ਗੁਰਦੀਪ ਸਿੰਘ ਲਾਲੀ
ਸੰਗਰੂਰ, 4 ਅਗਸਤ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵੱਲੋਂ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਲੈ ਕੇ ਦੋ ਦਿਨ ਦੀ ਸਮੂਹਕ ਛੁੱਟੀ ਲੈ ਕੇ ਵਿਭਾਗਾਂ ਦੇ ਕੰਮ ਦਾ ਮੁਕੰਮਲ ਬਾਈਕਾਟ ਕਰ ਕੇ ਆਪਣੇ-ਆਪਣੇ ਵਿਭਾਗਾਂ ਦੇ ਦਫ਼ਤਰਾਂ ਅੱਗੇ ਦੋ-ਰੋਜ਼ਾ ਧਰਨਿਆਂ ਦੇ ਉਲੀਕੇ ਸੰਘਰਸ਼ ਪ੍ਰੋਗਰਾਮ ਤਹਿਤ ਅੱਜ ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਬੱਸ ਸਟੈਂਡ ਬੰਦ ਕਰ ਕੇ ਰੋਸ ਧਰਨਾ ਦਿੱਤਾ ਗਿਆ। ਉਨ੍ਹਾਂ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ।
ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੂਬਾਈ ਆਗੂ ਜਤਿੰਦਰ ਸਿੰਘ ਗਿੱਲ, ਪਰਮਿੰਦਰ ਸਿੰਘ ਟਿੱਬਾ ਡਿਪੂ ਪ੍ਰਧਾਨ ਜਸਵਿੰਦਰ ਸਿੰਘ ਜੱਸੀ, ਸੈਕਟਰੀ ਸੁਖਜਿੰਦਰ ਸਿੰਘ ਸੀਪਾ ਨੇ ਕੈਪਟਨ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਮੂਹ ਵਿਭਾਗਾਂ ਦੇ ਹਰ ਤਰ੍ਹਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕਰ ਕੇ ਸੱਤਾ ਵਿੱਚ ਆਈ ਸੀ ਪਰ ਵਾਅਦਾ ਪੂਰਾ ਨਹੀਂ ਕੀਤਾ। ਵਿਭਾਗਾਂ ਦੇ ਪੁਨਰਗਠਨ ਦੇ ਨਾਂ ’ਤੇ ਇੱਕ ਲੱਖ ਦੇ ਕਰੀਬ ਅਸਾਮੀਆਂ ਦਾ ਖ਼ਾਤਮਾ ਕਰ ਦਿੱਤਾ ਹੈੈ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ’ਚ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਕੈਪਟਨ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਪਿੰਡਾਂ-ਸ਼ਹਿਰਾਂ ਵਿੱਚ ਆਉਣ ਤੇ ਕਾਲੇ ਝੰਡਿਆਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ 6 ਅਗਸਤ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਵੱਲੋਂ ਯੂਨੀਅਨਾਂ ਨਾਲ ਮੀਟਿੰਗ ਬੁਲਾਈ ਗਈ ਹੈ। ਜੇ ਮੀਟਿੰਗ ’ਚ ਹੱਲ ਨਾ ਹੋਇਆ ਤਾਂ ਪੁਤਲੇ ਫੂਕਣ ਸਣੇ 9, 10 ਅਤੇ 11 ਅਗਸਤ ਨੂੰ ਮੁਕੰਮਲ ਹੜਤਾਲ ਕਰ ਕੇ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਦੀਆਂ ਰਿਹਾਇਸ਼ਾਂ ਦਾ ਘਿਰਾਓ ਕੀਤਾ ਜਾਵੇਗਾ।