ਪੱਤਰ ਪ੍ਰੇਰਕ
ਪਟਿਆਲਾ, 8 ਦਸੰਬਰ
ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਪੂਰੇ ਪੰਜਾਬ ਵਿੱਚ ਪਨਬੱਸ ਤੇ ਪੀਆਰਟੀਸੀ ਦੀਆਂ ਬੱਸਾਂ ਦਾ ਚੱਕਾ ਜਾਮ ਅੱਜ ਦੂਸਰੇ ਦਿਨ ਵੀ ਜਾਰੀ ਹੈ। ਪਟਿਆਲਾ ਡਿੱਪੂ ’ਚ ਸੂਬਾ ਵਾਈਸ ਪ੍ਰਧਾਨ ਹਰਕੇਸ਼ ਕੁਮਾਰ ਵਿਕੀ, ਸੀਨੀਅਰ ਆਗੂ ਹਰਮਨ ਸਿੰਘ, ਸੈਕਟਰੀ ਜਸਦੀਪ ਸਿੰਘ ਲਾਲੀ ਨੇ ਕਿਹਾ ਕਿ ਪਨਬਸ ਤੇ ਪੀਆਰਟੀਸੀ ਦੇ ਮੁਲਾਜ਼ਮਾਂ ’ਚ ਰੋਸ ਹੈ। ਇਸੇ ਕਰਕੇ ਪੰਜਾਬ ਸਰਕਾਰ ਵਿਰੁੱਧ ਝੰਡਾ ਬੁਲੰਦ ਕੀਤਾ ਹੈ।
ਆਗੂਆਂ ਨੇ ਕਿਹਾ ਕਿ ਦੂਜੇ ਪਾਸੇ ਡੀਪੂਆਂ ਦੇ ਜਰਨਲ ਮੈਨੇਜਰ ਸੰਘਰਸ਼ ਨੂੰ ਦਬਾਉਣ ਲਈ ਪਰਚਿਆਂ ਦੇ ਨਾਲ ਨਾਲ ਹੁਣ ਨਵੀਂ ਭਰਤੀ ਕਰ ਰਹੇ ਹਨ। ਯੂਨੀਅਨ ਦੀ ਮੰਗ ਹੈ ਕਿ ਨਾਜਾਇਜ਼ ਭਰਤੀ ਕਰਨ ਵਾਲੇ ਅਫ਼ਸਰਾਂ ’ਤੇ ਤੁਰੰਤ ਪਰਚੇ ਦਰਜ ਕੀਤੇ ਜਾਣ। ਚੇਅਰਮੈਨ ਸੁਲਤਾਨ ਸਿੰਘ, ਵਾਈਸ ਪ੍ਰਧਾਨ ਹਰਜਿੰਦਰ ਸਿੰਘ ਗੋਰਾ ਆਗੂ ਨੇ ਕਿਹਾ ਕਿ ਜੇ ਕੋਈ ਹੱਲ ਨਾ ਕੀਤਾ ਗਿਆ ਤਾਂ 10 ਦਸੰਬਰ ਤੋਂ ਟਰਾਂਸਪੋਰਟ ਮੰਤਰੀ ਪੰਜਾਬ ਤੇ ਮੁੱਖ ਮੰਤਰੀ ਪੰਜਾਬ ਦੇ ਹਲਕੇ ਵਿੱਚ ਤਿੱਖੇ ਐਕਸ਼ਨ ਕੀਤੇ ਜਾਣਗੇ, ਮੁੱਖ ਮੰਤਰੀ ਦੀ ਰਿਹਾਇਸ਼ ਦਾ ਵੀ ਘਿਰਾਓ ਕੀਤਾ ਜਾਵੇਗਾ।
ਸਰਕਾਰ ਖ਼ਿਲਾਫ਼ ਗਰਜੇ ਮੁਲਾਜ਼ਮ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਬੱਸਾਂ ਦਾ ਚੱਕਾ ਜਾਮ ਕਰਕੇ ਬੇਮਿਆਦੀ ਹੜਤਾਲ ਦੌਰਾਨ ਦੂਜੇ ਦਿਨ ਵੀ ਪੰਜਾਬ ਸਰਕਾਰ ਖ਼ਿਲਾਫ਼ ਤਿੱਖੇ ਸ਼ਬਦੀ ਹਮਲੇ ਕੀਤੇ ਗਏ। ਇਥੇ ਬੱਸ ਸਟੈਂਡ ’ਚ ਰੋਸ ਧਰਨੇ ਨੂੰ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾਈ ਆਗੂਆਂ ਜਤਿੰਦਰ ਸਿੰਘ ਦੀਦਾਰਗੜ੍ਹ, ਅਵਤਾਰ ਸਿੰਘ ਬੌੜਹਾਈ, ਡਿੱਪੂ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਆਦਿ ਨੇ ਸੰਬੋਧਨ ਕੀਤਾ।