ਬੀਰਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 12 ਸਤੰਬਰ
ਕੈਪਟਨ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਖ਼ਿਲਾਫ਼ 13 ਸਤੰਬਰ ਨੂੰ ਮੋਤੀ ਮਹਿਲ ਪਟਿਆਲਾ ਦੇ ਘਿਰਾਓ ਦੇ ਸਾਂਝੇ ਮਜ਼ਦੂਰ ਮੋਰਚੇ ਵਲੋਂ ਉਲੀਕੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਾਸਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪਿੰਡ ਨਮੋਲ ਦੀ ਮਿਰਜ਼ਾ ਪੱਤੀ ਵਿਖੇ ਲੋਕਾਂ ਨੂੰ ਲਾਮਬੰਦ ਕਰਨ ਲਈ ਨੁੱਕੜ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ ਨੇ ਕਿਹਾ ਕਿ 25 ਅਗਸਤ ਦੀ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਅਤੇ ਮਹਿਕਮਿਆਂ ਦੇ ਅਧਿਕਾਰੀਆਂ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਚ ਸਾਂਝੇ ਮਜ਼ਦੂਰ ਮੋਰਚੇ ਦੇ ਆਗੂਆਂ ਨਾਲ ਪੈਨਲ ਮੀਟਿੰਗ ਵਿੱਚ ਪੂਰਨ ਭਰੋਸਾ ਦਿਵਾਇਆ ਗਿਆ ਸੀ ਕਿ ਬਿਜਲੀ ਦੇ ਕੱਟੇ ਕੁਨੈਕਸ਼ਨ ਤੁਰੰਤ ਜੋੜੇ ਜਾਣਗੇ, ਰਾਸ਼ਨ ਕਾਰਡਾਂ ਵਿਚੋਂ ਕੱਟੇ ਨਾਂ ਜੋੜੇ ਜਾਣਗੇ ਅਤੇ ਨਵੇਂ ਰਾਸ਼ਨ ਕਾਰਡ ਬਣਾਏ ਜਾਣਗੇ, ਇਸ ਸਬੰਧੀ ਵੱਖ ਵੱਖ ਜ਼ਿਲ੍ਹਿਆਂ ਅੰਦਰ ਨੋਟੀਫਿਕੇਸ਼ਨ ਜਾਰੀ ਕਰਨ ਦਾ ਫ਼ੈਸਲਾ ਸੁਣਾਇਆ ਗਿਆ ਸੀ ਪਰ ਫ਼ੈਸਲੇ ਉੱਪਰ ਕੋਈ ਅਮਲ ਨਹੀਂ ਹੋਇਆ। ਇਸ ਲਈ ਕੈਪਟਨ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਖ਼ਿਲਾਫ਼ ਰੋਸ ਪ੍ਰਗਟਾਇਆ ਜਾਵੇਗਾ।