ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 21 ਦਸੰਬਰ
ਇਥੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪੰਜਾਬ ਦੇ ਸਮੂਹ 27,714 ਆਂਗਣਵਾੜੀ ਕੇਂਦਰਾਂ ਰਾਹੀਂ ਉਡਾਣ ਸਕੀਮ ਤਹਿਤ ਔਰਤਾਂ ਨੂੰ ਸੈਨੇਟਰੀ ਪੈਡ ਮੁਹੱਈਆ ਕਰਵਾਉਣ ਲਈ ਸਕੀਮ ਉਲੀਕੀ ਗਈ ਹੈ। ਇਹ ਸਕੀਮ ਲਾਗੂ ਹੋਣ ਨਾਲ ਸੂਬੇ ਵਿਚ ਔਰਤਾਂ ਦਾ ਸਹੀ ਮਾਅਨਿਆਂ ਵਿੱਚ ਸਸ਼ਕਤੀਕਰਨ ਹੋ ਸਕੇਗਾ। ਇਹ ਗੱਲ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਯੋਜਨਾ ਤਹਿਤ ਨਵਜੰਮੀਆਂ ਧੀਆਂ ਦੇ ਮਾਪਿਆਂ ਨੂੰ ਸਨਮਾਨਿਤ ਕਰਨ ਲਈ ਇਥੇ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਕਹੀ। ਉਨ੍ਹਾਂ ਕਿਹਾ ਕਿ ਸੈਨੇਟਰੀ ਪੈਡ ਵੰਡਣ ਦਾ ਕੰਮ ਜਲਦ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ 100 ਨਵਜੰਮੀਆਂ ਬੱਚੀਆਂ ਨੂੰ ਮੁੱਢਲੀ ਲੋੜੀਂਦੀ ਕਿੱਟਾਂ ਮੁਹੱਈਆ ਕਰਵਾਈਆਂ ਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਸਨਮਾਨਿਤ ਵੀ ਕੀਤਾ। ਇਸ ਉਪਰੰਤ ਰਜ਼ੀਆ ਸੁਲਤਾਨਾ ਨੇ ਜਮਾਲਪੁਰਾ ਚੌਕ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ।