Safai Sewaks Strike Enters 25th Day: ਸਫ਼ਾਈ ਸੇਵਕਾਂ ਦੀ ਹੜਤਾਲ ਜਾਰੀ; ਥਾਂ-ਥਾਂ ਲੱਗੇ ਕੂੜੇ ਦੇ ਢੇਰ
ਬਰਨਾਲਾ ਲਾਠੀਚਾਰਜ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੀ ਮੰਗ
ਪਿਛਲੇ ਕਰੀਬ 25 ਦਿਨਾਂ ਤੋਂ ਕੰਮ ਛੱਡੋ ਹੜਤਾਲ ’ਤੇ ਚੱਲ ਰਹੇ ਸਫ਼ਾਈ ਸੇਵਕਾਂ ਵੱਲੋਂ ਨਗਰ ਕੌਂਸਲ ਦਫ਼ਤਰ ਅੱਗੇ ਧਰਨਾ ਦਿੰਦਿਆਂ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਸਫ਼ਾਈ ਸੇਵਕਾਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਬਰਨਾਲਾ ’ਚ ਸਫ਼ਾਈ ਸੇਵਕਾਂ ਉਪਰ ਅੰਨ੍ਹੇਵਾਹ ਲਾਠੀਚਾਰਜ ਕਰਨ ਵਾਲੇ ਡੀ ਐੱਸ ਪੀ ਅਤੇ ਐੱਸ ਐੱਚ ਓ ਖਿਲਾਫ਼ ਕੇਸ ਦਰਜ ਕਰ ਕੇ ਨੌਕਰੀ ਤੋਂ ਬਰਖਾਸਤ ਨਹੀਂ ਕੀਤਾ ਜਾਂਦਾ ਅਤੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਹੜਤਾਲ ਜਾਰੀ ਰਹੇਗੀ।
ਹੜਤਾਲ ਕਾਰਨ ਵੱਖ-ਵੱਖ ਜਨਤਕ ਥਾਵਾਂ ਅਤੇ ਸੜਕਾਂ ਉਪਰ ਕੂੜੇ ਦੇ ਢੇਰ ਲੱਗੇ ਹੋਏ ਹਨ ਅਤੇ ਦੂਰ-ਦੂਰ ਬਦਬੂ ਫੈਲ ਰਹੀ ਹੈ। ਭਾਵੇਂ ਪਹਿਲਾਂ ਪ੍ਰਸ਼ਾਸਨ ਵੱਲੋਂ ਪੁਲੀਸ ਫੋਰਸ ਤਾਇਨਾਤ ਕਰ ਕੇ ਸ਼ਹਿਰ ’ਚੋਂ ਕੂੜੇ ਢੇਰ ਚੁਕਵਾ ਦਿੱਤੇ ਗਏ ਸਨ ਪਰ ਬਰਨਾਲਾ ’ਚ ਵਾਪਰੀ ਲਾਠੀਚਾਰਜ ਦੀ ਘਟਨਾ ਤੋਂ ਬਾਅਦ ਸਫ਼ਾਈ ਸੇਵਕਾਂ ਵਿੱਚ ਪੈਦਾ ਹੋਏ ਰੋਹ ਮਗਰੋਂ ਪ੍ਰਸ਼ਾਸਨ ਨੇ ਵੀ ਪਾਸਾ ਵੱਟ ਲਿਆ ਹੈ।
ਧਰਨੇ ਨੂੰ ਸੰਬੋਧਨ ਕਰਦਿਆਂ ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭਰਤ ਬੇਦੀ ਨੇ ਕਿਹਾ ਕਿ 8 ਜੁਲਾਈ ਤੋਂ ਸਫ਼ਾਈ ਸੇਵਕਾਂ ਨੂੰ ਹੜਤਾਲ ਤੇ ਜਾਣ ਲਈ ਮਜਬੂਰ ਹੋਣਾ ਪਿਆ ਹੈ ਕਿਉਂਕਿ ਪੰਜਾਬ ਸਰਕਾਰ ਨੇ ਮੀਟਿੰਗਾਂ ਦੌਰਾਨ ਮੰਗਾਂ ਦਾ ਹੱਲ ਕਰਨ ਦਾ ਕੀਤਾ ਵਾਅਦਾ ਸਿਰੇ ਨਹੀਂ ਚੜ੍ਹਾਇਆ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਵੱਲੋਂ ਅੰਮ੍ਰਿਤਸਰ ਵਿੱਚ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਹੋਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਡੀ ਐੱਸ ਪੀ ਅਤੇ ਐੱਸ ਐੱਚ ਓ ਖ਼ਿਲਾਫ਼ ਕੇਸ ਦਰਜ ਕਰ ਕੇ ਨੌਕਰੀ ਤੋਂ ਬਰਖਾਸਤ ਨਹੀਂ ਕੀਤਾ ਜਾਂਦਾ, ਉਦੋਂ ਤੱਕ ਹੜਤਾਲ ਜਾਰੀ ਰਹੇਗੀ।
ਇਸ ਮੌਕੇ ਪ੍ਰਧਾਨ ਅਜੇ ਕੁਮਾਰ, ਚੇਅਰਮੈਨ ਊਸ਼ਾ ਰਾਣੀ, ਸੂਬਾ ਮੀਤ ਪ੍ਰਧਾਨ ਨਾਥਾ ਰਾਮ, ਜਨਰਲ ਸਕੱਤਰ ਰਮੇਸ ਕੁਮਾਰ, ਮੀਤ ਪ੍ਰਧਾਨ ਸੁਰੇਸ਼ ਕੁਮਾਰ, ਜ਼ਿਲ੍ਹਾ ਸਕੱਤਰ ਰਾਜੇਸ਼ ਕੁਮਾਰ ਤੇ ਪ੍ਰੱੈਸ ਸਕੱਤਰ ਅਮਿਤ ਕੁਮਾਰ ਆਦਿ ਮੌਜੂਦ ਸਨ।

