ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 3 ਨਵੰਬਰ
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜਦੀਪ ਕੌਰ ਵੱਲੋਂ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਐਕਸੀਅਨ ਗੁਰਵਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਭਾਗ ਗਗਨਦੀਪ ਸਿੰਘ, ਬੀਡੀਪੀਓ ਰਿੰਪੀ ਗਰਗ, ਸੀਡੀਪੀਓ ਪਵਨ ਕੁਮਾਰ, ਐੱਸਡੀਓ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਹਨੀ ਗੁਪਤਾ, ਬੱਬਲਪ੍ਰੀਤ ਕੌਰ ਤੋਂ ਇਲਾਵਾ ਪੇਂਡੂ ਵਿਕਾਸ ਕਾਰਜਾਂ ਦੇ ਨੋਡਲ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਂਦੇ ਹੋਏ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 54 ਲੱਖ ਰੁਪਏ ਦੀ ਲਾਗਤ ਨਾਲ 18 ਕਮਿਊਨਿਟੀ ਸੈਨੇਟਰੀ ਕੰਪਲੈਕਸ (ਪਬਲਿਕ ਪਖ਼ਾਨੇ) ਪਿੰਡਾਂ ’ਚ ਉਸਾਰੇ ਜਾ ਰਹੇ ਹਨ, ਜਿਨ੍ਹਾਂ ’ਚੋਂ 5 ਕਮਿਊਨਿਟੀ ਸੈਨੇਟਰੀ ਕੰਪਲੈਕਸ (ਪਬਲਿਕ ਪਖ਼ਾਨੇ) ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਬਾਕੀ ਜਲਦ ਹੀ ਬਣ ਕੇ ਤਿਆਰ ਹੋ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ 31 ਪੇਂਡੂ ਆਂਗਣਵਾੜੀਆਂ ਵਿੱਚ 15ਵੇਂ ਵਿੱਤੀ ਕਮਿਸ਼ਨ ਤਹਿਤ ਸਵੱਛ ਭਾਰਤ ਮਿਸ਼ਨ ਅਧੀਨ 10 ਲੱਖ 85 ਹਜ਼ਾਰ ਰੁਪਏ ਦੀ ਲਾਗਤ ਨਾਲ ਬੱਚਿਆਂ ਦੇ ਅਨੁਕੂਲ ਪਖ਼ਾਨੇ ਉਸਾਰੇ ਜਾ ਰਹੇ ਹਨ।