ਗੁਰਦੀਪ ਸਿੰਘ ਲਾਲੀ
ਸੰਗਰੂਰ, 16 ਜੂਨ
ਆਸ਼ਾ ਵਰਕਰਜ਼ ਅਤੇ ਆਸ਼ਾ ਫੈਸਿਲੀਟੇਟਰਜ਼ ਸਾਂਝਾ ਮੋਰਚਾ ਪੰਜਾਬ ਦੀ ਅਗਵਾਈ ਹੇਠ ਕੋਵਿਡ ਸਪੈਸ਼ਲ ਭੱਤਾ 2500 ਰੁਪਏ ਕੱਟਣ ਅਤੇ ਪਿੰਡਾਂ ਅੰਦਰ ਚਿੱਟੇ ਦਾ ਸੇਵਨ ਕਰਨ ਵਾਲੇ ਨੌਜਵਾਨਾਂ ਦੀਆਂ ਲਿਸਟਾਂ ਤਿਆਰ ਕਰਨ ਦੇ ਹੁਕਮਾਂ ਦੇ ਵਿਰੋਧ ਵਿਚ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਵਲੋਂ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਨੇੜੇ ਜ਼ੀਰਕਪੁਰ-ਬਠਿੰਡਾ ਕੌਮੀ ਹਾਈਵੇਅ ’ਤੇ ਸਥਿਤ ਓਵਰਬ੍ਰਿਜ ਹੇਠਾਂ ਧਰਨਾ ਦਿੱਤਾ ਗਿਆ। ਇਸ ਮੌਕੇ ਸਾਂਝਾ ਮੋਰਚਾ ਪੰਜਾਬ ਦੇ ਕਨਵੀਨਰ ਰਾਣੋ ਖੇੜੀ ਗਿੱਲਾਂ ਅਤੇ ਅਮਰਜੀਤ ਕੌਰ ਰਣ ਸਿੰਘ ਵਾਲਾ ਨੇ ਕਿਹਾ ਕਿ ਆਸ਼ਾ ਵਰਕਰਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਜਾਨ ਜੋਖ਼ਮ ਵਿਚ ਪਾ ਕੇ ਕੋਵਿਡ ਸਬੰਧੀ ਆਪਣਾ ਕੰਮ ਪੂਰੀ ਤਨਦੇਹੀ ਨਾਲ ਕੀਤਾ ਜਾ ਰਿਹਾ ਹੈ ਪਰ ‘ਆਪ’ ਸਰਕਾਰ ਵਲੋਂ ਆਸ਼ਾ ਵਰਕਰਾਂ ਨੂੰ ਮਿਲ ਰਿਹਾ ਭੱਤਾ 2500 ਰੁਪਏ ਕੱਟ ਲਿਆ ਗਿਆ ਹੈ। ਇਸ ਤੋਂ ਇਲਾਵਾ ਆਸ਼ਾ ਵਰਕਰਾਂ ਨੂੰ ਵਿਭਾਗ ਵਲੋਂ ਪਿੰਡਾਂ ਅੰਦਰ ਚਿੱਟੇ ਦਾ ਸੇਵਲ ਕਰਨ ਵਾਲਿਆਂ ਦੀਆਂ ਲਿਸਟਾਂ ਤਿਆਰ ਕਰਨ ਦੇ ਹੁਕਮ ਦਿੱਤੇ ਹਨ। ਧਰਨੇ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫੋਂ 20 ਜੂਨ ਦੀ ਡਾਇਰੈਕਟਰ ਸਿਹਤ ਵਿਭਾਗ ਨਾਲ ਮੀਟਿੰਗ ਦਾ ਸਮਾਂ ਦਿੱਤਾ ਗਿਆ, ਜਿਸ ਮਗਰੋਂ ਧਰਨਾ ਸਮਾਪਤ ਕੀਤਾ।