇ ਪੇਂਡੂ ਔਰਤਾਂ ਕਰਜ਼ਿਆਂ ਦੇ ਜਾਲ ਵਿਚ ਜਕੜੀਆਂ ਹੋਈਆਂ ਹਨ। ਉਨ੍ਹਾਂ ਦਾ ਕਰਜ਼ਾ ਮੁਆਫ਼ ਕਰਕੇ ਰਾਹਤ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਸ ਤਰਾਂ ਚੰਨੀ ਸਰਕਾਰ ਵਲੋਂ ਬੇਜ਼ਮੀਨੇ ਐਸ.ਸੀ. ਮਜ਼ਦੂਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ ਅਤੇ ਬਿਜਲੀ ਬਿਲਾਂ ਦੇ ਬਕਾਏ ਮੁਆਫ਼ ਕਰਨ ਦਾ ਐਲਾਨ ਕੀਤਾ ਗਿਆ ਹੈ, ਉਸੇ ਤਰਾਂ ਔਰਤਾਂ ਅਤੇ ਮਜ਼ਦੂਰ ਵਰਗ ਨੂੰ ਕਰਜ਼ਾ ਮੁਕਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਰਿਹਾਇਸ਼ੀ ਪਲਾਟ ਦੇਣ ਦੇ ਬਲਾਕ ਅਫਸਰਾਂ ਨੂੰ ਜਾਰੀ ਕੀਤੇ ਪੱਤਰਾਂ ਵਿਚ 2 ਅਕਤੂਬਰ ਤੱਕ ਬੇਘਰੇ ਗਰੀਬ ਪਰਿਵਾਰਾਂ ਦੀ ਸਨਾਖ਼ਤ ਕਰਕੇ ਅਤੇ ਗਰਾਮ ਸਭਾ ਦੇ ਇਜਲਾਸ ਵਿਚ ਪਾਸ ਕਰਨ ਦੇ ਦਿੱਤੇ ਆਦੇਸ਼ ਸਿਰਫ਼ ਖਾਨਾਪੂਰਤੀ ਲੱਗ ਰਹੇ ਹਨ ਕਿਉਂਕਿ ਦੋ ਅਕਤੂਬਰ ਤੱਕ ਇਹ ਕੰਮ ਮੁਕੰਮਲ ਹੋਣਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਜੇਕਰ ਬੇਜ਼ਮੀਨੇ ਐਸ.ਸੀ. ਪਰਿਵਾਰਾਂ ਨੂੰ ਸੱਚਮੁੱਚ ਹੀ ਪਲਾਟ ਦੇਣਾ ਚਾਹੁੰਦੀ ਹੈ ਤਾਂ 2 ਅਕਤੂਬਰ ਦੀ ਤਾਰੀਖ ਵਧਾ ਕੇ 20 ਨਵੰਬਰ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਮਜ਼ਦੂਰਾਂ ਅਤੇ ਕਿਸਾਨਾਂ ਸਿਰ ਚੜ੍ਹੇ ਸਮੁੱਚੇ ਕਰਜ਼ਿਆਂ ਉਪਰ ਲੀਕ ਮਾਰੀ ਜਾਵੇ, ਨਿੱਜੀ ਫਾਇਨਾਂਸ ਕੰਪਨੀਆਂ ਦੇ ਮੱਕੜ ਜਾਲ ਵਿਚ ਫਸੀਆਂ ਪੇਂਡੂ ਤੇ ਸ਼ਹਿਰੀ ਮਜ਼ਦੂਰ ਔਰਤਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਪੰਜਾਬ ਭਰ ਵਿਚ ਅੰਦੋਲਨ ਤੇਜ਼ ਕੀਤਾ ਜਾਵੇਗਾ।