sangrur news: ਪੈਨਸ਼ਨਰਾਂ ਵਲੋਂ ਡੀ ਸੀ ਦਫ਼ਤਰ ਅੱਗੇ ਮੁਜ਼ਾਹਰਾ
ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ; ਮੰਗਾਂ ਪੂਰੀਆਂ ਕਰਨ ’ਤੇ ਜ਼ੋਰ
ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਵਲੋਂ ਆਲ ਪੈਨਸ਼ਨਰਜ਼ ਵੈਲਫ਼ੇਅਰ ਐਸੋਸ਼ੀਏਸ਼ਨ ਦੀ ਅਗਵਾਈ ਹੇਠ ਡੀ ਸੀ ਦਫ਼ਤਰ ਅੱਗੇ ਪੰਜਾਬ ਸਰਕਾਰ ਖਿਲਾਫ਼ ਮੁਜ਼ਾਹਰਾ ਕੀਤਾ ਗਿਆ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਦੇ ਵਤੀਰੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਬੁਲਾਰਿਆਂ ਨੇ ਐਲਾਨ ਕੀਤਾ ਕਿ 10 ਅਕਤੂਬਰ ਨੂੰ ਇਥੇ ਮੁੱਖ ਮੰਤਰੀ ਦੀ ਕੋਠੀ ਅੱਗੇ ਹੋਣ ਵਾਲੀ ਸੂਬਾ ਪੱਧਰੀ ਮਹਾਂਰੈਲੀ ਵਿਚ ਪੈਨਸ਼ਨਰਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।
ਇਸ ਮੌਕੇ ਆਲ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸ਼ੀਏਸ਼ਨ ਦੇ ਪ੍ਰਧਾਨ ਸੁਰਿੰਦਰ ਕੁਮਾਰ ਬਾਲੀਆਂ, ਸਰਪ੍ਰਸਤ ਜਗਦੀਸ਼ ਸ਼ਰਮਾ ਅਤੇ ਜਨਰਲ ਸਕੱਤਰ ਬਲਵੰਤ ਸਿੰਘ ਢਿੱਲੋਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਅਣਦੇਖੀ ਕਰ ਰਹੀ ਹੈ ਜਿਸ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਾਤਾਰ ਲਾਪ੍ਰਵਾਹੀ ਅਤੇ ਮੰਗਾਂ ਪ੍ਰਤੀ ਨਾਂਹ-ਪੱਖੀ ਵਤੀਰਾ ਅਪਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਦਾਲਤੀ ਫੈਸਲਿਆਂ ਨੂੰ ਲਾਗੂ ਨਾ ਕਰਨਾ, ਮੰਗਾਂ ਪ੍ਰਤੀ ਮੀਟਿੰਗ ਕਰਨ ਤੋਂ ਭੱਜਣਾ ਅਤੇ ਕੇਂਦਰ ਸਰਕਾਰ ਦੇ ਪੈਟਰਨ ਤੇ ਡੀਏ ਨਾ ਦੇਣਾ, ਪੈਨਸ਼ਨਰਾਂ ਦੇ 1-7-21 ਤੋਂ ਰਹਿੰਦੇ ਸਾਰੇ ਬਕਾਏ ਨਾ ਦੇਣਾ, 2.59 ਨਾਲ ਪੈਨਸ਼ਨ ਰੀਵਾਇਜ਼ ਨਾ ਕਰਨਾ ਤੇ ਹੋਰ ਮੰਗਾਂ ਦਾ ਨਿਬੇੜਾ ਨਾ ਕਰਨਾ ਸਾਬਤ ਕਰਦਾ ਹੈ ਕਿ ਸਰਕਾਰ ਮੰਗਾਂ ਪ੍ਰਤੀ ਸੰਜੀਦਾ ਨਹੀਂ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਐਸੋਸ਼ੀਏਸ਼ਨ ਦੇ ਆਗੂ ਬਿੱਕਰ ਸਿੰਘ ਸਿਬੀਆ, ਮੇਲਾ ਸਿੰਘ ਪੁੰਨਾਂਵਾਲ, ਪਵਨ ਸ਼ਰਮਾ, ਬਹਾਦਰ ਸਿੰਘ ਰਾਓ ਆਦਿ ਅਨੇਕਾਂ ਆਗੂ ਸ਼ਾਮਲ ਸਨ।

