Sangrur Water Crisis: ਸ਼ਿਕਾਇਤ ਮਿਲਣ ਮਗਰੋਂ ਐੱਸ ਸੀ ਕਮਿਸ਼ਨ ਦੇ ਮੈਂਬਰ ਵੱਲੋਂ ਸੰਗਰੂਰ ਦਾ ਦੌਰਾ
ਸੀਵਰੇਜ ਸਿਸਟਮ ਅਤੇ ਪੀਣ ਵਾਲੇ ਪਾਣੀ ਦੇ ਪ੍ਰਾਜੈਕਟ 15 ਦਿਨਾਂ ’ਚ ਠੀਕ ਕਰਨ ਦੇ ਹੁਕਮ
Sangrur Water Crisis: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਵੱਲੋਂ ਅੱਜ ਸ਼ਹਿਰ ਦੇ ਅੰਬੇਡਕਰ ਨਗਰ ਅਤੇ ਸੁੰਦਰ ਬਸਤੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਇਲਾਕਾ ਵਾਸੀਆਂ ਨੂੰ ਸੀਵਰੇਜ, ਪੀਣ ਵਾਲੇ ਪਾਣੀ ਅਤੇ ਸਫ਼ਾਈ ਨਾਲ ਸਬੰਧਤ ਸਮੱਸਿਆਵਾਂ ਦਾ ਮੌਕੇ ’ਤੇ ਜਾਇਜ਼ਾ ਲਿਆ। ਹਾਲਾਤ ਦੇਖਣ ਮਗਰੋਂ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਇਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਹੱਲ 15 ਦਿਨਾਂ ਦੇ ਅੰਦਰ-ਅੰਦਰ ਹਰ ਹਾਲਤ ਵਿੱਚ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਵੱਲੋਂ ਸੀਵਰੇਜ ਦੀ ਭਾਰੀ ਸਮੱਸਿਆ, ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਲੀਕੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਸਬੰਧੀ ਕਈ ਲਿਖਤੀ ਸ਼ਿਕਾਇਤਾਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਦਰਜ ਕਰਵਾਈਆਂ ਗਈਆਂ ਸਨ। ਇਨ੍ਹਾਂ ਸ਼ਿਕਾਇਤਾਂ ਨੂੰ ਬੇਹੱਦ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਵੱਲੋਂ ਖ਼ੁਦ ਮੌਕੇ ਉੱਤੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਵਿਭਾਗੀ ਅਧਿਕਾਰੀਆਂ ਤੋਂ ਇਸ ਸਬੰਧੀ ਬਾਰੀਕੀ ਨਾਲ ਜਾਣਕਾਰੀ ਹਾਸਲ ਕੀਤੀ ਗਈ।
ਜਾਇਜ਼ੇ ਦੌਰਾਨ ਸੀਵਰੇਜ ਬੋਰਡ, ਵਾਟਰ ਸਪਲਾਈ ਅਤੇ ਨਗਰ ਕੌਂਸਲ ਸੰਗਰੂਰ ਦੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਮੌਕੇ ਉੱਤੇ ਤਲਬ ਕੀਤਾ ਗਿਆ, ਜਿਨ੍ਹਾਂ ਵਿੱਚ ਐਕਸੀਅਨ, ਐੱਸ ਡੀ ਓ, ਈ ਓ ਅਤੇ ਜੇ ਈ ਸ਼ਾਮਲ ਸਨ। ਕਮਿਸ਼ਨ ਮੈਂਬਰ ਨੇ ਅਧਿਕਾਰੀਆਂ ਨੂੰ ਸਪੱਸ਼ਟ ਤਾੜਨਾ ਕੀਤੀ ਕਿ ਆਮ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵਿਸ਼ੇਸ਼ ਹਦਾਇਤ ਕੀਤੀ ਕਿ ਅੰਬੇਡਕਰ ਨਗਰ ਵਿੱਚ ਸੀਵਰੇਜ ਦੀਆਂ ਬੰਦ ਪਈਆਂ ਲਾਈਨਾਂ ਦੀ ਸਫ਼ਾਈ ਅਤੇ ਡੀਸਿਲਟਿੰਗ ਕਰਵਾਉਣ ਦੇ ਨਾਲ-ਨਾਲ ਪੀਣ ਵਾਲੇ ਪਾਣੀ ਦੀਆਂ ਸਪਲਾਈ ਲਾਈਨਾਂ ਵਿਚਲੀ ਲੀਕੇਜ ਨੂੰ ਤੁਰੰਤ ਠੀਕ ਕੀਤਾ ਜਾਵੇ।
ਇਸ ਕਾਰਵਾਈ ਦੌਰਾਨ ਨਗਰ ਕੌਂਸਲ ਦੇ ਈ ਓ ਅਸ਼ਵਨੀ ਕੁਮਾਰ ਨੇ ਕਮਿਸ਼ਨ ਮੈਂਬਰ ਨੂੰ ਪੂਰਾ ਭਰੋਸਾ ਦਿਵਾਇਆ ਕਿ ਨਿਰਧਾਰਤ 15 ਦਿਨਾਂ ਦੇ ਸਮੇਂ ਅੰਦਰ ਇਹ ਸਾਰੇ ਲੋੜੀਂਦੇ ਕੰਮ ਮੁਕੰਮਲ ਕਰ ਲਏ ਜਾਣਗੇ। ਇਸ ਉੱਤੇ ਕਮਿਸ਼ਨ ਮੈਂਬਰ ਨੇ ਨਿਰਦੇਸ਼ ਦਿੱਤੇ ਕਿ ਕੰਮ ਮੁਕੰਮਲ ਹੋਣ ਉਪਰੰਤ ਸਬੰਧਤ ਵਿਭਾਗ ਵੱਲੋਂ ਕੀਤੇ ਗਏ ਕੰਮ ਦੀਆਂ ਤਸਵੀਰਾਂ ਸਮੇਤ ਇੱਕ ਵਿਸਥਾਰਤ ਰਿਪੋਰਟ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਪੇਸ਼ ਕੀਤੀ ਜਾਵੇ।

