ਪੱਤਰ ਪ੍ਰੇਰਕ
ਲਹਿਰਾਗਾਗਾ, 3 ਮਈ
ਹਲਕਾ ਵਿਧਾਇਕ ਬਰਿੰਦਰ ਕੁਮਾਰ ਗੋਇਲ ਨੇ ‘ਪੰਜਾਬ ਦੇ ਇਤਿਹਾਸ’ ਦੀਆਂ ਕਿਤਾਬਾਂ ਵਿੱਚ ਸਿੱਖ ਇਤਿਹਾਸ ਨਾਲ ਸਬੰਧਿਤ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਮਾਮਲੇ ਵਿੱਚ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ਦੀ ਵਕਾਲਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ ਅਤੇ ਕਿਸੇ ਨੂੰ ਵੀ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੜ੍ਹਾਈਆਂ ਜਾਣ ਵਾਲੀਆਂ ‘ਪੰਜਾਬ ਦੇ ਇਤਿਹਾਸ’ (ਹਿਸਟਰੀ ਆਫ਼ ਪੰਜਾਬ) ਦੀਆਂ ਕਿਤਾਬਾਂ ਵਿੱਚ ਸਿੱਖ ਇਤਿਹਾਸ ਨਾਲ ਸਬੰਧਤ ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਮਾਮਲੇ ਵਿੱਚ ਸਿੱਖਿਆ ਵਿਭਾਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਵੱਡੀ ਕਾਰਵਾਈ ਕਰਦਿਆਂ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਲੇਖਕਾਂ/ਪਬਲਿਸ਼ਰਾਂ ਖ਼ਿਲਾਫ਼ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ ਹਨ। ਇੱਥੇ ਗੱਲਬਾਤ ਕਰਦਿਆਂ ਵਿਧਾਇਕ ਗੋਇਲ ਨੇ ਕਿਹਾ ਕਿ ਪੰਜਾਬ ਆਪਣੀ ਭਾਈਚਾਰਿਕ ਸਾਂਝ ਕਾਰਨ ਜਾਣਿਆ ਜਾਂਦਾ ਹੈ ਅਤੇ ਸਮੂਹ ਧਰਮਾਂ ਨੂੰ ਬਰਾਬਰ ਸਨਮਾਨ ਦਿੱਤਾ ਜਾਂਦਾ ਹੈ।