ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਵੱਲੋਂ ਝੋਨੇ ਦੀ ਖ਼ਰੀਦ ਅਤੇ ਪਰਾਲੀ ਪ੍ਰਬੰਧਨ ਸਬੰਧੀ ਅਹਿਮ ਬੈਠਕ ਕਰਕੇ ਸਾਰੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਕਿਹਾ ਕਿ ਝੋਨੇ ਦੀ ਸਰਕਾਰੀ ਖ਼ਰੀਦ ਮੰਡੀਆਂ ਵਿੱਚ ਸ਼ੁਰੂ ਹੋ ਚੁੱਕੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ ਅਤੇ ਵੱਖ-ਵੱਖ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀ ਵਾਢੀ ਸਿਰਫ਼ ਉਸ ਵੇਲੇ ਕੀਤੀ ਜਾਵੇ ਜਦੋਂ ਫ਼ਸਲ ਪੂਰੀ ਤਰ੍ਹਾਂ ਪੱਕੀ ਹੋਵੇ ਅਤੇ ਮੰਡੀਆਂ ਵਿੱਚ ਕੇਵਲ ਸੁੱਕਾ ਝੋਨਾ ਹੀ ਲਿਆਂਦਾ ਜਾਵੇ। ਉਨ੍ਹਾਂ ਦੱਸਿਆ ਕਿ ਝੋਨੇ ਵਿੱਚ ਨਮੀ ਦੀ ਹੱਦ 17 ਫ਼ੀਸਦੀ ਨਿਰਧਾਰਤ ਕੀਤੀ ਗਈ ਹੈ। ਕੰਬਾਈਨ ਅਪਰੇਟਰਾਂ ਨੂੰ ਹਦਾਇਤ ਕੀਤੀ ਗਈ ਕਿ ਵਾਢੀ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੰਨ-ਸੀਟੂ ਤੇ ਐਕਸ-ਸੀਟੂ ਦੋਹੀਂ ਤਕਨੀਕਾਂ ਲਈ ਪੂਰੀ ਮਸ਼ੀਨਰੀ ਉਪਲਬਧ ਹੈ। ਉਨ੍ਹਾਂ ਐੱਸ.ਡੀ.ਐੱਮਜ਼ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨਾਲ ਜ਼ਮੀਨੀ ਪੱਧਰ ’ਤੇ ਸੰਪਰਕ ਕਰਕੇ ਉਪਲਬਧ ਮਸ਼ੀਨਾਂ ਦੀ ਪੂਰੀ ਵਰਤੋਂ ਯਕੀਨੀ ਬਣਾਉਣ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਬਚਾਉਣ ਲਈ ਸਰਕਾਰ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਦੇ ਹੋਏ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਅਤੇ ਪਰਾਲੀ ਸਾੜਨ ਤੋਂ ਗੁਰੇਜ਼ ਕਰਨ।