ਨਿਜੀ ਪੱਤਰ ਪ੍ਰੇਰਕ
ਸੰਗਰੂਰ, 18 ਮਈ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ’ਚ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਵਿੱਢੀ ਮੁਹਿੰਮ ਨੂੰ ਉਨ੍ਹਾਂ ਦੇ ਜੱਦੀ ਜ਼ਿਲ੍ਹੇ ਸੰਗਰੂਰ ’ਚ ਹੁਲਾਰਾ ਦਿੰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਨਾਜਾਇਜ਼ ਕਬਜ਼ਿਆਂ ਵਿਰੁੱਧ ਡਟਣ ਦੀ ਅਪੀਲ ਕੀਤੀ ਹੈ। ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਆਮ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਨਾਲ ਜੋੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 24 ਘੰਟੇ ਕਾਰਜਸ਼ੀਲ ਰਹਿਣ ਵਾਲਾ ਹੈਲਪਲਾਈਨ ਨੰਬਰ, 96464-22212, ਜਾਰੀ ਕੀਤਾ ਗਿਆ ਹੈ ਜਿਸ ’ਤੇ ਸੰਪਰਕ ਕਰਕੇ ਕੋਈ ਵੀ ਵਿਅਕਤੀ ਸੰਗਰੂਰ ਜ਼ਿਲੇ ਦੀ ਹਦੂਦ ਅੰਦਰ ਕਿਸੇ ਵੀ ਪੰਚਾਇਤੀ ਜ਼ਮੀਨ ’ਤੇ ਕਿਸੇ ਵੀ ਸ਼ਰਾਰਤੀ ਅਨਸਰ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਬਾਰੇ ਸੂਚਨਾ ਦੇ ਸਕਦਾ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਇਸ ਹੈਲਪਲਾਈਨ ਨੰਬਰ ’ਤੇ ਜਾਣਕਾਰੀ ਕਿਸੇ ਵੀ ਰੂਪ ਵਿੱਚ ਜਿਵੇਂ ਕਾਲ, ਮੈਸੇਜ ਜਾਂ ਵੱਟਸਐਪ ਜ਼ਰੀਏ ਸਾਂਝੀ ਕੀਤੀ ਜਾ ਸਕੇਗੀ ਜਿਸ ’ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਤਰਜੀਹ ਦੇ ਆਧਾਰ ’ਤੇ ਬਣਦੀ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇਗੀ। ਇਸ ਤਰਾਂ ਦੀ ਕੋਈ ਵੀ ਜਾਣਕਾਰੀ ਸਾਂਝੀ ਕਰਨ ਵਾਲੇ ਹਰ ਵਿਅਕਤੀ ਦੀ ਪਛਾਣ ਹਰ ਪੱਖੋਂ ਗੁਪਤ ਰੱਖੀ ਜਾਵੇਗੀ।