ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 5 ਅਕਤੂਬਰ
ਸ੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਦੇ ਸੀਨੀਅਰ ਆਗੂ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਇਥੇ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਇਕਬਾਲ ਸਿੰਘ ਝੂੰਦਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦੀਆਂ ਕੀਤੀਆਂ ਜਾ ਰਹੀਆਂ ਸਾਜਿਸ਼ਾਂ ਦੀ ਸਖਤ ਨਿਖੇਧੀ ਕਰਦਿਆਂ 7 ਅਕਤੂਬਰ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੱਕ ਕੱਢੇ ਜਾ ਰਹੇ ਖਾਲਸਾ ਰੋਸ ਮਾਰਚ ਵਿਚ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਮੀਟਿੰਗ ਵਿੱਚ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਵੱਲੋਂ ਕਮੇਟੀ ਨੂੰ ਤੋੜਨ ਲਈ ਘੜੀਆਂ ਜਾ ਰਹੀਆਂ ਸਾਜ਼ਿਸ਼ਾਂ ਸਬੰਧੀ ਵਿਚਾਰ-ਵਿਟਾਂਦਰਾ ਕੀਤਾ ਗਿਆ ਅਤੇ 7 ਅਕਤੂਬਰ ਨੂੰ ਕੱਢੇ ਜਾ ਰਹੇ ਖਾਲਸਾ ਰੋਸ ਮਾਰਚ ਵਿਚ ਹਰ ਹਲਕੇ ਵਿੱਚੋਂ 50-50 ਗੱਡੀਆਂ ਦਾ ਕਾਫ਼ਲਾ ਲੈ ਕੇ ਖਾਲਸਾ ਰੋਸ ਮਾਰਚ ਵਿਚ ਸ਼ਾਮਲ ਹੋਵੇਗਾ। ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਸਾਰੇ ਆਗੂ ਤੇ ਵਰਕਰ ਦੀਆਂ ਹਲਕਾ ਪੱਧਰ ’ਤੇ ਡਿਊਟੀਆਂ ਲਗਾ ਦਿੱਤੀਆਂ ਹਨ।