ਗੁਰਦੀਪ ਸਿੰਘ ਲਾਲੀ
ਸੰਗਰੂਰ, 19 ਜੁਲਾਈ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਕਿਯੂ ਏਕਤਾ ਉਗਰਾਹਾਂ ਵਲੋਂ ਮੰਨੀਆਂ ਕਿਸਾਨੀ ਮੰਗਾਂ ਲਾਗੂ ਨਾ ਕਰਨ ’ਤੇ ਕੇਂਦਰ ਸਰਕਾਰ ਖ਼ਿਲਾਫ਼ ਇਥੇ ਅਨਾਜ ਮੰਡੀ ’ਚ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਹੋਈ ਕਨਵੈਨਸ਼ਨ ’ਚ ਯੂਨੀਅਨ ਦੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੂਟਾਲ ਅਤੇ ਬਹਾਲ ਸਿੰਘ ਢੀਂਡਸਾ ਸ਼ਾਮਲ ਹੋਏ। ਕੇਂਦਰ ਸਰਕਾਰ ਵਲੋਂ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 31 ਜੁਲਾਈ ਨੂੰ ਲੱਡਾ ਟੌਲ ਪਲਾਜ਼ਾ, ਕਾਲਾਝਾੜ ਟੌਲ ਪਲਾਜ਼ਾ ਅਤੇ ਹਿਸਾਰ ਰੋਡ ’ਤੇ ਸੜਕੀ ਆਵਾਜਾਈ ਠੱਪ ਕਰਨ ਦਾ ਐਲਾਨ ਕੀਤਾ। ਆਗੂਆਂ ਨੇ ਕੇਂਦਰ ਸਰਕਾਰ ’ਤੇ ਦੇਸ਼ ਦੇ ਕਿਸਾਨਾਂ ਨਾਲ ਧੋਖਾ ਕਰਨ ਦਾ ਦੋਸ਼ ਲਾਉਂਦਿਆਂ ਅਲੋਚਨਾ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨਾਲ ਐੱਮਐੱਸਪੀ ਲਾਗੂ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਹੁਣ ਸਰਕਾਰ ਆਪਣਾ ਵਾਅਦਾ ਪੂਰਾ ਕਰਨ ਤੋਂ ਭੱਜ ਰਹੀ ਹੈ। ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੇ ਕਿਸਾਨਾਂ ਨੂੰ ਕਥਿਤ ਤੌਰ ’ਤੇ ਸਾਜ਼ਿਸ਼ ਤਹਿਤ ਸ਼ਹੀਦ ਕੀਤਾ ਗਿਆ ਪਰ ਕੇਂਦਰ ਸਰਕਾਰ ਕਿਸਾਨਾਂ ਦੀ ਹੱਤਿਆ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਬਚਾ ਰਹੀ ਹੈ। ਬੁਲਾਰਿਆਂ ਨੇ ਕਿਹਾ ਕਿ ਦਿੱਲੀ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਪੁਲੀਸ ਕੇਸ ਅਜੇ ਤੱਕ ਵਾਪਸ ਨਹੀਂ ਲਏ ਗਏ ਅਤੇ ਨਾ ਹੀ ਹੋਰ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਲਗਾਤਾਰ ਪੰਜਾਬ ਅਤੇ ਕਿਸਾਨ ਵਿਰੋਧੀ ਫੈਸਲੇ ਲੈ ਰਹੀ ਹੈ, ਜਿਸ ਕਾਰਨ ਸਮੁੱਚੇ ਕਿਸਾਨ ਵਰਗ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ 31 ਜੁਲਾਈ ਨੂੰ ਸੜਕਾਂ ਜਾਮ ਕਰਨ ਦੇ ਦਿੱਤੇ ਸੱਦੇ ਨੂੰ ਪੂਰੀ ਤਰਾਂ ਸਫ਼ਲ ਬਣਾਇਆ ਜਾਵੇਗਾ, ਜਿਸ ਲਈ ਕਿਸਾਨਾਂ ਅਤੇ ਹਰ ਵਰਗ ਦੇ ਲੋਕਾਂ ਨੂੰ ਕੇਂਦਰ ਸਰਕਾਰ ਦੇ ਮਾਰੂ ਫੈਸਲਿਆਂ ਖ਼ਿਲਾਫ਼ ਲਾਮਬੰਦ ਕੀਤਾ ਜਾ ਰਿਹਾ ਹੈ। ਕਨਵੈਨਸ਼ਨ ਨੂੰ ਕਿਸਾਨ ਆਗੂ ਜਸਵੰਤ ਸਿੰਘ ਤੋਲਾਵਾਲ, ਹਰਬੰਸ ਸਿੰਘ ਲੱਡਾ, ਕਰਨੈਲ ਸਿੰਘ ਗਨੋਟਾ, ਅਜੈਬ ਸਿੰਘ ਲੱਖੇਵਾਲ, ਗੋਬਿੰਦਰ ਸਿੰਘ ਮੰਗਵਾਲ, ਦਰਸ਼ਨ ਸਿੰਘ ਸ਼ਾਦੀਹਰੀ ਤੇ ਰਿੰਕੂ ਮੂਨਕ ਨੇ ਸੰਬੋਧਨ ਕੀਤਾ।