ਸੰਗਰੂਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 2.27 ਲੱਖ ਮੀਟਰਕ ਟਨ ਝੋਨੇ ਦੀ ਫ਼ਸਲ ਦੀ ਆਮਦ ਹੋ ਚੁੱਕੀ ਹੈ ਜਿਸ ’ਚੋਂ 2 ਲੱਖ 19 ਹਜ਼ਾਰ 558 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕਿਸਾਨਾਂ ਵਲੋਂ ਅਨਾਜ ਮੰਡੀਆਂ ਵਿੱਚ ਵੇਚਣ ਲਈ ਲਿਆਂਦੀ ਜਾ ਰਹੀ ਝੋਨੇ ਦੀ ਫਸਲ ਦਾ ਦਾਣਾ-ਦਾਣਾ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਖਰੀਦਿਆ ਜਾ ਰਿਹਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੀਡਿਓ ਕਾਨਫਰੰਸ ਰਾਹੀਂ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਵੱਲੋਂ ਸੱਦੀ ਮੀਟਿੰਗ ਵਿੱਚ ਸ਼ਾਮਲ ਹੋਣ ਉਪਰੰਤ ਕੀਤਾ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਖ਼ਰੀਦ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਸੀਜ਼ਨ ਦੇ ਸਿਖ਼ਰ ਦੇ ਮੱਦੇਨਜ਼ਰ ਮੰਡੀਆਂ ’ਚ ਆਮਦ ਦੀ ਤੇਜ਼ੀ ਨੂੰ ਮੁੱਖ ਰੱਖਦੇ ਹੋਏ ਢੁਕਵੇਂ ਪ੍ਰਬੰਧ ਅਤੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਦੂਜੇ ਰਾਜਾਂ ਤੋਂ ਸੰਭਾਵੀ ਝੋਨੇ ਦੀ ਆਮਦ ਨੂੰ ਰੋਕਣ ਲਈ ਪੁਲੀਸ ਅਤੇ ਖ਼ਰੀਦ ਏਜੰਸੀਆਂ ਵੱਲੋਂ ਕੀਤੇ ਕੰਮ ਦੀ ਸਮੀਖਿਆ ਵੀ ਕੀਤੀ। ਚਾਬਾ ਨੇ ਦੱਸਿਆ ਕਿ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਝੋਨੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।