ਪ੍ਰਸ਼ਾਸਨ ਵੱਲੋਂ ਹੜ੍ਹਾਂ ਦੀ ਰੋਕਥਾਮ ਲਈ ਸਮੀਖਿਆ ਮੀਟਿੰਗ
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 10 ਜੁਲਾਈ
ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਪ੍ਰਸ਼ਾਸਨਿਕ ਤਿਆਰੀਆਂ ਬਾਰੇ ਸਮੀਖਿਆ ਕਰਦਿਆਂ ਰਾਹਤ ਕਾਰਜਾਂ ਅਤੇ ਪਾਣੀ ਦੀ ਨਿਕਾਸੀ ਗਤੀਵਿਧੀਆਂ ਦਾ ਜਾਇਜ਼ਾ ਲਿਆ ਤੇ ਅਧਿਕਾਰੀਆਂ ਨੂੰ ਸੰਕਟ ਅਤੇ ਬਚਾਅ ਕਾਲਾਂ ‘ਤੇ ਤੁਰੰਤ ਕਾਰਵਾਈ ਕਰਨ ਅਤੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਪਾਣੀ ਦੀ ਨਿਕਾਸੀ ਨੂੰ ਤੇਜ਼ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ਵਿੱਚ ਖ਼ੁਦ ਜਾ ਕੇ ਤੁਰੰਤ ਕਾਰਵਾਈ ਕਰਵਾਉਣ ਨੂੰ ਯਕੀਨੀ ਬਣਾਉਣ ਅਤੇ ਆਪਸ ਵਿੱਚ ਤਾਲਮੇਲ ਰੱਖਣ ਦੀ ਹਦਾਇਤ ਕੀਤੀ। ੳਨ੍ਹਾਂ ਦੱਸਿਆ ਕਿ ਮਾਲੇਰਕੋਟਲਾ ਲਈ ਫਲੱਡ ਕੰਟਰੋਲ ਰੂਮ ਦਾ ਨੰਬਰ 01675-253772, ਅਮਰਗੜ੍ਹ ਦਾ 97810-55082 ਅਤੇ ਅਹਿਮਦਗੜ੍ਹ ਦਾ ਨੰਬਰ 01675-240016 ਹੈ। ਇਸ ਤੋਂ ਇਲਾਵਾ ਬਿਜਲੀ ਸਬੰਧੀ ਸਮੱਸਿਆ ਆਉਣ ’ਤੇ 96461-18974 ਅਤੇ 96461-19002 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਪਣਾ ਡਿਊਟੀ ਸਥਾਨ ਨਾ ਛੱਡਣ ਦੇ ਨਿਰਦੇਸ਼ ਦਿੱਤੇ।