ਖੇਤਰੀ ਪ੍ਰਤੀਨਿਧ
ਪਟਿਆਲਾ, 26 ਅਪਰੈਲ
ਬਰਸਾਤਾਂ ਦੇ ਮੌਸਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਖੇਤਰਾਂ ’ਚ ਹੜ੍ਹਾਂ ਵਰਗੀ ਸਥਿਤੀ ਬਣ ਜਾਂਦੀ ਹੈ। ਜਿਸ ਨਾਲ਼ ਨਜਿੱਠਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਇਥੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਅਧਿਕਾਰੀ ਹਫਤੇ ’ਚ ਇਕ ਮਾਪਦੰਡ ਸੰਚਾਲਨ ਪ੍ਰਕਿਰਿਆ (ਐੱਸਓਪੀ) ਤਿਆਰ ਕਰਨ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਥਿਤੀ ਦਾ ਸਾਹਮਣਾ ਕਰਨ ਮੌਕੇ ਪਲਾਨ ਨੂੰ ਸੁਚੱਜੇ ਢੰਗ ਨਾਲ ਲਾਗੂ ਕੀਤਾ ਜਾ ਸਕੇ। ਪਾਣੀ ਦੀ ਸਹੀ ਨਿਕਾਸੀ ਲਈ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦੇ ਕੰਮ ’ਚ ਹੋਰ ਤੇਜ਼ੀ ਲਿਆਉਣ ’ਤੇ ਜ਼ੋਰ ਦਿੰਦਿਆਂ, ਉਨ੍ਹਾਂ ਕਿਹਾ ਕਿ ਇਸ ਸਬੰਧੀ ਡੀਸੀ ਦਫਤਰ ’ਚ ਰਿਪੋਰਟ ਜਮ੍ਹਾਂ ਕਰਵਾਉਣੀ ਵੀ ਯਕੀਨੀ ਬਣਾਈ ਜਾਵੇ। ਮੰਡੀ ਬੋਰਡ ਅਤੇ ਪੀ.ਡਬਲਿਊ.ਡੀ. ਦੇ ਅਧਿਕਾਰੀਆਂ ਨੂੰ ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਮੌਸਮ ’ਚ ਜਿਨ੍ਹਾਂ ਸੜਕਾਂ ਦਾ ਨੁਕਸਾਨ ਹੁੰਦਾ ਹੈ ਦੀ ਪਛਾਣ ਕਰਕੇ ਸੜਕ ਟੁੱਟਣ ਦੀ ਸਥਿਤ ’ਚ ਬਦਲਵੇਂ ਪ੍ਰਬੰਧਾਂ ਸਬੰਧੀ ਵੀ ਰਿਪੋਰਟ ਤਿਆਰ ਕਰਨ। ਸਮੂਹ ਐੱਸਡੀਐੱਮਜ਼ ਨੂੰ ਬਰਸਾਤਾਂ ਦੇ ਮੌਸਮ ਸਮੇਂ ਜ਼ਰੂਰੀ ਸਾਮਾਨ ਦੀ ਉਪਲਬਧਤਾ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਮੌਕੇ ਏਡੀਸੀ ਗੌਤਮ ਜੈਨ ਅਤੇ ਗੁਰਪ੍ਰੀਤ ਥਿੰਦ, ਸਹਾਇਕ ਕਮਿਸ਼ਨਰ (ਯੂ.ਟੀ) ਚੰਦਰ ਜੋਤੀ ਸਿੰਘ ਅਤੇ ਐਸ.ਪੀ. ਸਿਟੀ ਹਰਪਾਲ ਸਿੰਘ ਮੌਜੂਦ ਸਨ।
ਕੋਵਿਡ ਕੇਸਾਂ ਨੂੰ ਵਧਣ ਤੋਂ ਰੋਕਣ ਲਈ ਚੌਕਸੀ ਦੇ ਆਦੇਸ਼
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਡੀਸੀ ਜਤਿੰਦਰ ਜੋਰਵਾਲ ਨੇ ਭਵਿੱਖ ਵਿੱਚ ਕੋਵਿਡ-19 ਦੇ ਪਾਸਾਰ ਨੂੰ ਮੁੜ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵੱਡੇ ਪੱਧਰ ’ਤੇ ਚੌਕਸੀ ਰੱਖਣ ਦੇ ਆਦੇਸ਼ ਦਿੱਤੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਸ੍ਰੀ ਜੋਰਵਾਲ ਨੇ ਡੇਂਗੂ, ਮਲੇਰੀਆ ਜਿਹੀਆਂ ਹੋਰ ਬਿਮਾਰੀਆਂ ਦੀ ਰੋਕਥਾਮ ਲਈ ਵੀ ਸਿਹਤ ਵਿਭਾਗ ਨੂੰ ਸਮੇਂ ਸਿਰ ਢੁਕਵੇਂ ਕਦਮ ਪੁੱਟਣ ਲਈ ਆਖਿਆ। ਉਨ੍ਹਾਂ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਦੇ ਮੱਦੇਨਜ਼ਰ ਸਾਫ਼ ਸਫਾਈ ਕਰਵਾਉਣ ਲਈ ਢੁਕਵੇਂ ਕਦਮ ਪੁੱਟੇ ਜਾਣ।