ਪੈਟਰੋਲੀਅਮ ਪਦਾਰਥਾਂ ਦੀ ਸਪਲਾਈ ਦੀ ਸਮੀਖਿਆ
ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਚਿਤਾਵਨੀ; ਲੋਕ ਨੂੰ ਵਾਧੂ ਖ਼ਰੀਦਦਾਰੀ ਤੋਂ ਬਚਣ ਦੀ ਅਪੀਲ
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹੇ ਵਿੱਚ ਘਰੇਲੂ ਅਤੇ ਵਪਾਰਕ ਐੱਲ ਪੀ ਜੀ ਦੇ ਨਾਲ-ਨਾਲ ਪੈਟਰੋਲ ਤੇ ਡੀਜ਼ਲ ਦੀ ਉਪਲਬਧਤਾ ਅਤੇ ਸਪਲਾਈ ਸਥਿਤੀ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅੱਜ ਇੱਥੇ ਡੀ ਐੱਸ ਐੱਫ ਸੀ ਡਾ. ਰਵਿੰਦਰ ਕੌਰ ਤੇ ਹੋਰ ਅਧਿਕਾਰੀਆਂ ਸਮੇਤ ਤੇਲ ਤੇ ਗੈਸ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਗੈਸ ਅਤੇ ਤੇਲ ਦੀ ਕਾਲਾਬਾਜ਼ਾਰੀ ਜਾਂ ਜਮ੍ਹਾਂਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਦੁਹਰਾਇਆ ਕਿ ਸਰਕਾਰ ਦੀ ਮੁੱਖ ਤਰਜੀਹ ਸਾਰੇ ਖਪਤਕਾਰਾਂ ਨੂੰ ਐੱਲ ਪੀ ਜੀ, ਪੈਟਰੋਲ ਤੇ ਡੀਜ਼ਲ ਦੀ ਨਿਰਵਿਘਨ ਅਤੇ ਢੁਕਵੀਂ ਸਪਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਸੰਸਥਾਵਾਂ ਅਤੇ ਥੋਕ ਖਪਤਕਾਰਾਂ ਨੂੰ ਪਾਈਪਡ ਨੈਚੁਰਲ ਗੈਸ (ਪੀ ਐੱਨ ਜੀ) ਕੁਨੈਕਸ਼ਨਾਂ ਨੂੰ ਇੱਕ ਟਿਕਾਊ ਬਦਲ ਵਜੋਂ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਐੱਲ ਪੀ ਜੀ ਸਿਲੰਡਰਾਂ ਦੀ ਘਬਰਾਹਟ ਵਿੱਚ ਬੁਕਿੰਗ ਜਾਂ ਪੈਟਰੋਲ ਅਤੇ ਡੀਜ਼ਲ ਦੀ ਵਾਧੂ ਖਰੀਦ ਦੀ ਕਾਹਲੀ ਨਾ ਦਿਖਾਉਣ। ਉਨ੍ਹਾਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਰੂਰੀ ਵਸਤਾਂ ਦੀ ਸੁਚਾਰੂ ਅਤੇ ਲੋੜੀਂਦੀ ਸਪਲਾਈ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਡਿਪਟੀ ਕਮਿਸ਼ਨਰ ਨੇ ਸਾਰੀਆਂ ਗੈਸ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪਹਿਲਾਂ ਬੁੱਕ, ਸਿਲੰਡਰ ਪਹਿਲਾਂ ਡਿਲਿਵਰ ਕਰਨਾ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ ਪਾਰਦਰਸ਼ਤਾ ਅਤੇ ਜਵਾਬਦੇਹੀ ਬਣਾਈ ਰੱਖਣ ਲਈ ਗੈਸ ਏਜੰਸੀਆਂ ਦੇ ਰਿਕਾਰਡ ਦੀ ਨਿਯਮਤ ਤੌਰ ’ਤੇ ਨਿਗਰਾਨੀ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਵਪਾਰਕ ਅਦਾਰਿਆਂ ਵਿੱਚ ਘਰੇਲੂ ਐੱਲ ਪੀ ਜੀ ਸਿਲੰਡਰਾਂ ਦੀ ਵਰਤੋਂ ਨੂੰ ਰੋਕਣ ਦੇ ਨਿਰਦੇਸ਼ ਦਿੱਤੇ।

