ਨਗਰ ਕੀਰਤਨ ਦੇ ਸਵਾਗਤ ਦੀਆਂ ਤਿਆਰੀਆਂ ਦਾ ਜਾਇਜ਼ਾ
ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ 20 ਨਵੰਬਰ ਨੂੰ ਸ੍ਰੀ ਦਮਦਮਾ ਸਾਹਿਬ ਤੋਂ ਆਉਣ ਵਾਲੀ ਧਾਰਮਿਕ ਯਾਤਰਾ ਨਗਰ ਕੀਰਤਨ ਦੇ ਸਵਾਗਤ ਲਈ ਸੰਗਰੂਰ ਜ਼ਿਲ੍ਹੇ ਵਿੱਚ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਅੱਜ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਸੁਖਚੈਨ ਸਿੰਘ ਪਾਪੜਾ ਨੇ ਜਾਇਜ਼ਾ ਲਿਆ। ਇਸ ਮੌਕੇ ਐਸ ਡੀ ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ ਡੀ ਐਮ ਸੁਨਾਮ ਪ੍ਰਮੋਦ ਸਿੰਗਲਾ ਤੇ ਡੀਡੀਪੀਓ ਜੇ ਐਸ ਬੱਗਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਏ ਡੀ ਸੀ ਸੁਖਚੈਨ ਸਿੰਘ ਨੇ ਮੀਟਿੰਗ ਦੌਰਾਨ ਦੱਸਿਆ ਕਿ ਮਿਤੀ 20 ਨਵੰਬਰ ਨੂੰ ਸ੍ਰੀ ਦਮਦਮਾ ਸਾਹਿਬ ਤੋਂ ਆਉਣ ਵਾਲੇ ਨਗਰ ਕੀਰਤਨ ਦਾ ਸਵਾਗਤ ਸੰਗਰੂਰ ਜ਼ਿਲ੍ਹੇ ਵਿੱਚ ਬਡਬਰ ਵਿੱਚ ਕੀਤਾ ਜਾਵੇਗਾ ਅਤੇ ਨਗਰ ਕੀਰਤਨ ਦੇ ਰਾਤ ਦਾ ਠਹਿਰਾ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਹੋਵੇਗਾ ਅਤੇ ਮਿਤੀ 21 ਨਵੰਬਰ ਨੂੰ ਨਗਰ ਕੀਰਤਨ ਪਟਿਆਲਾ ਲਈ ਰਵਾਨਾ ਹੋਵੇਗਾ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਵਿੱਚ 100 ਕਿਲੋਮੀਟਰ ਤੋਂ ਵਧੇਰੇ ਨਗਰ ਕੀਰਤਨ ਦਾ ਰੂਟ ਹੋਵੇਗਾ, ਇਸ ਲਈ ਸਬੰਧਤ ਵਿਭਾਗ ਇਹ ਯਕੀਨੀ ਬਣਾਉਣ ਕਿ ਰਸਤੇ ਦੇ ਸਾਰੇ ਪ੍ਰਬੰਧ 14 ਨਵੰਬਰ ਤੱਕ ਮੁਕੰਮਲ ਕਰ ਲਏ ਜਾਣ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਨਾਲ ਵਾਹਨਾਂ ਦਾ ਵੱਡਾ ਕਾਫ਼ਲਾ ਹੋਵੇਗਾ ਇਸ ਲਈ ਟਰੈਫ਼ਿਕ ਦੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ।
