ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 5 ਮਾਰਚ
ਵਿਦਿਆਰਥੀਆਂ ਨੂੰ ਸੰਘਰਸ਼ਾਂ ਦੀ ਚੇਟਕ ਲਾਉਣ ਵਾਲੇ ਸ਼ਹੀਦ ਪ੍ਰਿਥੀਪਾਲ ਸਿੰਘ ਰੰਧਾਵਾ ਦੇ ਜਨਮ ਦਿਨ ਮੌਕੇ ਪੀਐੱਸਯੂ ਦੀ ਅਗਵਾਈ ਵਿੱਚ ਵਿਦਿਆਤਰਥੀਆਂ ਨੇ ਸਰਕਾਰੀ ਰਣਬੀਰ ਕਾਲਜ ਦੇ ਗੇਟ ’ਤੇ ਰੂਸ ਵੱਲੋਂ ਯੂਕਰੇਨ ’ਤੇ ਕੀਤੇ ਹਮਲੇ ਖਿਲਾਫ ਪ੍ਰਦਰਸ਼ਨ ਕੀਤਾ ਅਤੇ ਸਾਮਰਾਜੀ ਮੁਲਕ ਦੇ ਇਸ ਕਾਰੇ ਦੀ ਨਿਖੇਧੀ ਕੀਤੀ।
ਪੀਐੱਸਯੂ (ਸ਼ਹੀਦ ਰੰਧਾਵਾ) ਦੇ ਆਗੂ ਰਮਨ ਸਿੰਘ ਕਾਲਾਝਾੜ ਅਤੇ ਕੋਮਲ ਖਨੌਰੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅਮਰੀਕਾ ਅਤੇ ਰੂਸ ਵਰਗੇ ਸਾਮਰਾਜੀ ਮੁਲਕਾਂ ਵੱਲੋਂ ਆਪਣੇ ਲੁਟੇਰੇ ਹਿੱਤਾਂ ਲਈ ਦੂਜੇ ਦੇਸ਼ਾਂ ’ਤੇ ਕੀਤੇ ਜਾ ਰਹੇ ਹਮਲੇ ਦੀ ਨਿੰਦਾ ਕੀਤੀ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਜਦੋਂ ਅਮਰੀਕੀ ਧਾੜਵੀਆਂ ਵੱਲੋਂ ਵੀਅਤਨਾਮ ਵਿੱਚ ਹਮਲੇ ਕੀਤੇ ਗਏ ਸਨ ਉਦੋਂ ਵੀ ਪੰਜਾਬ ਸਟੂਡੈਂਟਸ ਯੂਨੀਅਨ ਨੇ ਇਸ ਜੰਗ ਖ਼ਿਲਾਫ਼ ਆਵਾਜ਼ ਉਠਾਈ ਸੀ ਅਤੇ ਅੱਜ ਜਦੋਂ ਰੂਸ ਦੇ ਹਾਕਮ ਯੂਕਰੇਨ ਨੂੰ ਤਹਿਸ-ਨਹਿਸ ਕਰਨ ’ਤੇ ਤੁਲੇ ਹੋਏ ਹਨ ਤਾਂ ਅੱਜ ਵੀ ਵੱਖ ਵੱਖ ਵਿੱਦਿਅਕ ਸੰਸਥਾਵਾਂ ਵਿੱਚੋਂ ਸਾਮਰਾਜੀ ਤਾਕਤਾਂ ਖਿਲਾਫ਼ ਆਵਾਜ਼ ਬੁਲੰਦ ਹੋ ਰਹੀ ਹੈ। ਵਿਦਿਆਰਥੀਂ ਆਗੂਆਂ ਨੇ ਯੂਕਰੇਨ ਵਿੱਚ ਫਸੇ ਭਾਰਤੀਆਂ ਸਬੰਧੀ ਕੇਂਦਰ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਉਸ ਨੇ ਜੰਗ ਲੱਗਣ ਦੀਆਂ ਸੰਭਾਵਨਾਵਾਂ ਬਣਦਿਆਂ ਹੀ ਯੂਕਰੇਨ ’ਚੋਂ ਭਾਰਤੀਆਂ ਨੂੰ ਕੱਢਣ ਲਈ ਮੌਕੇ ’ਤੇ ਪ੍ਰਬੰਧ ਨਹੀਂ ਕੀਤੇ।
ਉਨ੍ਹਾਂ ਸਰਕਾਰ ’ਤੇ ਇਹ ਵੀ ਦੋਸ਼ ਲਾਇਆ ਕਿ ਜੇਕਰ ਭਾਰਤ ਵਿੱਚ ਹੀ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਬੱਚਿਆਂ ਦੀ ਸਸਤੀ ਪੜ੍ਹਾਈ ਦਾ ਪ੍ਰਬੰਧ ਕੀਤਾ ਹੁੰਦਾ ਤਾਂ ਉਹ ਬਾਹਰਲੇ ਦੇਸ਼ਾਂ ਵਿੱਚ ਪੜ੍ਹਨ ਲਈ ਨਾ ਜਾਂਦੇ। ਬੁਲਾਰਿਆਂ ਨੇ ਦੇਸ਼ ਵਿਚਲੇ ਸਰਕਾਰੀ ਅਦਾਰਿਆਂ ਵਿੱਚ ਪੱਕੇ ਸਟਾਫ ਦਾ ਪ੍ਰਬੰਧ ਕਰਨ ਅਤੇ ਨਵੇਂ ਸਰਕਾਰੀ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਖੋਲ੍ਹ ਕੇ ਸਸਤੀ ਸਿੱਖਿਆ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ।
ਇਸ ਮੌਕੇ ਸੁਖਚੈਨ ਸਿੰਘ ਪੁੰਨਾਵਾਲ, ਜਸ਼ਨਪ੍ਰੀਤ ਕੌਰ, ਵੀਰਪਾਲ ਕੌਰ, ਰਜਿੰਦਰ ਕੌਰ ਭੂਰੇ, ਜਸ਼ਨ ਚੰਗਾਲ, ਵਰਿੰਦਰ ਕਣਕਵਾਲ, ਤਰਨ, ਹਰਪ੍ਰੀਤ ਕੌਰ ਤੇ ਬੰਟੀ ਆਦਿ ਨੇ ਵੀ ਸੰਬੋਧਨ ਕੀਤਾ।