
ਡੈਲੀਗੇਟ ਇਜਲਾਸ ਨੂੰ ਸੰਬੋਧਨ ਕਰਦਾ ਹੋਇਆ ਬੁਲਾਰਾ।
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 25 ਮਾਰਚ
ਕਿਰਤੀ ਕਿਸਾਨ ਯੂਨੀਅਨ ਦਾ ਜ਼ਿਲ੍ਹਾ ਪੱਧਰੀ ਡੈਲੀਗੇਟ ਇਜਲਾਸ ਸੂਬਾ ਕਮੇਟੀ ਵੱਲੋਂ ਨਿਯੁਕਤ ਨਿਗਰਾਨ ਰਾਮਿੰਦਰ ਸਿੰਘ ਪਟਿਆਲਾ ਦੀ ਅਗਵਾਈ ਹੇਠ ਸਥਾਨਕ ਪਰਜਾਪਤ ਧਰਮਸ਼ਾਲਾ ਵਿੱਚ ਹੋਇਆ। ਇਸ ਦੀ ਪ੍ਰਧਾਨਗੀ ਜਰਨੈਲ ਸਿੰਘ ਜਹਾਂਗੀਰ, ਜੁਝਾਰ ਸਿੰਘ ਬਡਰੁੱਖਾਂ, ਭਜਨ ਸਿੰਘ ਢੱਡਰੀਆਂ, ਕੁਲਦੀਪ ਸਿੰਘ ਅਤੇ ਨਿਰਭੈ ਸਿੰਘ ਖਾਈ ਨੇ ਕੀਤੀ। ਇਸ ਮੌਕੇ ਮਤਾ ਪਾਸ ਕਰ ਕੇ ਗੜੇਮਾਰੀ ਨਾਲ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਸਰਕਾਰ ਤੋਂ ਮੁਆਵਜ਼ੇ ਅਤੇ ਪੰਜਾਬ ਵਿੱਚ ਸਰਕਾਰ ਵੱਲੋਂ ਦਹਿਸ਼ਤ ਦਾ ਮਾਹੌਲ ਬਣਾ ਕੇ ਅੰਨ੍ਹੇਵਾਹ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਬੰਦ ਕਰਨ ਸਬੰਧੀ ਮਤੇ ਪਾਸ ਕੀਤੇ ਗਏ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਵੱਲੋਂ ਯੂਨੀਅਨ ਦੇ ਐਲਾਨਨਾਮੇ ਅਤੇ ਵਿਧਾਨ ਬਾਰੇ ਚਾਨਣਾ ਪਾਇਆ ਗਿਆ ਅਤੇ ਜਰਨੈਲ ਸਿੰਘ ਜਹਾਂਗੀਰ ਨੇ ਸੰਘਰਸ਼ ਸਰਗਰਮੀਆਂ ਸਬੰਧੀ ਰਿਪੋਰਟ ਪੜ੍ਹੀ। ਇਸ ਮਗਰੋਂ 14 ਮੈਂਬਰੀ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ। ਇਜਲਾਸ ਦੌਰਾਨ ਡੈਲੀਗੇਟਾਂ ਵਲੋਂ ਜਰਨੈਲ ਸਿੰਘ ਜਹਾਂਗੀਰ ਨੂੰ ਦੁਬਾਰਾ ਜ਼ਿਲ੍ਹਾ ਪ੍ਰਧਾਨ, ਦਰਸ਼ਨ ਸਿੰਘ ਕੁੰਨਰਾਂ ਨੂੰ ਸਕੱਤਰ, ਭਜਨ ਸਿੰਘ ਢੱਡਰੀਆਂ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।
ਬੇਕਸੂਰ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਾਰ
ਸ਼ੇਰਪੁਰ (ਪੱਤਰ ਪ੍ਰੇਰਕ): ਮਰਹੂਮ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੇ ਪੋਤਰੇ ਤੇ ਸੀਨੀਅਰ ਅਕਾਲੀ ਆਗੂ ਐਡਵੋਕੇਟ ਸਿਮਰਪ੍ਰਤਾਪ ਸਿੰਘ ਬਰਨਾਲਾ ਨੇ ਪੰਜਾਬ ਵਿੱਚ ਬੇਕਸੂਰ ਨੌਜਵਾਨਾਂ ਦੀਆਂ ਹੋ ਰਹੀਆਂ ਗ੍ਰਿਫ਼ਤਾਰੀਆਂ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੰਦਿਆਂ ਜਿੱਥੇ ਪੀੜਤ ਪਰਿਵਾਰਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ ਉੱਥੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਦੁਨੀਆਂ ਭਰ ਅੰਦਰ ਸਿੱਖਾਂ ਦੀ ਸਾਖ ਨੂੰ ਖੋਰਾ ਲਗਾਉਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ‘ਆਪ’ ਸਰਕਾਰ ਦਾ ਕੋਈ ਵਿਧਾਇਕ ਪੰਜਾਬੀਆਂ ਦੇ ਹੱਕ ’ਚ ਆਵਾਜ਼ ਬੁਲੰਦ ਨਹੀਂ ਕਰ ਸਕਿਆ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ