ਗੁਰਦੀਪ ਸਿੰਘ ਲਾਲੀ
ਸੰਗਰੂਰ, 26 ਅਕਤੂਬਰ
18 ਦਿਨਾਂ ਤੋਂ ਦਫ਼ਤਰੀ ਕੰਮਕਾਜ ਠੱਪ ਕਰਕੇ ਕਲਮ ਛੋੜ ਹੜਤਾਲ ’ਤੇ ਚੱਲ ਰਹੇ ਵੱਖ-ਵੱਖ ਵਿਭਾਗਾਂ ਦੇ ਦਫ਼ਤਰੀ ਮੁਲਾਜ਼ਮਾਂ ਅੱਜ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਅਗਵਾਈ ਹੇਠ ਡੀਸੀ ਕੰਪਲੈਕਸ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਸਖ਼ਤ ਲਹਿਜੇ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ ਗਈ। ਵੱਖ-ਵੱਖ ਵਿਭਾਗਾਂ ਦੇ ਦਫ਼ਤਰੀ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ ਸ਼ਰਮਾ ਅਤੇ ਜਨਰਲ ਸਕੱਤਰ ਰਾਜਵੀਰ ਬਡਰੁੱਖਾਂ ਦੀ ਅਗਵਾਈ ਹੇਠ ਡੀਸੀ ਕੰਪਲੈਕਸ ਅੱਗੇ ਪੁੱਜੇ ਅਤੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਬਲਵਿੰਦਰ ਸੋਹੀ, ਮਾਲਵਿੰਦਰ ਹਰੀਗੜ੍ਹ, ਅਨੁਜ ਸ਼ਰਮਾ, ਅਸ਼ੀਸ਼ ਫੁੱਲ, ਪਰਮਜੀਤ ਕੌਰ, ਤਰਸੇਮ ਖੰਨਾ ਅਤੇ ਮਨਪ੍ਰੀਤ ਕੌਰ ਨੇ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਦੀ ਸਖਤ ਨਿਖੇਧੀ ਕੀਤੀ। ਬੁਲਾਰਿਆਂ ਨੇ ਸਰਕਾਰ ਨੂੰ ਮੁਲਾਜ਼ਮ ਵਿਰੋਧੀ ਕਰਾਰ ਦਿੱਤਾ। ਇਸ ਮੌਕੇ ਪੈਨਸ਼ਨਰ ਆਗੂ ਜਗਦੀਸ਼ ਸ਼ਰਮਾ, ਸੁਰਿੰਦਰ ਕੁਮਾਰ ਬਾਲੀਆਂ, ਜੀਤ ਸਿੰਘ ਢੀਂਡਸਾ, ਦਰਸ਼ਨ ਸਿੰਘ ਨੌਰਥ, ਰਾਮ ਸਿੰਘ ਮਹਿਮੀ ਅਤੇ ਜਗਤਾਰ ਜਜੀਰਾ ਵੱਲੋਂ ਵੀ ਸਾਥੀਆਂ ਸਮੇਤ ਸ਼ਮੂਲੀਅਤ ਕਰਦਿਆਂ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਕੀਤੀ।