ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 16 ਸਤੰਬਰ
ਪੰਜਾਬ ਰੋਡਵੇਜ਼ ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਅਗਵਾਈ ਹੇਠ ਪੀਆਰਟੀਸੀ ਦੇ ਵਰਕਰਾਂ ਵੱਲੋਂ ਸਥਾਨਕ ਡਿੱਪੂ ਅੱਗੇ ਗੇਟ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਆਗੂ ਜਤਿੰਦਰ ਸਿੰਘ ਦੀਦਾਰਗੜ੍ਹ ਨੇ ਕਿਹਾ ਕਿ ‘ਆਪ’ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੇ ਰਾਹ ’ਤੇ ਚੱਲ ਰਹੀ ਹੈ। ਕੱਚੇ ਵਰਕਰਾਂ ਨੂੰ ਰੈਗੂਲਰ ਕਰਨ ਦੀ ਥਾਂ ਸਰਕਾਰ ਨਿਗੂਣੀਆਂ ਤਨਖਾਹਾਂ ਦੇ ਕੇ ਸ਼ੋਸ਼ਣ ਕਰ ਰਹੀ ਹੈ। ਡਿੱਪੂ ਪ੍ਰਧਾਨ ਜਸਵਿੰਦਰ ਸਿੰਘ ਜੱਸੀ, ਸੂਬਾ ਮੀਤ ਪ੍ਰਧਾਨ ਗਗਨਦੀਪ ਸਿੰਘ ਭੁੱਲਰ, ਜਨਰਲ ਸਕੱਤਰ ਹਰਸੇਵਕ ਸਿੰਘ ਪਾਤੜਾਂ, ਖਜ਼ਾਨਚੀ ਰਣਜੀਤ ਸਿੰਘ ਗਿੱਲ, ਉੱਪ ਖਜ਼ਾਨਚੀ ਰੁਪਿੰਦਰ ਸਿੰਘ ਹਥਨ ਅਤੇ ਗਗਨਦੀਪ ਸਿੰਘ ਖੇੜੀ ਨੇ ਦੱਸਿਆ ਕਿ 18 ਅਗਸਤ ਨੂੰ ਵਿੱਤ ਮੰਤਰੀ ਨਾਲ ਮੀਟਿੰਗ ਹੋਈ ਸੀ ਜਿਸ ’ਚ ਕਾਫ਼ੀ ਮੁੱਦਿਆਂ ਉਪਰ ਸਹਿਮਤੀ ਜ਼ਰੂਰ ਬਣੀ ਸੀ ਪਰ ਅਜੇ ਤੱਕ ਕੋਈ ਹੱਲ ਨਹੀਂ ਕੱਢਿਆ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ 27, 28 ਅਤੇ 29 ਸਤੰਬਰ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਮੁੱਖ ਮੰਤਰੀ ਦੇ ਹਲਕੇ ’ਚ ਵੱਡਾ ਐਕਸ਼ਨ ਕੀਤਾ ਜਾਵੇਗਾ ਤੇ 20 ਸਤੰਬਰ ਨੂੰ ਟਰਾਂਸਪੋਰਟ ਮੰਤਰੀ ਦੇ ਹਲਕਾ ਪੱਟੀ ’ਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।