Sangrur news: ਕੰਪਿਊਟਰ ਅਧਿਆਪਕਾਂ ਦਾ ਮਸ਼ਾਲ ਮਾਰਚ
ਮੰਗਾਂ ਨਾ ਮੰਨਣ ’ਤੇ ਪੰਜਾਬ ਭਰ ’ਚ ਸਰਕਾਰ ਦੇ ਨੁਮਾਇੰਦਿਆਂ ਦੇ ਘਿਰਾਓ ਦੀ ਚਿਤਾਵਨੀ
ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫ਼ੀ ਦੇ ਰੋਸ ਵਜੋਂ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਸੰਗਰੂਰ ਵਿੱਚ ਚੱਲ ਰਹੇ ਪੱਕੇ ਧਰਨੇ ਵਿੱਚ ਅੱਜ ਕੰਪਿਊਟਰ ਅਧਿਆਪਕਾਂ ਨੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਜ਼ਿਲ੍ਹਾ ਸੰਗਰੂਰ ਦੇ ਕੰਪਿਊਟਰ ਅਧਿਆਪਕਾਂ ਨੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਤੇ ਸੂਬਾ ਆਗੂ ਨਰਦੀਪ ਸ਼ਰਮਾ ਤੇ ਇਕਬਾਲ ਸਿੰਘ ਦੀ ਅਗਵਾਈ ਹੇਠ ਡੀ ਸੀ ਦਫ਼ਤਰ ਤੋਂ ਬੜਾ ਚੌਕ ਤੱਕ ਮਸ਼ਾਲ ਮਾਰਚ ਕੱਢਿਆ। ਮਾਰਚ ਵਿੱਚ ਜ਼ਿਲ੍ਹਾ ਸੰਗਰੂਰ ਤੋਂ ਵੱਡੀ ਗਿਣਤੀ ਵਿੱਚ ਅਧਿਆਪਕਾਂ ਤੋਂ ਇਲਾਵਾ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਰਾਕੇਸ਼ ਸਿੰਘ ਖਾਲਸਾ ਅਤੇ ਪਟਿਆਲਾ ਦੇ ਪ੍ਰਧਾਨ ਬਲਜੀਤ ਸਿੰਘ ਨੇ ਵੀ ਸ਼ਮੂਲੀਅਤ ਕੀਤੀ। ਇਕੱਠ ਨੂੰ ਭਰਾਤਰੀ ਜਥੇਬੰਦੀਆਂ ਦੇ ਆਗੂ ਦੇਵੀ ਦਿਆਲ, ਦਾਤਾ ਸਿੰਘ, ਸੁਖਵਿੰਦਰ ਗਿਰ, ਫਕੀਰ ਸਿੰਘ ਅਤੇ ਹਰਕੀਰਤ ਸਿੰਘ ਨੇ ਵੀ ਸੰਬੋਧਨ ਕੀਤਾ।
ਬੁਲਾਰਿਆਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਡਿਜੀਟਲ ਸਿੱਖਿਆ ਦੀ ਅਹਿਮ ਜ਼ਿੰਮੇਵਾਰੀ ਨਿਭਾਉਣ ਵਾਲੇ ਕੰਪਿਊਟਰ ਅਧਿਆਪਕ ਲਗਪਗ ਦੋ ਦਹਾਕਿਆਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਪੂਰੇ ਲਾਭਾਂ ਸਮੇਤ ਮਰਜ ਕੀਤਾ ਜਾਵੇ ਅਤੇ ਛੇਵੇਂ ਤਨਖਾਹ ਕਮਿਸ਼ਨ ਦੇ ਲਾਭ ਦਿੱਤੇ ਜਾਣ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਵਾਅਦੇ ਪੂਰੇ ਨਾ ਕਰਨ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਸਬੰਧੀ ਤੁਰੰਤ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਪੂਰੇ ਪੰਜਾਬ ’ਚ ਸਰਕਾਰ ਦੇ ਨੁਮਾਇੰਦਿਆਂ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਹੱਕ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ।

