ਪੱਤਰ ਪ੍ਰੇਰਕ
ਦੇਵੀਗੜ੍ਹ, 11 ਅਪਰੈਲ
ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਪੰਜਾਬ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ ਦੇ ਸੱਦੇ ’ਤੇ ਫੈਡਰੇਸ਼ਨ ਦੇ ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਭੁਪਿੰਦਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸਮੂਹ ਸਕੂਲਾਂ ਨੂੰ ਅੱਜ ਸਾਰਾ ਦਿਨ ਬੰਦ ਰੱਖਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਨੇ ਕਿਹਾ ਕਿ ਬੱਚੀ ਨਾਲ ਹੋਈ ਇਸ ਘਟਨਾ ਦੀ ਸਾਰੀਆਂ ਜਥੇਬੰਦੀਆਂ ਨੇ ਨਿੰਦਾ ਕੀਤੀ ਹੈ ਅਤੇ ਨਾਲ ਹੀ ਬਿਨਾਂ ਕਿਸੇ ਪੁਖਤਾ ਸਬੂਤ ਤੋਂ ਸਕੂਲ ਮਨੇਜਮੈਂਟ ਤੇ ਪਰਚਾ ਦਰਜ ਕਰ ਗ੍ਰਿਫਤਾਰ ਕਰਨ ਦੀ ਵੀ ਨਿੰਦਾ ਕੀਤੀ ਹੈ।
ਪਾਤੜਾਂ (ਪੱਤਰ ਪ੍ਰੇਰਕ): ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਦੇ ਮੱਦੇਨਜ਼ਰ ਪਾਤੜਾਂ ਇਲਾਕੇ ਵਿੱਚ ਵਿੱਦਿਅਕ ਸੰਸਥਾਵਾਂ ਬੰਦ ਰਹੀਆਂ। ਐਸੋਸੀਏਸ਼ਨ ਦੇ ਸਕੱਤਰ ਨਿਧਾਨ ਸਿੰਘ ਜੈਖਰ ਅਤੇ ਪਾਸਾ ਦੇ ਪ੍ਰਧਾਨ ਡਾ.ਅੰਮ੍ਰਿਤਪਾਲ ਸਿੰਘ ਕਾਲੇਕਾ ਨੇ ਕਿਹਾ ਕਿ ਗੁਰਦਾਸਪੁਰ ਦੇ ਸਕੂਲ ਦੀ ਨਿਰਦੋਸ਼ ਮੈਨੇਜਮੈਂਟ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਫੈਡਰੇਸ਼ਨ ਦੇ ਸੱਦੇ ‘ਤੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਲਹਿਰਾਗਾਗਾ (ਪੱਤਰ ਪ੍ਰੇਰਕ): ਇਥੋਂ ਦੀਆਂ ਸਾਰੀਆਂ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਰੋਸ ਵਜੋਂ ਬੰਦ ਰਹੀਆਂ। ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਤੀਨਿਧ ਕੰਵਲਜੀਤ ਸਿੰਘ ਢੀਂਡਸਾ ਨੇ ਕਿਹਾ ਕਿ ਬੱਚੀ ਨਾਲ ਹੋਈ ਇਸ ਘਟਨਾ ਦੀ ਪੰਜਾਬ ਦੀਆਂ ਸਾਰੀਆਂ ਜਥੇਬੰਦੀਆਂ ਨੇ ਨਿੰਦਾ ਕੀਤੀ ਹੈ ਅਤੇ ਨਾਲ ਹੀ ਬਿਨਾਂ ਕਿਸੇ ਤੱਥਾਂ ਤੋਂ ਨਿਰਦੋਸ਼ ਮੈਨੇਜਮੈਂਟ ’ਤੇ ਪਰਚਾ ਦਰਜ ਕਰਨ ਅਤੇ ਗ੍ਰਿਫਤਾਰ ਕਰਨ ਦੀ ਵੀ ਨਿੰਦਾ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜਥੇਬੰਦੀਆਂ ਨੇ ਫੈਸਲਾ ਲਿਆ ਹੈ ਕਿ ਜੇਕਰ ਬਜਲਦ ਇਨਸਾਫ ਨਾ ਮਿਲਿਆ ਅਤੇ ਨਿਰਦੋਸ਼ ਮੈਨੇਜਮੈਂਟ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸਾਰੀਆਂ ਸੰਸਥਾਵਾਂ ਸੜਕਾਂ ਉੱਪਰ ਹੋਣਗੀਆਂ।