ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 11 ਜੁਲਾਈ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ ਵੱਖ ਸਬ ਡਿਵੀਜ਼ਨਾਂ ਨਾਲ ਸਬੰਧਤ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਾਫ਼ ਸੁਥਰੀਆਂ, ਸਮਾਂਬੱਧ ਤੇ ਨਿਰਪੱਖ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸ ਲਈ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਤਰਜੀਹੀ ਆਧਾਰ ’ਤੇ ਯੋਗ ਨਬਿੇੜਾ ਯਕੀਨੀ ਬਣਾਇਆ ਜਾਵੇ। ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮਾਂ ਸੀਮਾ ਅੰਦਰ ਨੇਪਰੇ ਚੜ੍ਹਾਉਣ ਵਿੱਚ ਤੇਜ਼ੀ ਲਿਆਂਦੀ ਜਾਵੇ।
ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕਾਂ ਨਾਲ ਸਿੱਧੇ ਤੌਰ ’ਤੇ ਜੁੜੇ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਭਲਾਈ ਯੋਜਨਾਵਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਦੇ ਵੀ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਵਿੱਚ ਕੰਮਕਾਜ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੇ ਕੀਮਤੀ ਸਮੇਂ ਦਾ ਪੂਰਾ ਧਿਆਨ ਰੱਖਿਆ ਜਾਵੇ। ਜਿਹੜੇ ਵਿਭਾਗ ਲਾਭਪਾਤਰੀਆਂ ਨੂੰ ਰੋਜ਼ਗਾਰ ਤੇ ਸਵੈ ਰੁਜ਼ਗਾਰ ਦੇ ਖੇਤਰ ਵਿੱਚ ਪੈਰਾਂ ’ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣ ਲਈ ਕਾਰਜਸ਼ੀਲ ਹਨ, ਉਹ ਸਬੰਧਤ ਬੈਂਕਾਂ ਨਾਲ ਤਾਲਮੇਲ ਕਰਕੇ ਲੋੜਵੰਦਾਂ ਨੂੰ ਸਮੇਂ ਸਿਰ ਕਰਜ਼ਾ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਿਤ ਟੀਚੇ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ ਅਤੇ ਸਬ ਡਿਵੀਜ਼ਨ ਪੱਧਰ ’ਤੇ ਨਿਰੰਤਰ ਮੀਟਿੰਗਾਂ ਕਰਕੇ ਪ੍ਰਗਤੀ ਦਾ ਜਾਇਜ਼ਾ ਲਿਆ ਜਾਵੇ। ਡਿਪਟੀ ਕਮਿਸ਼ਨਰ ਵੱਲੋਂ ਐੱਸ.ਡੀ.ਐੱਮ ਨੂੰ ਬਰਸਾਤੀ ਮੌਸਮ ਦੇ ਮੱਦੇਨਜ਼ਰ ਪੂਰੀ ਚੌਕਸੀ ਰੱਖਣ ਦੀ ਵੀ ਹਦਾਇਤ ਕੀਤੀ।
ਉਨ੍ਹਾਂ ਸਿੱਖਿਆ, ਖੇਡਾਂ, ਸਿਹਤ, ਜਲ ਸਪਲਾਈ, ਸੜਕਾਂ ਸਮੇਤ ਹੋਰ ਬੁਨਿਆਦੀ ਮਾਮਲਿਆਂ ਬਾਰੇ ਵੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਸੁਨਾਮ ਜਸਪ੍ਰੀਤ ਸਿੰਘ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼ਿਵੰਦਰ ਸਿੰਘ ਸਮੇਤ ਤਹਿਸੀਲਦਾਰ, ਨਾਇਬ ਤਹਿਸੀਲਦਾਰ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।