ਗੁਰਦੀਪ ਸਿੰਘ ਲਾਲੀ
ਸੰਗਰੂਰ, 8 ਸਤੰਬਰ
ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਬੇਮਿਆਦੀ ਹੜਤਾਲ ਦੇ ਤੀਜੇ ਦਿਨ ਸ਼ਹਿਰ ਵਿਚ ਵਿਸ਼ਾਲ ਰੋਸ ਮਾਰਚ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਕੱਚੇ ਹੜਤਾਲੀ ਮੁਲਾਜ਼ਮ ਸਥਾਨਕ ਬੱਸ ਸਟੈਂਡ ਵਿਖੇ ਚੱਲ ਰਹੇ ਰੋਸ ਧਰਨੇ ਦੌਰਾਨ ਵੀ ਸਰਕਾਰ ਖ਼ਿਲਾਫ਼ ਗਰਜਦੇ ਰਹੇ। ਹੜਤਾਲੀ ਮੁਲਾਜ਼ਮਾਂ ਨੇ 9 ਸਤੰਬਰ ਨੂੰ ਬੱਸ ਸਟੈਂਡ ਬੰਦ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਸੂਬਾ ਆਗੂ ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੱਢਿਆ ਜਾ ਰਿਹਾ। ਬੁਲਾਰਿਆਂ ਨੇ ਮੰਗ ਕੀਤੀ ਕਿ ਸਰਕਾਰੀ ਬੱਸਾਂ ਦੀ ਗਿਣਤੀ ਘੱਟੋ ਘੱਟ ਦਸ ਹਜ਼ਾਰ ਕੀਤੀ ਜਾਵੇ, ਕੱਚੇ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ। ਇਸ ਮੌਕੇ ਪਰਮਿੰਦਰ ਸਿੰਘ ਟਿੱਬਾ, ਡਿਪੂ ਪ੍ਰਧਾਨ ਜਸਵਿੰਦਰ ਸਿੰਘ ਜੱਸੀ, ਸੁਖਜਿੰਦਰ ਸਿੰਘ ਸੀਪਾ, ਰਣਦੀਪ ਸਿੰਘ ਬਾਵਾ, ਲਖਵਿੰਦਰ ਸਿੰਘ ਬਿੱਟੂ, ਹਰਪ੍ਰੀਤ ਸਿੰਘ ਗਰੇਵਾਲ, ਰੁਪਿੰਦਰ ਸਿੰਘ, ਰਾਮ ਸਿੰਘ ਨੇ ਸੰਬੋਧਨ ਕੀਤਾ।