ਸੰਗਰੂਰ ਪੁਲੀਸ ਵੱਲੋਂ ਹਫ਼ਤੇ ’ਚ 30 ਕੇਸ ਦਰਜ; 37 ਮੁਲਜ਼ਮ ਗ੍ਰਿਫ਼ਤਾਰ
ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 18 ਤੋਂ 24 ਅਕਤੂਬਰ 2025 ਤੱਕ ਨਸ਼ਿਆਂ ਖ਼ਿਲਾਫ਼ 21 ਕੇਸ ਦਰਜ ਕਰਕੇ 28 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਕੋਲੋਂ 212 ਗ੍ਰਾਮ ਹੈਰੋਇਨ, 13 ਕਿਲੋ 700 ਗ੍ਰਾਮ ਭੁੱਕੀ ਚੂਰਾ ਪੋਸਤ ਅਤੇ 169 ਨਸ਼ੀਲੀਆਂ ਗੋਲੀਆਂ ਬਰਾਮਦ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਖ਼ਿਲਾਫ਼ 9 ਕੇਸ ਦਰਜ ਕਰ ਕੇ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ 102.750 ਲਿਟਰ ਸ਼ਰਾਬ ਠੇਕਾ ਦੇਸੀ, 2 ਲਿਟਰ ਸ਼ਰਾਬ ਨਾਜਾਇਜ਼ ਅਤੇ 250 ਲਿਟਰ ਲਾਹਣ ਬਰਾਮਦ ਕੀਤੀ ਗਈ ਹੈ।
ਜ਼ਿਲ੍ਹਾ ਪੁਲੀਸ ਮੁਖੀ ਨੇ ਲੋਕਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਬਰਾਂ ਨਾਲ ਮੀਟਿੰਗਾਂ ਕਰ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਅਰਸੇ ਦੌਰਾਨ ਵੱਖ ਵੱਖ ਗਜ਼ਟਿਡ ਅਫ਼ਸਰਾਂ ਵੱਲੋਂ 34 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲੀਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।
