ਸੰਗਰੂਰ: ਮਹੀਨੇ ’ਚ 176 ਤਸਕਰ ਕਾਬੂੁ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 3 ਜੂਨ
ਸੰਗਰੂਰ ਜ਼ਿਲ੍ਹਾ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਮਈ ਮਹੀਨੇ ਦੌਰਾਨ ਨਸ਼ਿਆਂ ਖ਼ਿਲਾਫ਼ 133 ਕੇਸ ਦਰਜ ਕਰਕੇ 176 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ 86 ਕੇਸ ਦਰਜ ਕਰਕੇ 124 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ 5 ਕਿਲੋਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ, 75 ਕਿੱਲੋ ਭੂੱਕੀ ਚੂਰਾ ਪੋਸਤ, 244 ਗ੍ਰਾਮ ਚਰਸ, 330 ਗ੍ਰਾਮ ਗਾਂਜਾ/ਸੁਲਫਾ, 4649 ਨਸ਼ੀਲੀਆਂ ਗੋਲੀਆਂ, 6 ਨਸ਼ੀਲੀਆਂ ਸ਼ੀਸ਼ੀਆਂ ਅਤੇ 5,82,000 ਰੁਪਏ ਡਰੱਗ ਮਨੀ ਬਰਾਮਦ ਕਰਵਾਈ ਗਈ। ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 47 ਮੁਕੱਦਮੇ ਦਰਜ ਕਰਕੇ 52 ਦੋਸ਼ੀਆਂ ਨੂੰ ਕਾਬੂ ਕਰਕੇ 602.250 ਲਿਟਰ ਸ਼ਰਾਬ ਠੇਕਾ ਦੇਸੀ, 191.750 ਲਿਟਰ ਸ਼ਰਾਬ ਨਾਜਾਇਜ਼, 9 ਲਿਟਰ ਸ਼ਰਾਬ ਅੰਗਰੇਜ਼ੀ, 300 ਲਿਟਰ ਸਪਰਿਟ, 1 ਚਾਲੂ ਭੱਠੀ ਅਤੇ 3015 ਲਿਟਰ ਲਾਹਣ ਬਰਾਮਦ ਕੀਤੀ ਗਈ। ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲੀਸ ਵਲੋਂ ਮਈ ਮਹੀਨੇ ਦੌਰਾਨ ਮੋਬਾਈਲ ਫੋਨਾਂ ਜ਼ਰੀਏ ਜ਼ਿਲ੍ਹਾ ਜੇਲ੍ਹ ’ਚੋਂ ਚੱਲ ਰਹੇ ਨਸ਼ਾ ਤਸਕਰੀ ਦੇ ਰੈਕਟ ਦਾ ਪਰਦਾਫਾਸ਼ ਕੀਤਾ ਸੀ ਅਤੇ ਇਸ ਮਾਮਲੇ ’ਚ ਜ਼ਿਲ੍ਹਾ ਜੇਲ੍ਹ ’ਚ ਤਾਇਨਾਤ ਇੱਕ ਡੀਐੱਸਪੀ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਨਕਲੀ ਪੁਲੀਸ ਮੁਲਾਜ਼ਮ ਬਣ ਕੇ ਲੋਕਾਂ ਨਾਲ ਠੱਗੀਆਂ ਮਾਰਨ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਜ਼ਿਲ੍ਹਾ ਪੁਲੀਸ ਮੁਖੀ ਵੱਲੋਂ ਲੋਕਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਸਪੋਰਟਸ ਕਲੱਬਾਂ ਤੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁੂਕ ਕੀਤਾ ਜਾ ਰਿਹਾ ਹੈ।